ਜਾਨਲੇਵਾ ਕੋਰੋਨਾ ਵਾਇਰਸ ਦੇ ਕਹਿਰ ਵਿਚਕਾਰ ਬੁੱਧਵਾਰ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਰਾਸ਼ਨ ਨੂੰ ਲੈ ਕੇ ਇੱਕ ਵੱਡਾ ਐਲਾਨ ਕੀਤਾ ਹੈ। ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਦੇਸ਼ ਦੇ 80 ਕਰੋੜ ਲੋਕਾਂ ਨੂੰ 2 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਕਣਕ ਅਤੇ 37 ਰੁਪਏ ਪ੍ਰਤੀ ਕਿਲੋ 'ਚ ਮਿਲਣ ਵਾਲਾ ਚੌਲ 3 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਤਿੰਨ ਮਹੀਨਿਆਂ ਦਾ ਰਾਸ਼ਨ ਐਡਵਾਂਸ ਦਿੱਤਾ ਜਾਵੇਗਾ।
ਕੋਰੋਨਾ ਵਾਇਰਸ ਬਾਰੇ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ ਕੋਰੋਨਾ ਦੀ ਲਾਗ ਤੋਂ ਬਚਣ ਲਈ ਸਮਾਜਿਕ ਦੂਰੀ ਬਣਾਈ ਰੱਖੋ। ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਵੱਲ ਧਿਆਨ ਨਾ ਦਿਓ ਅਤੇ ਸਿਹਤ ਮੰਤਰਾਲੇ ਦੀ ਵੈਬਸਾਈਟ 'ਤੇ ਸਾਰੀ ਜਾਣਕਾਰੀ ਲੈਂਦੇ ਰਹੋ। ਉਨ੍ਹਾਂ ਕਿਹਾ ਕਿ ਕਿਸੇ ਵੀ ਪੱਤਰਕਾਰ ਜਾਂ ਡਾਕਟਰ ਨੂੰ ਪ੍ਰੇਸ਼ਾਨ ਨਹੀਂ ਕੀਤਾ ਜਾਣਾ ਚਾਹੀਦਾ। ਉਹ ਇਸ ਸਮੇਂ ਸੇਵਾ ਦਾ ਕੰਮ ਕਰ ਰਿਹਾ ਹੈ।
ਦੱਸ ਦੇਈਏ ਕਿ ਮੰਗਲਵਾਰ ਰਾਤ 8 ਵਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸੰਬੋਧਨ 'ਚ 21 ਦਿਨਾਂ ਲਈ ਲਾਕਡਾਊਨ ਦਾ ਆਦੇਸ਼ ਜਾਰੀ ਕੀਤਾ ਸੀ। ਗ੍ਰਹਿ ਮੰਤਰਾਲੇ ਦੇ ਅਨੁਸਾਰ ਲਾਕਡਾਊਨ ਦੇ ਨਿਯਮਾਂ ਨੂੰ ਤੋੜਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕੁਝ ਮਾਮਲਿਆਂ ਵਿੱਚ 1 ਤੋਂ 2 ਸਾਲ ਦੀ ਕੈਦ ਤੋਂ ਇਲਾਵਾ ਜ਼ੁਰਮਾਨੇ ਦੀ ਵਿਵਸਥਾ ਹੋਵੇਗੀ।