ਲੋਕ ਸਭਾ ਚੋਣਾਂ ਵਿਚ ਕਾਂਗਰਸ ਦੀ ਹਾਰ ਬਾਅਦ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਦੀ ਪੇਸ਼ਕਸ਼ ਕਰਨ ਵਾਲੇ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਦੀ ਮੀਟਿੰਗ ਵਿਚ ਇਕ ਵਾਰ ਫਿਰ ਪਾਰਟੀ ਪ੍ਰਮੁੱਖ ਨਾ ਰਹਿਣ ਦੀ ਇੱਛਾ ਪ੍ਰਗਟਾਈ, ਹਾਲਾਂਕਿ ਕਈ ਲੋਕ ਸਭਾ ਮੈਂਬਰਾਂ ਨੇ ਉਨ੍ਹਾਂ ਨੂੰ ਅਹੁਦੇ ਉਤੇ ਬਣੇ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਮਹੱਤਵਪੂਰਣ ਸਮੇਂ ਵਿਚ ਕਾਂਗਰਸ ਨੂੰ ਉਨ੍ਹਾਂ ਦੀ ਅਗਵਾਈ ਦੀ ਜ਼ਰੂਰਤ ਹੈ।
ਸੰਸਦ ਭਵਨ ਵਿਚ ਸੋਨੀਆ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਲੋਕ ਸਭਾ ਮੈਂਬਰਾਂ ਦੀ ਮੀਟਿੰਗ ਹੋਈ ਜਿਸ ਵਿਚ ਰਾਹੁਲ ਗਾਂਧੀ ਸਮੇਤ ਪਾਰਟੀ ਦੇ ਹੋਰ ਲੋਕ ਸਭਾ ਮੈਂਬਰ ਸ਼ਾਮਲ ਹੋਏ। ਸਮਾਚਾਰ ਏਜੰਸੀ ਭਾਸ਼ਾ ਮੁਤਾਬਕ, ਕਾਂਗਰਸ ਸੂਤਰਾਂ ਮੁਤਾਬਕ ਇਸ ਮੀਟਿੰਗ ਵਿਚ ਸੰਸਦ ਦੇ ਮੌਜੂਦਾ ਸੈਸ਼ਨ ਵਿਚ ਪਾਰਟੀ ਦੀ ਰਣਨੀਤੀ ਨੂੰ ਲੈ ਕੇ ਵੀ ਚਰਚਾ ਕੀਤੀ ਗਈ।
ਸੂਤਰਾਂ ਨੇ ਕਿਹਾ ਕਿ ਸੰਸਦੀ ਦਲ ਦੀ ਮੀਟਿੰਗ ਵਿਚ ਰਾਹੁਲ ਗਾਂਧੀ ਨੇ ਇਕ ਵਾਰ ਫਿਰ ਕਿਹਾ ਕਿ ਉਹ ਪ੍ਰਧਾਨ ਦੇ ਅਹੁਦੇ ਉਤੇ ਬਣੇ ਨਾ ਰਹਿਣਾ ਚਾਹੁੰਦੇ ਹਨ। ਇਕ ਸੂਤਰ ਨੇ ਦੱਸਿਆ ਕਿ ਕਾਂਗਰਸ ਲੋਕ ਸਭਾ ਮੈਂਬਰਾਂ ਨੇ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਉਹ ਅਹੁਦੇ ਉਤੇ ਬਣੇ ਰਹਿਣ ਕਿਉਂਕਿ ਉਨ੍ਹਾਂ ਤੋਂ ਇਲਾਵਾ ਪਾਰਟੀ ਦੀ ਅਗਵਾਈ ਲਈ ਕੋਈ ਦੂਜਾ ਬਦਲਾਅ ਨਹੀਂ ਹੈ।