ਮੋਦੀ ਸਰਕਾਰ ਨੇ ਦੇਸ਼-ਦੁਨੀਆ ਚ ਵੱਸਦੇ ਸਿੱਖ ਭਾਈਚਾਰੇ ਨੂੰ ਵੱਡੀ ਸੌਗਾਤ ਦਿੰਦਿਆਂ ਅੱਜ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੇ ਨਾਲ ਹੀ ਕਈ ਵੱਡੇ ਐਲਾਨ ਕੀਤੇ ਹਨ। ਕੈਬਨਿਟ ਦੀ ਮੀਟਿੰਗ ਮਗਰੋਂ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਅਖੀਰਲੇ ਸਾਲ ਕਰਤਾਰਪੁਰ ਚ ਹੀ ਬਿਤਾਏ। ਇਹ ਥਾਂ ਭਾਰਤ ਦੀ ਸਰਹੱਦ ਤੋਂ ਕੁਝ ਕਿਲੋਮੀਟਰ ਦੂਰ ਪਾਕਿਸਤਾਨ ਚ ਹੈ, ਜਿੱਥੇ ਸ਼ਰਧਾਲੂ ਆਉਂਦੇ ਹਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਡੇਰਾ ਬਾਬਾ ਨਾਨਕ ਜੋ ਗੁਰਦਾਸਪੁਰ ਵਿਚ ਹੈ, ਉੱਥੋਂ ਲੈ ਕੇ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਵਿਕਾਸ ਸਾਡੀ ਸਰਕਾਰ ਵੱਲੋਂ ਕੀਤਾ ਜਾਵੇਗਾ।
ਜੇਤਲੀ ਨੇ ਕਿਹਾ ਕਿ ਕੇਂਦਰੀ ਮੰਤਰੀ ਰਾਜਨਾਥ ਸਿੰਘ ਦੀ ਅਗਵਾਈ ਚ ਕੇਂਦਰ ਸਰਕਾਰ ਨੇ ਗੁਰੂ ਨਾਨਕ ਦੇਵ ਜੀ ਦੀ 550ਵੇਂ ਪ੍ਰਕਾਸ਼ ਦਿਹਾੜੇ ਦਾ ਜਸ਼ਨ ਮਨਾਉਣ ਦਾ ਫੈਸਲਾ ਕੀਤਾ ਹੈ। ਸਾਲ 2019 ਚ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰ਼ਕਾਸ਼ ਦਿਹਾੜਾ ਹੈ। ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਡੇਰਾ ਬਾਬਾ ਨਾਨਕ ਤੋਂ ਕੌਮਾਂਤਰੀ ਸਰਹੱਦ ਤਕ ਲਾਂਘੇ ਦਾ ਨਿਰਮਾਣ ਕੀਤਾ ਜਾਵੇਗਾ, ਜਿਸਦੀ ਪੂਰੀ ਫੰਡਿੰਗ ਮੋਦੀ ਸਰਕਾਰ ਕਰੇਗੀ।
ਜੇਤਲੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਨੂੰ ਵਿਰਾਸਤ ਨਗਰ ਦੇ ਰੂਪ ਵਿਚ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰੇਲਵੇ ਮੰਤਰਾਲਾ ਗੁਰੂ ਨਾਨਕ ਦੇਵ ਜੀ ਨਾਲ ਜੁੜੇ ਪਵਿੱਤਰ ਸਥਾਨਾਂ ਤੋਂ ਲੰਘਣ ਵਾਲੀਆਂ ਰੇਲਾਂ ਵੀ ਚਲਾਵੇਗਾ। ਭਾਰਤ ਸਰਕਾਰ ਨੇ ਪਾਕਿਸਤਾਨ ਨੂੰ ਵੀ ਆਪਣੇ ਹਿੱਸੇ ਵੱਲ ਦੇ ਲਾਂਘੇ ਦਾ ਨਿਰਮਾਣ ਦੀ ਅਪੀਲ ਕੀਤੀ ਹੈ।
India has approached and urged the Pakistan government to recognize the sentiments of Sikh community and build a corridor with suitable facilities in their territory to facilitate easy & smooth visits of pilgrims from India to Kartarpur Sahib throughout the year. pic.twitter.com/1oq0TWx7bD
— ANI (@ANI) November 22, 2018
ਦੱਸਣਯੋਗ ਹੈ ਕਿ ਕਰਤਾਰਪੁਰ ਲਾਂਘਾ ਖੁੱਲ੍ਹਵਾਉਣ ਦਾ ਮੁੱਦਾ ਉਸ ਸਮੇਂ ਕਾਫੀ ਸੁਰਖੀਆਂ ਵਿਚ ਰਿਹਾ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਵਿਚ ਸ਼ਿਰਕਤ ਕੀਤੀ ਸੀ। ਇਹ ਮੰਨਿਆ ਜਾ ਰਿਹਾ ਸੀ ਕਿ ਪਾਕਿਸਤਾਨ ਸਰਕਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਲਾਂਘਾ ਖੋਲ੍ਹਣ ਲਈ ਤਿਆਰ ਹੋ ਜਾਵੇਗੀ। ਜਿਸ ਸਬੰਧੀ ਪਾਕਿਸਤਾਨ ਵੱਲੋਂ ਵੀ ਤਿਆਰੀਆਂ ਸ਼ੁਰੂ ਕਰ ਲਈਆਂ ਗਈਆਂ ਹਨ। ਛੇਤੀ ਹੀ ਪਾਕਿਸਤਾਨ ਦੀ ਸਰਕਾਰ ਇਸ ਮੁੱਦੇ ਨੂੰ ਲੈ ਕੇ ਕੋਈ ਵੱਡਾ ਐਲਾਨ ਕਰ ਸਕਦੀ ਹੈ।