1984 ਦੇ ਸਿੱਖ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਰਾਹਤ ਨਾ ਦਿੰਦੇ ਹੋਏ ਕਿਹਾ ਕਿ ਇਸ ਉੱਤੇ ਜੁਲਾਈ ਵਿੱਚ ਵਿਚਾਰ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਸਾਲ 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਵੇਲੇ ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਹਿੰਸਾ ਭੜਕ ਉੱਠੀ ਸੀ। ਇਸ ਤੋਂ ਬਾਅਦ ਅਦਾਲਤ ਨੇ ਕਾਂਗਰਸ ਦੇ ਸਾਬਕਾ ਨੇਤਾ ਅਤੇ ਦਿੱਲੀ ਦੰਗਿਆਂ ਦੇ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ, ਦਿੱਲੀ ਹਾਈ ਕੋਰਟ ਦੇ ਇੱਕ ਡਬਲ ਬੈਂਚ ਨੇ ਸਿੱਖ ਵਿਰੋਧੀ ਦੰਗਿਆਂ ਦੇ ਇੱਕ ਮਾਮਲੇ ਵਿੱਚ ਹੇਠਲੀ ਅਦਾਲਤ ਦੇ ਆਦੇਸ਼ ਨੂੰ ਪਲਟ ਦਿੱਤਾ ਸੀ ਅਤੇ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਇਆ ਸੀ ਅਤੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਸੱਜਣ ਕੁਮਾਰ ਨੂੰ ਪੰਜ ਲੱਖ ਦਾ ਜੁਰਮਾਨਾ ਵੀ ਲਗਾਇਆ।
ਦੋਸ਼ੀ ਸੱਜਣ ਕੁਮਾਰ ਦਿੱਲੀ ਤੋਂ ਲੋਕ ਸਭਾ ਮੈਂਬਰ ਰਹੇ ਹਨ। ਉਸ 'ਤੇ ਕਤਲ, ਸਾਜਿਸ਼, ਦੰਗੇ ਭੜਕਾਉਣ ਅਤੇ ਭੜਕਾਉ ਬਿਆਨ ਦੇਣ ਦੇ ਦੋਸ਼ ਲਗਾਏ ਗਏ ਸਨ। ਇਹ ਸਾਰੇ ਦੋਸ਼ ਲਾਉਂਦਿਆਂ ਹਾਈ ਕੋਰਟ ਨੇ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ।
1984 anti-Sikh riots case: No relief for convict Sajjan Kumar as Supreme Court says his bail application will be considered in July. (file pic) pic.twitter.com/4E7zmF3dh9
— ANI (@ANI) May 13, 2020
ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਦਿੱਤੇ ਇਕ ਮਹੱਤਵਪੂਰਨ ਫ਼ੈਸਲੇ ਵਿੱਚ ਹੇਠਲੀ ਅਦਾਲਤ ਦੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਸੱਜਣ ਕੁਮਾਰ ਨੂੰ ਦੋਸ਼ਾਂ ਤੋਂ ਬਰੀ ਕਰ ਦਿੱਤਾ ਗਿਆ ਸੀ। ਜਸਟਿਸ ਐਸ. ਮੁਰਲੀਧਰ ਅਤੇ ਜਸਟਿਸ ਵਿਨੋਦ ਗੋਇਲ ਦੇ ਬੈਂਚ ਨੇ ਸੱਜਣ ਕੁਮਾਰ ਨੂੰ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਜ਼ਾ ਸੁਣਾਈ ਸੀ।
ਸੱਜਣ ਕੁਮਾਰ ਨੂੰ ਜਿਸ ਕੇਸ ਵਿੱਚ ਹਾਈ ਕੋਰਟ ਨੇ ਦੋਸ਼ੀ ਠਹਿਰਾਇਆ ਸੀ, ਉਹ ਦੋ ਨਵੰਬਰ, 1984 ਨੂੰ ਦਿੱਲੀ ਛਾਉਣੀ ਦੇ ਰਾਜ ਨਗਰ ਭਾਗ -1 ਇਲਾਕੇ ਵਿੱਚ ਪੰਜ ਸਿੱਖਾਂ ਦੇ ਕਤਲ ਅਤੇ ਰਾਜ ਨਗਰ ਭਾਗ -2 ਵਿੱਚ ਇਕ ਗੁਰਦੁਆਰੇ ਨੂੰ ਸਾੜਨ ਨਾਲ ਸਬੰਧਤ ਹੈ।
ਦੱਸਣਯੋਗ ਹੈ ਕਿ 31 ਅਕਤੂਬਰ 1984 ਨੂੰ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਦੋ ਸਿੱਖ ਗਾਰਡਾਂ ਵੱਲੋਂ ਕੀਤੀ ਗਈ ਹੱਤਿਆ ਤੋਂ ਬਾਅਦ ਸਿੱਖ ਵਿਰੋਧੀ ਦੰਗੇ ਭੜਕ ਗਏ ਸਨ।
......