ਕੋਰੋਨਾ ਵਾਇਰਸ ਕਾਰਨ ਦੇਸ਼ ਵਿੱਚ 21 ਦਿਨਾਂ ਦੇ ਤਾਲਾਬੰਦੀ ਵਿਚਕਾਰ ਕੇਂਦਰ ਸਰਕਾਰ ਨੇ ਸਾਰੀਆਂ ਜ਼ਰੂਰੀ ਅਤੇ ਗੈਰ-ਜ਼ਰੂਰੀ ਚੀਜ਼ਾਂ ਢੋਹਾ ਢੁਹਾਈ ਦੀ ਆਗਿਆ ਦੇ ਦਿੱਤੀ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਐਤਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਲੌਕਡਾਊਨ ਸਮੇਂ ਦੌਰਾਨ ਜ਼ਰੂਰੀ ਅਤੇ ਗ਼ੈਰ-ਜ਼ਰੂਰੀ ਚੀਜ਼ਾਂ ਵਿੱਚ ਫਰਕ ਕੀਤੇ ਬਿਨਾਂ ਸਾਰੇ ਮਾਲ ਦੀ ਆਵਾਜਾਈ ਦੀ ਆਗਿਆ ਦੇਣ ਲਈ ਕਿਹਾ ਹੈ।
ਨਿਊਜ਼ ਏਜੰਸੀ ਪੀਟੀਆਈ ਦੇ ਅਨੁਸਾਰ, ਗ੍ਰਹਿ ਸਕੱਤਰ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਇਸ ਛੋਟ ਵਿੱਚ ਪ੍ਰਿੰਟ ਮੀਡੀਆ ਨੂੰ ਨਿਊਜ਼ ਪੇਪਰਾਂ ਦੀ ਪਹੁੰਚ ਵੀ ਸ਼ਾਮਲ ਹੈ।
ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿੱਚ ਭੱਲਾ ਨੇ ਕਿਹਾ ਕਿ ਤਾਲਾਬੰਦੀ ਸਮੇਂ ਦੌਰਾਨ ਦੁੱਧ ਇਕੱਠਾ ਕਰਨ ਅਤੇ ਪੈਕਿੰਗ ਸਮੱਗਰੀ ਸਮੇਤ ਵੰਡ ਨਾਲ ਜੁੜੀਆਂ ਸਾਰੀਆਂ ਚੇਨਾਂ ਨੂੰ ਵੀ ਆਗਿਆ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰਿਆਨੇ, ਹੱਥ ਧੋਣ ਨਾਲ ਸਬੰਧਤ ਵਸਤਾਂ, ਓਰਲ ਕੇਅਰ ਆਈਟਮਾਂ, ਬੈਟਰੀ ਵਿਕਰੀ ਅਤੇ ਚਾਰਜਰ 'ਤੇ ਵੀ ਛੋਟ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਿਹਤ ਮੰਤਰਾਲੇ ਵੱਲੋਂ ਭਾਰਤ ਵਿੱਚ ਕੋਰੋਨਾ ਵਾਇਰਸ ਸੰਬੰਧੀ ਜਾਰੀ ਕੀਤੇ ਗਏ ਤਾਜ਼ਾ ਅੰਕੜਿਆਂ ਅਨੁਸਾਰ ਦੇਸ਼ ਵਿੱਚ ਹੁਣ ਤੱਕ ਕੋਵਿਡ -19 ਦੇ 1030 ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ 28 ਮੌਤਾਂ ਵੀ ਸ਼ਾਮਲ ਹਨ।
ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਕਿਹਾ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 106 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਅਤੇ 6 ਮੌਤਾਂ ਦੀ ਪੁਸ਼ਟੀ ਹੋਈ ਹੈ। ਸਿਹਤ ਮੰਤਰਾਲੇ ਨੇ ਆਪਣੇ ਬਿਆਨ ਵਿੱਚ ਕਿਹਾ ਹੈ ਕਿ ਅਸੀਂ ਉਨ੍ਹਾਂ ਥਾਵਾਂ ਦੀ ਪਛਾਣ ਕਰ ਰਹੇ ਹਾਂ ਜਿਥੇ ਕੇਸਾਂ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।