ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਅੱਜ ਮੰਗਲਵਾਰ ਸਵੇਰੇ ਸੰਸਦ ਭਵਨ ’ਚ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਉੱਤਰ–ਪੂਰਬੀ ਦਿੱਲੀ ’ਚ ਪਿੱਛੇ ਜਿਹੇ ਹੋਏ ਦੰਗਿਆਂ ਉੱਤੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਦੋਵਾਂ ’ਚ ਕੋਰੋਨਾ ਵਾਇਰਸ ਬਾਰੇ ਵੀ ਗੱਲਬਾਤ ਹੋਈ। ਪਿਛਲੇ ਮਹੀਨੇ ਦਿੱਲੀ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਸ੍ਰੀ ਕੇਜਰੀਵਾਲ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਮੌਕੇ ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਸ੍ਰੀ ਭਗਵੰਤ ਮਾਨ ਅਤੇ ਪਾਰਟੀ ਦੇ ਸੰਸਦ ਮੈਂਬਰ ਸ੍ਰੀ ਸੰਜੇ ਸਿੰਘ ਵੀ ਮੌਜੂਦ ਸਨ।
ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਦੱਸਿਆ – ‘ਮੈਂ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਹੈ ਕਿ ਦਿੱਲੀ ਹਿੰਸਾ ’ਚ ਜੋ ਵੀ ਦੋਸ਼ੀ ਪਾਇਆ ਜਾਵੇ, ਉਸ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇ ਤੇ ਸਖ਼ਤ ਸਜ਼ਾ ਵੀ ਮਿਲੇ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਵਿਰੁੱਧ ਨਾਲ ਲਿਮ ਕੇ ਲੜਨ ਦੀ ਗੱਲਬਾਤ ਕੀਤੀ ਗਈ।’
ਸ੍ਰੀ ਕੇਜਰੀਵਾਲ ਨੇ ਦੱਸਿਆ ਕਿ ਐਤਵਾਰ ਨੂੰ ਉੱਡੀ ਦੰਗਿਆਂ ਦੀ ਅਫ਼ਵਾਹ ’ਤੇ ਦਿੱਲੀ ਪੁਲਿਸ ਨੇ ਤੇਜ਼ੀ ਨਾਲ ਕੰਮ ਕੀਤਾ ਪਰ ਜੇ ਇਸੇ ਤਰ੍ਹਾਂ ਦਿੱਲੀ ’ਚ ਦੰਗਿਆਂ ਵੇਲੇ ਵੀ ਕੰਮ ਕੀਤਾ ਜਾਂਦਾ, ਤਾਂ ਲੋਕਾਂ ਨੂੰ ਮਰਨ ਤੋਂ ਬਚਾਇਆ ਜਾ ਸਕਦਾ ਸੀ।
ਚੇਤੇ ਰਹੇ ਕਿ ਪਿਛਲੇ ਮਹੀਨੇ ਅਮਰੀਕੀ ਰਾਸ਼ਟਰਪਤੀ ਸ੍ਰੀ ਡੋਨਾਲਡ ਟਰੰਪ ਦੇ ਭਾਰਤ ਦੌਰੇ ਦੌਰਾਨ ਉੱਤਰ–ਪੂਰਬੀ ਦਿੱਲੀ ’ਚ ਹਿੰਸਾ ਹੋਈ ਸੀ। ਉਸ ਵਿੱਚ ਹੁਣ ਤੱਕ 47 ਵਿਅਕਤੀ ਮਾਰੇ ਜਾ ਚੁੱਕੇ ਹਨ। ਇਸ ਮਾਮਲੇ ’ਚ ਦਿੱਲੀ ਪੁਲਿਸ ਨੇ 369 FIRs ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ 1,284 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਾਂ ਹਿਰਾਸਤ ’ਚ ਲਿਆ ਗਿਆ ਹੈ।
ਸ੍ਰੀ ਅਰਵਿੰਦ ਕੇਜਰੀਵਾਲ ਨੇ ਬੀਤੀ 19 ਫ਼ਰਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨਾਲ ਵੀ ਉਨ੍ਹਾਂ ਦੀ ਰਿਹਾਇਸ਼ਗਾਹ ਉੱਤੇ ਮੁਲਾਕਾਤ ਕੀਤੀ ਸੀ। ਦੋਵਾਂ ਦੀ ਇਹ ਪਹਿਲੀ ਮੁਲਾਕਾਤ ਸੀ। ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ। ਦੋਵੇਂ ਆਗੂਆਂ ਦੀ ਇਸ ਮੁਲਾਕਾਤ ਦੌਰਾਨ ਦਿੱਲੀ ਦੇ ਵਿਕਾਸ ਉੱਤੇ ਵੀ ਚਰਚਾ ਹੋਈ ਸੀ।