ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਦਾ ਐਤਵਾਰ ਨੂੰ ਦਿੱਲੀ ਦੇ ਨਿਗਮ ਬੋਧ ਘਾਟ ਵਿਖੇ ਰਾਜਸੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਉਨ੍ਹਾਂ ਨੂੰ ਭਾਜਪਾ ਦਫ਼ਤਰ ਤੋਂ ਤਿਰੰਗੇ ਨਾਲ ਲਪੇਟ ਕੇ ਆਖਰੀ ਯਾਤਰਾ ਲਈ ਕੱਢਿਆ ਗਿਆ ਸੀ। ਇਸ ਤੋਂ ਪਹਿਲਾਂ ਅਰੁਣ ਜੇਤਲੀ ਦੀ ਮ੍ਰਿਤਕ ਦੇਹ ਨੂੰ ਲੋਕਾਂ ਦੇ ਅੰਤਮ ਦਰਸ਼ਨ ਲਈ ਰਾਸ਼ਟਰੀ ਰਾਜਧਾਨੀ ਸਥਿਤ ਉਨ੍ਹਾਂ ਦੀ ਰਿਹਾਇਸ਼ ਕੈਲਾਸ਼ ਕਲੋਨੀ ਤੋਂ ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫ਼ਤਰ ਲਿਆਂਦਾ ਗਿਆ।
ਜੇਤਲੀ ਦੀ ਮ੍ਰਿਤਕ ਦੇਹ ਨੂੰ ਫੁੱਲਾਂ ਨਾਲ ਸਜਾਏ ਇੱਕ ਫੌਜ ਦੀ ਗੱਡੀ ਵਿੱਚ ਭਾਜਪਾ ਹੈੱਡਕੁਆਰਟਰ ਲਿਆਂਦਾ ਗਿਆ। ਸਾਬਕਾ ਵਿੱਤ ਮੰਤਰੀ ਦਾ ਸ਼ਨੀਵਾਰ ਨੂੰ ਏਮਜ਼, ਦਿੱਲੀ ਵਿਚ ਲੰਮੀ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ।
ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਚੇਅਰਮੈਨ ਜੇ ਪੀ ਨੱਡਾ, ਰੇਲ ਮੰਤਰੀ ਪਿਯੂਸ਼ ਗੋਇਲ, ਜੇਤਲੀ ਦੀ ਪਤਨੀ ਅਤੇ ਬੇਟੀ ਤੇ ਹੋਰ ਆਗੂ ਪਾਰਟੀ ਹੈੱਡਕੁਆਰਟਰ ਵਿਖੇ ਮੌਜੂਦ ਸਨ।
ਇਸ ਤੋਂ ਪਹਿਲਾਂ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੇ ਮੁਖੀ ਸ਼ਰਦ ਪਵਾਰ, ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਸਾਬਕਾ ਮੰਤਰੀ ਪ੍ਰਫੁੱਲ ਪਟੇਲ, ਸਫਾਰਤ ਖਾਨਿਆਂ ਦੇ ਅਧਿਕਾਰੀਆਂ ਅਤੇ ਕਈ ਹੋਰ ਨੇਤਾਵਾਂ ਨੇ ਕੈਲਾਸ਼ ਕਲੋਨੀ ਵਿਖੇ ਜੇਤਲੀ ਨੂੰ ਸ਼ਰਧਾਂਜਲੀ ਦਿੱਤੀ। ਜੇਤਲੀ ਨੂੰ ਸ਼ਰਧਾਂਜਲੀ ਦੇਣ ਲਈ ਕੱਲ੍ਹ ਤੋਂ ਹੀ ਲੋਕਾਂ ਦੀ ਭਾਰੀ ਭੀੜ ਮੌਜੂਦ ਸੀ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰੱਖਿਆ ਮੰਤਰੀ ਰਾਜਨਾਥ ਸਿੰਘ, ਭਾਜਪਾ ਪ੍ਰਧਾਨ ਅਮਿਤ ਸ਼ਾਹ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਹੋਰ ਪਾਰਟੀਆਂ ਦੇ ਨੇਤਾਵਾਂ ਨੇ ਸ਼ਨੀਵਾਰ ਨੂੰ ਜੇਤਲੀ ਦੇ ਘਰ ਜਾ ਕੇ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਇਨ੍ਹਾਂ ਦਿਨਾਂ ਵਿਦੇਸ਼ ਯਾਤਰਾ ਕਰ ਰਹੇ ਹਨ।

.