ਸੋਮਵਾਰ ਨੂੰ ਦਿੱਲੀ ਲਈ ਪ੍ਰਕਾਸ਼ਤ ਕੀਤੀ ਗਈ ਅੰਤਮ ਵੋਟਰ ਸੂਚੀ ਦੇ ਅਨੁਸਾਰ, ਦਿੱਲੀ ਚੋਣਾਂ ਵਿੱਚ ਕੁੱਲ 1.46 ਕਰੋੜ ਵੋਟਰ ਆਪਣੇ ਵੋਟ ਦਾ ਇਸਤੇਮਾਲ ਕਰ ਸਕਣਗੇ।
ਮੁੱਖ ਚੋਣ ਅਧਿਕਾਰੀ (ਸੀ.ਈ.ਓ.), ਦਿੱਲੀ, ਰਣਬੀਰ ਸਿੰਘ ਨੇ ਦੱਸਿਆ ਕਿ ਵੋਟਰ ਸੂਚੀ ਦੀ ਆਖ਼ਰੀ ਪ੍ਰਕਾਸ਼ਨ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਦਿੱਲੀ ਵਿੱਚ ਕੁਲ 1,46,92,136 ਵੋਟਰ ਹਨ, ਜਿਨ੍ਹਾਂ ਵਿੱਚੋਂ 80.55 ਲੱਖ ਮਰਦ ਅਤੇ 66.35 ਲੱਖ ਔਰਤਾਂ ਹਨ।
ਹਾਲਾਂਕਿ, ਉਨ੍ਹਾਂ ਨੇ ਕਿਹਾ ਕਿ ਲੋਕ ਆਪਣੇ ਆਪ ਨੂੰ ਦਿੱਲੀ ਵਿੱਚ ਵੋਟਰ ਵਜੋਂ ਰਜਿਸਟਰ ਕਰਨ ਲਈ ਬਿਨੈ ਕਰ ਸਕਦੇ ਹਨ।
ਦੱਸ ਦੇਈਏ ਕਿ ਚੋਣ ਕਮਿਸ਼ਨ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ 8 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਲਈ ਵੋਟਾਂ ਪਾਈਆਂ ਜਾਣਗੀਆਂ। ਇਸ ਦੇ ਨਾਲ ਹੀ ਨਤੀਜੇ 11 ਫਰਵਰੀ ਨੂੰ ਐਲਾਨੇ ਜਾਣਗੇ।
ਮੁੱਖ ਚੋਣ ਕਮਿਸ਼ਨਰ ਅਰੋੜਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਦਿੱਲੀ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਆਖ਼ਰੀ ਤਰੀਕ 21 ਜਨਵਰੀ ਹੈ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਜਨਵਰੀ ਨੂੰ ਹੋਵੇਗੀ।
ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖ਼ਰੀ ਤਰੀਕ 24 ਜਨਵਰੀ ਹੈ। ਦਿੱਲੀ ਵਿੱਚ ਵਿਧਾਨ ਸਭਾ ਦੀਆਂ 70 ਸੀਟਾਂ ਹਨ ਜਿਨ੍ਹਾਂ ਵਿੱਚੋਂ 58 ਆਮ ਸ਼੍ਰੇਣੀ ਦੀਆਂ ਹਨ ਜਦੋਂਕਿ 12 ਸੀਟਾਂ ਅਨੁਸੂਚਿਤ ਜਾਤੀਆਂ ਲਈ ਰਾਖਵੇਂ ਹਨ।