ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਉਤਰਾਖੰਡ ਦੇ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ, ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਸਣੇ ਕਈ ਹੋਰ ਨੇਤਾ ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦੀ ਸਿਹਤ ਬਾਰੇ ਪੁੱਛਣ ਲਈ ਸੋਮਵਾਰ ਨੂੰ ਏਮਜ਼ ਪਹੁੰਚੇ। ਭਾਜਪਾ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੀ ਏਮਜ਼ ਪਹੁੰਚੇ ਅਤੇ ਜੇਤਲੀ ਦੀ ਸਿਹਤ ਬਾਰੇ ਜਾਣਕਾਰੀ ਲਈ।
66 ਸਾਲਾ ਜੇਤਲੀ ਨੂੰ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਲਾਈਫ ਸਪੋਰਟ ਸਿਸਟਮ ਉੱਤੇ ਰੱਖਿਆ ਗਿਆ ਹੈ। ਉਨ੍ਹਾਂ ਨੂੰ ਸਾਹ ਲੈਣ ਵਿੱਚ ਪ੍ਰੇਸ਼ਾਨੀ ਅਤੇ ਬੇਚੈਨੀ ਤੋਂ ਬਾਅਦ 9 ਅਗਸਤ ਨੂੰ ਏਮਜ਼ ਦਿੱਲੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਹਾਲਾਂਕਿ ਏਮਜ਼ ਨੇ ਉਨ੍ਹਾਂ ਦੀ ਸਿਹਤ ਬਾਰੇ 10 ਅਗਸਤ ਤੋਂ ਕੋਈ ਡਾਕਟਰੀ ਬੁਲੇਟਿਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਦੀ ਸਿਹਤ ਬਾਰੇ ਜਾਣਨ ਲਈ ਕਈ ਪ੍ਰਮੁੱਖ ਨੇਤਾਵਾਂ ਨੇ ਹਾਲ ਹੀ ਵਿੱਚ ਹਸਪਤਾਲ ਦਾ ਦੌਰਾ ਕੀਤਾ।
ਏਮਜ਼ ਸੂਤਰਾਂ ਨੇ ਐਤਵਾਰ ਨੂੰ ਦੱਸਿਆ ਹੈ ਕਿ ਅਰੁਣ ਜੇਤਲੀ ਨੂੰ ਏਮਜ਼ ਦੇ ਕਾਰਡਿਓ ਨਿਊਰੋ ਸੈਂਟਰ ਵਿੱਚ ਭਰਤੀ ਕੀਤਾ ਗਿਆ ਹੈ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ। ਜੇਤਲੀ ਦੇ ਹਾਲ ਜਾਣਨ ਲਈ ਅੱਜ ਅਡਵਾਨੀ, ਉਨ੍ਹਾਂ ਦੀ ਬੇਟੀ ਪ੍ਰਤਿਭਾ ਅਡਵਾਨੀ ਵੀ ਏਮਜ਼ ਪਹੁੰਚੇ। ਸਾਬਕਾ ਵਿੱਤ ਮੰਤਰੀ ਅਰੁਣ ਜੇਤਲੀ ਦਾ ਹਾਲਤ ਜਾਣਨ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਏਮਜ਼ ਗਏ ਸਨ।
ਦੱਸਣਯੋਗ ਹੈ ਕਿ ਐਤਵਾਰ ਨੂੰ ਸਾਬਕਾ ਵਿੱਤ ਮੰਤਰੀ ਦੀ ਸਿਹਤ ਬਾਰੇ ਜਾਣਕਾਰੀ ਲੈਣ ਲਈ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ, ਕੇਂਦਰੀ ਸਿਹਤ ਰਾਜ ਮੰਤਰੀ ਅਸ਼ਵਨੀ ਚੌਬੇ, ਭਾਜਪਾ ਸੰਸਦ ਮੈਂਬਰ ਰਾਜਵਰਧਨ ਸਿੰਘ ਰਾਠੌਰ ਅਤੇ ਰਾਸ਼ਟਰੀ ਸਵੈਮ ਸੇਵਕ ਸੰਘ (ਆਰਐਸਐਸ) ਦੇ ਸਰਸੰਘਚਾਲਕ ਮੋਹਨ ਭਾਗਵਤ, ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ, ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਕਲਰਾਜ ਮਿਸ਼ਰਾ, ਆਰਐਸਐਸ ਦੇ ਸੰਯੁਕਤ ਜਨਰਲ ਸਕੱਤਰ ਡਾ ਕ੍ਰਿਸ਼ਨਾ ਗੋਪਾਲ ਅਤੇ ਸਾਬਕਾ ਸਮਾਜਵਾਦੀ ਪਾਰਟੀ ਦੇ ਸਾਬਕਾ ਨੇਤਾ ਅਮਰ ਸਿੰਘ ਸ਼ਾਮਲ ਹਨ।