ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਸਿਨਮਾ ਘਰਾਂ 'ਚ ਵੀ ਫਿਲਮ 'ਸ਼ੂਟਰ' ਨਜ਼ਰ ਨਹੀਂ ਆਵੇਗੀ। ਹਰਿਆਣਾ ਦੇ ਗ੍ਰਹਿ ਵਿਭਾਗ ਨੇ ਸੂਬੇ ਦੇ ਸਾਰੇ ਡੀਸੀ ਨੂੰ ਇਸ ਬਾਰੇ ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਤੋਂ ਬਾਅਦ ਹਿਸਾਰ ਦੀ ਡੀਸੀ ਪ੍ਰਿਅੰਕਾ ਸੋਨੀ ਨੇ ਵੀ ਐਸ.ਪੀ. ਅਤੇ ਜ਼ਿਲ੍ਹੇ ਦੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਹਿਸਾਰ ਦੇ ਕਿਸੇ ਸਿਨੇਮਾ ਘਰ 'ਚ 'ਸ਼ੂਟਰ' ਫਿਲਮ ਨਾ ਵਿਖਾਈ ਜਾਵੇ।
ਦੱਸ ਦੇਈਏ ਕਿ ਬੀਤੀ 9 ਫ਼ਰਵਰੀ ਨੂੰ ਪੰਜਾਬ ਸਰਾਕਰ ਨੇ ਇਸ ਵਿਵਾਦਤ ਫਿਲਮ ਉੱਤੇ ਪਾਬੰਦੀ ਲਗਾ ਦਿੱਤੀ ਸੀ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਫਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ 'ਤੇ ਆਧਾਰਿਤ ਹੈ। ਕਾਹਲਵਾਂ 'ਤੇ ਤਿੰਨ ਦਰਜਨ ਤੋਂ ਜ਼ਿਆਦਾ ਅਪਰਾਧਿਕ ਮਾਮਲੇ ਦਰਜ ਸਨ। ਫਿਲਮ 'ਚ ਹਿੰਸਾ ਨਾਲ ਹੀ ਗਨ ਕਲਚਰ ਨੂੰ ਉਤਸ਼ਾਹਿਤ ਕੀਤਾ ਗਿਆ ਹੈ। ਇਹ ਫਿਲਮ ਬੀਤੇ ਦਿਨੀਂ 21 ਫਰਵਰੀ ਨੂੰ ਰਿਲੀਜ਼ ਹੋਣੀ ਸੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗੈਂਗਸਟਰ ਸੁੱਖਾ ਕਾਹਲਵਾਂ ਦੇ ਜੀਵਨ ਅਤੇ ਅਪਰਾਧਾਂ ‘ਤੇ ਆਧਾਰਤ ਫਿਲਮ ‘ਸ਼ੂਟਰ’ ’ਤੇ ਰੋਕ ਲਗਾਉਣ ਦੇ ਆਦੇਸ਼ ਤੋਂ ਕੁਝ ਘੰਟਿਆਂ ਬਾਅਦ, ਪੰਜਾਬ ਪੁਲਿਸ ਨੇ 9 ਫਰਵਰੀ ਦੀ ਦੁਪਹਿਰ ਨੂੰ ਨਿਰਮਾਤਾ/ਪ੍ਰਮੋਟਰ ਕੇ.ਵੀ. ਸਿੰਘ ਢਿੱਲੋਂ ਅਤੇ ਹੋਰਾਂ ਵਿਰੁੱਧ ਹਿੰਸਾ, ਘਿਨਾਉਣੇ ਅਪਰਾਧਾਂ, ਗੈਂਗਸਟਰ ਕਲਚਰ, ਨਸ਼ਾ, ਫਿਰੌਤੀ, ਲੁੱਟ, ਧਮਕੀਆਂ ਅਤੇ ਅਜਿਹੇ ਹੋਰ ਅਪਰਾਧਾਂ ਨੂੰ ਕਥਿਤ ਤੌਰ 'ਤੇ ਉਤਸਾਹਤ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਸੀ।
ਕਾਬਲੇਗੌਰ ਹੈ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਿਵਲ ਰਿੱਟ ਪਟੀਸਨ 6213/2016 ਵਿੱਚ ਪੰਜਾਬ, ਹਰਿਆਣਾ ਤੇ ਯੂਟੀ ਚੰਡੀਗੜ੍ਹ ਦੇ ਡੀਜੀਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕੋਈ ਅਜਿਹਾ ਗਾਣਾ ਕਿਸੇ ਲਾਈਵ ਸੋਅ ਦੌਰਾਨ ਚੱਲਣ ਨਾ ਦਿੱਤਾ ਜਾਵੇ ਜੋ ਸ਼ਰਾਬ, ਨਸ਼ੇ ਅਤੇ ਹਿੰਸਾ ਦਾ ਮਹਿਮਾ ਕਰਦਾ ਹੋਵੇ। ਅਦਾਲਤ ਨੇ ਅੱਗੇ ਹਰ ਜ਼ਿਲ੍ਹੇ ਦੇ ਜ਼ਿਲ੍ਹਾ ਮੈਜਿਸਟ੍ਰੇਟ/ਐਸਐਸਪੀ ਨੂੰ ਨਿਰਦੇਸ਼ ਦਿੱਤੇ ਸਨ ਕਿ ਇਨ੍ਹਾਂ ਹੁਕਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਉਨ੍ਹਾਂ ਦੀ ਨਿੱਜੀ ਜਿੰਮੇਵਾਰੀ ਹੈ।