ਕਾਂਗਰਸ ਨੇਤਾ ਇਮਰਾਨ ਪ੍ਰਤਾਪਗੜ੍ਹੀ ਨੂੰ ਪ੍ਰਸ਼ਾਸਨ ਨੇ 1.04 ਕਰੋੜ ਰੁਪਏ ਦਾ ਨੋਟਿਸ ਜਾਰੀ ਕੀਤਾ ਹੈ। ਯੂਪੀ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਇਹ ਨੋਟਿਸ ਸੋਧੇ ਹੋਏ ਨਾਗਰਿਕਤਾ ਕਾਨੂੰਨ ਦੇ ਵਿਰੋਧ ਵਿੱਚ ਸ਼ਾਮਲ ਹੋਣ ਲਈ ਜਾਰੀ ਕੀਤਾ ਹੈ। ਇਮਰਾਨ ਪ੍ਰਤਾਪਗੜ੍ਹੀ ਨੇ ਮੁਰਾਦਾਬਾਦ ਵਿੱਚ ਸੀਏਏ ਖਿਲਾਫ ਚੱਲ ਰਹੇ ਵਿਰੋਧ ਪ੍ਰਦਰਸ਼ਨ ਨੂੰ 29 ਜਨਵਰੀ ਤੋਂ 7 ਫਰਵਰੀ ਨੂੰ ਸੰਬੋਧਿਤ ਕੀਤਾ ਸੀ।
ਇਸ ਤੋਂ ਪਹਿਲਾਂ 6 ਫਰਵਰੀ ਨੂੰ ਪ੍ਰਸ਼ਾਸਨ ਨੇ ਇਮਰਾਨ ਪ੍ਰਤਾਪਗੜ੍ਹੀ ਨੂੰ ਨੋਟਿਸ ਜਾਰੀ ਕੀਤਾ ਸੀ, ਹਾਲਾਂਕਿ ਅਜੇ ਤੱਕ ਪ੍ਰਸ਼ਾਸਨ ਨੇ ਇਸ ਨੋਟਿਸ ਨੂੰ ਪੂਰਾ ਨਹੀਂ ਅਮਲ ਚ ਲਿਆਂਦਾ ਹੈ। ਇਮਰਾਨ ਪ੍ਰਤਾਪਗੜ੍ਹੀ ਨੂੰ ਨੋਟਿਸ ਜਾਰੀ ਹੋਣ ਤੋਂ ਬਾਅਦ ਰਾਜਨੀਤੀ ਗਰਮ ਹੋ ਗਈ ਹੈ।
ਨੋਟਿਸ ਦੇ ਬਾਰੇ ਵਿੱਚ ਇਮਰਾਨ ਨੇ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਮੇਰੇ ਵੱਲੋਂ ਮੁਰਾਦਾਬਾਦ ਪਹੁੰਚਣ ਤੋਂ ਪਹਿਲਾਂ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਯੂਪੀ ਕਾਂਗਰਸ ਕਮੇਟੀ ਨੇ ਵੀ ਇਮਰਾਨ ਦੇ ਸਮਰਥਨ ਚ ਟਵੀਟ ਕਰਕੇ ਨੋਟਿਸ ਦਾ ਵਿਰੋਧ ਕੀਤਾ ਹੈ।
ਇਮਰਾਨ 'ਤੇ ਧਾਰਾ 144 ਦੀ ਉਲੰਘਣਾ ਕਰਨ ਦਾ ਦੋਸ਼ ਲਗਾਉਂਦਿਆਂ ਸਰਕਾਰ ਨੇ ਮੁਰਾਦਾਬਾਦ ਦੇ ਈਦਗਾਹ ਵਿਖੇ ਚੱਲ ਰਹੇ ਪ੍ਰਦਰਸ਼ਨ ਲਈ ਪ੍ਰਤੀ ਦਿਨ 13 ਲੱਖ 42 ਹਜ਼ਾਰ ਦਾ ਨੋਟਿਸ ਭੇਜਿਆ ਹੈ। ਪ੍ਰਸ਼ਾਸਨ ਵੱਲੋਂ ਭੇਜੇ ਨੋਟਿਸ ਨੇ ਵਿਰੋਧ ਪ੍ਰਦਰਸ਼ਨ ਨੂੰ ਸਮਾਜਿਕ ਸਦਭਾਵਨਾ ਲਈ ਖਤਰਾ ਦੱਸਿਆ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਯੂਪੀ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਸੀਏਏ ਦੇ ਵਿਰੋਧ ਪ੍ਰਦਰਸ਼ਨਾਂ ਵਿੱਚ ਹੋਏ ਨੁਕਸਾਨ ਦੀ ਭਰਪਾਈ ਲਈ ਇੱਕ ਨੋਟਿਸ ਜਾਰੀ ਕੀਤਾ ਸੀ।