ਬਜਟ ਵਿੱਚ ਏਜੰਸੀ ਦੇ ਗਠਨ ਦਾ ਪ੍ਰਸਤਾਵ
ਕੇਂਦਰੀ ਬਜਟ 2020: ਅੱਜ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਬਜਟ ਪੇਸ਼ ਕਰ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸ਼ਨਿੱਚਰਵਾਰ ਨੂੰ ਵਿੱਤੀ ਸਾਲ 2020-21 ਦਾ ਬਜਟ ਪੇਸ਼ ਕਰਦਿਆਂ ਸਰਕਾਰੀ ਨੌਕਰੀਆਂ ਲਈ ਰਾਸ਼ਟਰੀ ਭਰਤੀ ਏਜੰਸੀ ਬਣਾਉਣ ਦੀ ਤਜਵੀਜ਼ ਦਾ ਐਲਾਨ ਕੀਤਾ। ਇਸ ਰਾਹੀਂ ਗ਼ੈਰ-ਗਜ਼ਟਿਡ ਅਸਾਮੀਆਂ ਦੀ ਭਰਤੀ ਕੀਤੀ ਜਾਵੇਗੀ।
ਬਜਟ 2020 ਵਿੱਚ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਰਾਸ਼ਟਰੀ ਭਰਤੀ ਏਜੰਸੀ ਸਥਾਪਤ ਕਰਨ ਦੇ ਪ੍ਰਸਤਾਵ ਦਾ ਐਲਾਨ ਕੀਤਾ ਸੀ। ਇਹ ਕੰਪਿਊਟਰ ਆਧਾਰਤ ਆਨਲਾਈਨ ਪ੍ਰੀਖਿਆ ਰਾਹੀਂ ਭਰਤੀ ਕਰੇਗੀ। ਇਸ ਲਈ ਹਰ ਜ਼ਿਲ੍ਹੇ ਵਿੱਚ ਇੱਕ ਕੇਂਦਰ ਸਥਾਪਤ ਕੀਤਾ ਜਾਵੇਗਾ।
ਉਥੇ, ਸੀਤਾਰਮਨ ਨੇ 2020-21 ਲਈ ਬਜਟ ਪੇਸ਼ ਕਰਦਿਆਂ ਕਿਹਾ ਕਿ ਅਗਲੇ ਵਿੱਤੀ ਵਰ੍ਹੇ ਵਿੱਚ ਸਿੱਖਿਆ ਲਈ 99,300 ਕਰੋੜ ਰੁਪਏ ਅਤੇ ਹੁਨਰ ਵਿਕਾਸ ਲਈ 3,000 ਕਰੋੜ ਰੁਪਏ ਨਿਰਧਾਰਤ ਕੀਤੇ ਗਏ ਹਨ। ਵਿੱਤ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਬਾਹਰੀ ਵਪਾਰਕ ਉਧਾਰ ਅਤੇ ਵਿਦੇਸ਼ੀ ਸਿੱਧੇ ਨਿਵੇਸ਼ (ਐਫ.ਡੀ.ਆਈ.) ਨੂੰ ਆਕਰਸ਼ਿਤ ਕਰਨ ਲਈ ਕਦਮ ਚੁੱਕੇ ਜਾਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨ ਇੰਜੀਨੀਅਰਾਂ ਨੂੰ ਇੰਟਰਨਸ਼ਿਪ ਦਾ ਮੌਕਾ ਦੇਣ ਦੇ ਉਦੇਸ਼ ਨਾਲ ਸ਼ਹਿਰੀ ਸਥਾਨਕ ਸੰਸਥਾਵਾਂ ਲਈ ਇੱਕ ਪ੍ਰੋਗਰਾਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੀ ਹੈ। ਸੀਤਾਰਮਨ ਨੇ ਕਿਹਾ ਕਿ ਨੈਸ਼ਨਲ ਪੁਲਿਸ ਯੂਨੀਵਰਸਿਟੀ ਅਤੇ ਨੈਸ਼ਨਲ ਫੋਰੈਂਸਿਕ ਯੂਨੀਵਰਸਿਟੀ ਦਾ ਪ੍ਰਸਤਾਵ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ, ਚੋਟੀ ਦੇ 100 ਸੰਸਥਾਵਾਂ ਲਈ ਪੂਰੀ ਤਰ੍ਹਾਂ ਨਾਲ ਆਨ ਲਾਈਨ ਸਿੱਖਿਆ ਪ੍ਰੋਗਰਾਮ ਸ਼ੁਰੂ ਕਰਨ ਦੀਆਂ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ।