ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਲੌਕਡਾਊਨ ਦੇ ਦੂਜੇ ਗੇੜ ਨੂੰ ਲਾਗੂ ਕਰਨ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਰਾਹੀਂ ਇਹ ਦੱਸਿਆ ਗਿਆ ਹੈ ਕਿ ਕਿਹੜੀ-ਕਿਹੜੀ ਚੀਜ਼ਾਂ ਨੂੰ ਛੋਟ ਦਿੱਤੀ ਜਾਵੇਗੀ ਅਤੇ ਕਿਸ 'ਤੇ ਪਾਬੰਦੀ ਰਹੇਗੀ।
ਲੌਕਡਾਊਨ ਕਾਰਨ ਬਹੁਤ ਸਾਰੇ ਲੋਕਾਂ ਨੂੰ ਵਿਆਹ ਮੁਲਤਵੀ ਕਰਨੇ ਪਏ ਹਨ। ਬਹੁਤ ਸਾਰੇ ਪਰਿਵਾਰਾਂ 'ਚ ਆਉਣ ਵਾਲੇ ਸਮੇਂ ਵਿੱਚ ਕਿਸੇ ਨਾ ਕਿਸੇ ਦਾ ਵਿਆਹ ਹੋਣ ਵਾਲਾ ਹੈ। ਅਜਿਹੇ 'ਚ ਉਨ੍ਹਾਂ ਦੇ ਮਨ 'ਚ ਬਾਰੇ ਬਹੁਤ ਸਾਰੇ ਸਵਾਲ ਹਨ। ਸਰਕਾਰ ਨੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਵਿਆਹ ਸਮਾਰੋਹ ਦੇ ਆਯੋਜਨ ਬਾਰੇ ਵੀ ਜਾਣਕਾਰੀ ਦਿੱਤੀ ਹੈ। ਇਸ ਦੇ ਨਾਲ ਹੀ ਸ਼ਰਾਬ ਦੀ ਵਿਕਰੀ ਬਾਰੇ ਵੀ ਦੱਸਿਆ ਗਿਆ ਹੈ।
ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਦੱਸਿਆ ਗਿਆ ਹੈ ਕਿ ਜ਼ਿਲ੍ਹਾ ਮੈਜਿਸਟ੍ਰੇਟ ਵਿਆਹ ਸਮਾਗਮ 'ਤੇ ਨਜ਼ਰ ਰੱਖਣਗੇ। ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਆਹ-ਸਮਾਗਮਾਂ ਅਤੇ ਅੰਤਮ ਸਸਕਾਰ 'ਤੇ ਜਿੱਥੇ ਵੀ ਲੋਕਾਂ ਦੀ ਮੌਜੂਦਗੀ ਹੁੰਦੀ ਹੈ, ਉਨ੍ਹਾਂ ਨੂੰ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਰੈਗੁਲੇਟ ਕੀਤਾ ਜਾਵੇਗਾ।"
ਇਸ ਦੇ ਨਾਲ ਹੀ ਕੇਂਦਰ ਨੇ ਸ਼ਰਾਬ ਦੀ ਵਿਕਰੀ 'ਤੇ ਪੂਰਨ ਪਾਬੰਦੀ ਲਗਾਈ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ, ਗੁਟਖਾ, ਤੰਬਾਕੂ ਆਦਿ ਦੀ ਵਿਕਰੀ 'ਤੇ ਸਖ਼ਤ ਪਾਬੰਦੀ ਲਾਗੂ ਰਹੇਗੀ। ਇਸ ਤੋਂ ਇਲਾਵਾ ਥੁੱਕਣ 'ਤੇ ਵੀ ਪਾਬੰਦੀ ਹੋਵੇਗੀ। ਸਰਕਾਰ ਨੇ ਇਹ ਦਿਸ਼ਾ-ਨਿਰਦੇਸ਼ ਜਨਤਕ ਥਾਵਾਂ ਦੇ ਤਹਿਤ ਜਾਰੀ ਕੀਤੇ ਹਨ।
ਹਾਈਵੇਅ 'ਤੇ ਢਾਬੇ ਖੁੱਲ੍ਹੇ ਰਹਿਣਗੇ :
ਕੇਂਦਰ ਸਰਕਾਰ ਨੇ 20 ਅਪ੍ਰੈਲ ਤੋਂ ਕਈ ਮਹੱਤਵਪੂਰਨ ਸੇਵਾਵਾਂ ਅਤੇ ਕਾਰੋਬਾਰਾਂ ਨੂੰ ਲੌਕਡਾਊਨ ਦੌਰਾਨ ਢਿੱਲ ਦੇਣ ਦਾ ਫ਼ੈਸਲਾ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਰੈਸਟੋਰੈਂਟ ਨਹੀਂ ਖੁੱਲ੍ਹਣਗੇ, ਪਰ ਹਾਈਵੇਅ 'ਤੇ ਢਾਬਿਆਂ ਨੂੰ ਖੋਲ੍ਹਿਆ ਜਾ ਸਕਦਾ ਹੈ। ਇਹ ਫ਼ੈਸਲਾ ਟਰੱਕ ਡਰਾਈਵਰਾਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ। ਸ਼ਰਾਬ ਦੀਆਂ ਦੁਕਾਨਾਂ ਖੋਲ੍ਹਣ ਬਾਰੇ ਕੋਈ ਢਿੱਲ ਨਹੀਂ ਦਿੱਤੀ ਗਈ ਹੈ।