ਮਹਿੰਦਰ ਸਿੰਘ ਧੋਨੀ ਕ੍ਰਿਕੇਟ ਤੋਂ ਸੰਨਿਆਸ ਲੈਣ ਤੋਂ ਬਾਅਦ ਭਾਰਤੀ ਜਨਤਾ ਪਾਰਟੀ (ਭਾਜਪਾ) ’ਚ ਸ਼ਾਮਲ ਹੋ ਸਕਦੇ ਹਨ। ਇਹ ਦਾਅਵਾ ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਸੰਜੇ ਪਾਸਵਾਨ ਨੇ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਇਸ ਬਾਰੇ ਸ੍ਰੀ ਧੋਨੀ ਨਾਲ ਗੱਲਬਾਤ ਚੱਲ ਰਹੀ ਹੈ।
ਸ੍ਰੀ ਪਾਸਵਾਨ ਦਾ ਇਹ ਵੀ ਕਹਿਣਾ ਹੈ ਕਿ ਇਹ ਗੱਲਬਾਤ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਹੀ ਹੈ। ਉਂਝ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜਦੋਂ ਵੀ ਧੋਨੀ ਕ੍ਰਿਕੇਟ ਤੋਂ ਸੰਨਿਆਸ ਲੈਣਗੇ, ਉਹ ਉਦੋਂ ਹੀ ਭਾਜਪਾ ਵਿੱਚ ਸ਼ਾਮਲ ਹੋਣਗੇ।
ਸ੍ਰੀ ਪਾਸਵਾਨ ਨੇ ਕਿਹਾ ਕਿ ਧੋਨੀ ਉਨ੍ਹਾਂ ਦੇ ਖਿਡਾਰੀ ਹਨ, ਵਿਸ਼ਵ ਪੱਧਰ ਦੇ ਖਿਡਾਰੀ ਹਨ। ਉਨ੍ਹਾਂ ਨਾਲ ਭਾਜਪਾ ’ਚ ਆਉਣ ਬਾਰੇ ਗੱਲਬਾਤ ਹੋਈ ਹੈ।
ਸੰਜੇ ਪਾਸਵਾਨ ਪਹਿਲਾਂ ਸ੍ਰੀ ਅਟਲ ਬਿਹਾਰੀ ਵਾਜਪੇਈ ਦੀ ਅਗਵਾਈ ਹੇਠਲੀ ਸਰਕਾਰ ਵੇਲੇ ਮਨੁੱਖੀ ਸਰੋਤ ਵਿਕਾਸ ਰਾਜ ਮੰਤਰੀ ਰਹਿ ਚੁੱਕੇ ਹਨ।
ਇੱਥੇ ਵਰਨਣਯੋਗ ਹੈ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦੇ ‘ਸੰਪਰਕ ਫ਼ਾਰ ਸਮੱਰਥਨ’ ਮੁਹਿੰਮ ਦੌਰਾਨ ਮਹਿੰਦਰ ਸਿੰਘ ਧੋਨੀ ਨਾਲ ਮੁਲਾਕਾਤ ਕੀਤੀ ਸੀ। ਉਦੋਂ ਵੀ ਅਜਿਹੀਆਂ ਕਿਆਸਅਰਾਈਆਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ ਕਿ ਧੋਨੀ ਭਾਜਪਾ ’ਚ ਸ਼ਾਮਲ ਹੋ ਸਕਦੇ ਹਨ।
ਝਾਰਖੰਡ ਤੋਂ ਭਾਜਪਾ ਦੇ ਇੱਕ ਹੋਰ ਆਗੂ ਨੇ ਆਪਣਾ ਨਾਂਅ ਗੁਪਤ ਰੱਖੇ ਜਾਣ ਦੀ ਸ਼ਰਤ ’ਤੇ ਦੱਸਿਆ ਕਿ ਧੋਨੀ ਦੇ ਪਹਿਲਾਂ ਤੋਂ ਹੀ ਭਾਜਪਾ ਦੇ ਕਈ ਆਗੂਆਂ ਨਾਲ ਵਿਅਕਤੀਗਤ ਸਬੰਧ ਹਨ। ਜੇ ਉਹ ਭਾਜਪਾ ’ਚ ਸ਼ਾਮਲ ਹੁੰਦੇ ਹਨ, ਤਾਂ ਕੋਈ ਵੱਡੀ ਗੱਲ ਨਹੀਂ ਹੈ।