ਦਿੱਲੀ ਦੀ ਇੱਕ ਅਦਾਲਤ ਨੇ ਵੀਰਵਾਰ ਨੂੰ ਨਿਰਭਯਾ ਬਲਾਤਕਾਰ ਅਤੇ ਕਤਲ ਮਾਮਲੇ 'ਚ ਚਾਰਾਂ ਦੋਸ਼ੀਆਂ ਵਿਰੁੱਧ ਨਵਾਂ ਡੈਥ ਵਾਰੰਟ ਜਾਰੀ ਕਰਨ ਲਈ ਦਾਇਰ ਪਟੀਸ਼ਨ ’ਤੇ ਦੋਸ਼ੀਆਂ ਤੋਂ ਜਵਾਬ ਮੰਗਿਆ ਹੈ। ਪਟਿਆਲਾ ਹਾਊਸ ਕੋਰਟ ਦੇ ਵਧੀਕ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਤਿਹਾੜ ਜੇਲ ਪ੍ਰਸ਼ਾਸਨ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ 'ਤੇ ਦੋਸ਼ੀਆਂ ਤੋਂ ਜਵਾਬ ਮੰਗਿਆ, ਜਿਸ 'ਚ ਦੋਸ਼ੀਆਂ ਨੂੰ ਫਾਂਸੀ ਦੇਣ ਲਈ ਤਰੀਕ ਤੈਅ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਮਾਮਲੇ ਦੀ ਸੁਣਵਾਈ ਸ਼ੁੱਕਰਵਾਰ (7 ਫਰਵਰੀ) ਨੂੰ ਕਰੇਗੀ।
ਅਧਿਕਾਰੀਆਂ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿੱਚੋਂ ਤਿੰਨ ਨੇ ਆਪਣੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕਰ ਲਈ ਹੈ। ਦੋਸ਼ੀਆਂ ਵਿੱਚੋਂ ਇੱਕ ਅਕਸ਼ੇ ਦੀ ਰਹਿਮ ਅਪੀਲ ਨੂੰ ਰਾਸ਼ਟਰਪਤੀ ਨੇ ਬੁੱਧਵਾਰ ਨੂੰ ਰੱਦ ਕਰ ਦਿੱਤਾ, ਜਿਸ ਤੋਂ ਬਾਅਦ ਤਿਹਾੜ ਪ੍ਰਸ਼ਾਸਨ ਨੇ ਇਹ ਕਦਮ ਚੁੱਕਿਆ ਹੈ।
ਅਕਸ਼ੇ, ਮੁਕੇਸ਼ ਅਤੇ ਵਿਨੇ ਨੇ ਆਪਣੇ ਕਾਨੂੰਨੀ ਅਧਿਕਾਰਾਂ ਦੀ ਵਰਤੋਂ ਕੀਤੀ ਹੈ। ਚੌਥੇ ਦੋਸ਼ੀ ਪਵਨ ਨੇ ਹੁਣ ਤਕ ਕਿਊਰੇਟਿਵ ਅਤੇ ਰਹਿਮ ਅਪੀਲ ਦੀ ਵਰਤੋਂ ਨਹੀਂ ਕੀਤੀ ਹੈ, ਜੋ ਉਸ ਦਾ ਅੰਤਮ ਨਿਆਂਇਕ ਅਤੇ ਸੰਵਿਧਾਨਕ ਅਧਿਕਾਰ ਹੈ।
ਦਰਅਸਲ ਹਾਈ ਕੋਰਟ ਨੇ ਬੀਤੇ ਬੁੱਧਵਾਰ ਨੂੰ ਚਾਰੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੇ ਆਦੇਸ਼ ਤੋਂ ਇਨਕਾਰ ਕਰ ਦਿੱਤਾ ਸੀ। ਕੋਰਟ ਨੇ ਦੋਸ਼ੀਆਂ ਨੂੰ 7 ਦਿਨ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਕਿ ਉਹ ਆਪਣੇ ਸਾਰੇ ਕਾਨੂੰਨੀ ਬਦਲਾਂ ਦਾ ਇਸਤੇਮਾਲ ਕਰ ਲੈਣ।
ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਦੇ ਇਸ ਫੈਸਲੇ ਨੂੰ ਅੱਜ ਸੁਪਰੀਮ ਕੋਰਟ 'ਚ ਚੁਣੌਤੀ ਦਿੱਤੀ ਹੈ। ਹਾਲਾਂਕਿ ਸੁਪਰੀਮ ਕੋਰਟ ਦੋਸ਼ੀਆਂ ਦੀ ਫਾਂਸੀ ਦੀ ਸਜ਼ਾ 'ਤੇ ਰੋਕ ਲਾਉਣ ਦੀ ਪਟੀਸ਼ਨ 2017 ਨੂੰ ਹੀ ਖਾਰਜ ਕਰ ਚੁੱਕਾ ਹੈ। ਕੋਰਟ ਨੇ ਦਿੱਲੀ ਹਾਈ ਕੋਰਟ ਅਤੇ ਹੇਲਠੀ ਅਦਾਲਤ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ। ਸਾਲ 2012 'ਚ ਵਾਪਰੇ ਇਸ ਗੰਭੀਰ ਅਪਰਾਧ ਤੋਂ ਬਾਅਦ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
ਜ਼ਿਕਰਯੋਗ ਹੈ ਕਿ ਬੀਤੀ 17 ਜਨਵਰੀ ਨੂੰ ਹੇਠਲੀ ਅਦਾਲਤ ਨੇ ਦੋਸ਼ੀ ਮੁਕੇਸ਼ ਕੁਮਾਰ ਸਿੰਘ, ਪਵਨ ਗੁਪਤਾ, ਵਿਨੈ ਸ਼ਰਮਾ ਅਤੇ ਅਕਸ਼ੇ ਕੁਮਾਰ ਵਿਰੁੱਧ 1 ਫਰਵਰੀ ਲਈ ਦੂਜੀ ਵਾਰ ਡੈਥ ਵਾਰੰਟ ਜਾਰੀ ਕੀਤਾ ਸੀ। ਡੈਥ ਵਾਰੰਟ 'ਤੇ ਰੋਕ ਲਗਾਉਣ ਦੇ ਫੈਸਲੇ ਨੂੰ ਗ੍ਰਹਿ ਮੰਤਰਾਲੇ ਨੇ ਹਾਈ ਕੋਰਟ 'ਚ ਚੁਣੌਤੀ ਦਿੱਤੀ ਸੀ। ਹਾਈ ਕੋਰਟ ਨੇ 2 ਫਰਵਰੀ ਨੂੰ ਗ੍ਰਹਿ ਮੰਤਰਾਲੇ ਦੀ ਪਟੀਸ਼ਨ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਪਟੀਸ਼ਨ ਦੀ ਸੁਣਵਾਈ ਦੌਰਾਨ ਕੇਂਦਰ ਵੱਲੋਂ ਸੋਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਕਿ ਦੋਸ਼ੀ ਕਾਨੂੰਨ ਦੀ ਦੁਰਵਰਤੋਂ ਕਰ ਰਹੇ ਹਨ। ਨਿਰਭਯਾ ਦੇ ਦੋਸ਼ੀਆਂ ਨੂੰ ਫਾਂਸੀ ਦੇਣ 'ਚ ਹੋਰ ਦੇਰੀ ਨਹੀਂ ਹੋਣੀ ਚਾਹੀਦੀ।
ਇਹ ਹੈ ਪੂਰਾ ਮਾਮਲਾ :
ਜ਼ਿਕਰਯੋਗ ਹੈ ਕਿ 16 ਦਸੰਬਰ 2012 ਦੀ ਰਾਤ ਨੂੰ ਦੱਖਣੀ ਦਿੱਲੀ ’ਚ ਇੱਕ ਚੱਲਦੀ ਬੱਸ ਵਿੱਚ 23 ਸਾਲ ਦੀ ਪੈਰਾ–ਮੈਡੀਕਲ ਵਿਦਿਆਰਥਣ ਨਾਲ ਛੇ ਜਣਿਆਂ ਨੇ ਸਮੂਹਕ ਬਲਾਤਕਾਰ ਕੀਤਾ ਸੀ ਤੇ ਉਸ ਨਾਲ ਵਹਿਸ਼ੀਆਨਾ ਹਰਕਤਾਂ ਕੀਤੀਆਂ ਸਨ ਤੇ ਬਾਅਦ ’ਚ ਉਸ ਨੂੰ ਚੱਲਦੀ ਬੱਸ ’ਚੋਂ ਬਾਹਰ ਸੁੱਟ ਦਿੱਤਾ ਸੀ। ਬਾਅਦ ’ਚ 29 ਦਸੰਬਰ 2012 ਨੂੰ ਸਿੰਗਾਪੁਰ ਦੇ ਇੱਕ ਹਸਪਤਾਲ ’ਚ ਉਸ ਦੀ ਮੌਤ ਹੋ ਗਈ ਸੀ।
ਇਸ ਮਾਮਲੇ ਦੇ ਇੱਕ ਦੋਸ਼ੀ ਰਾਮ ਸਿੰਘ ਨੇ ਇੱਥੇ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ’ਤੇ ਖ਼ੁਦਕੁਸ਼ੀ ਕਰ ਲਈ ਸੀ। ਇੱਕ ਹੋਰ ਮੁਲਜ਼ਮ ਉਦੋਂ ਨਾਬਾਲਗ਼ ਸੀ ਤੇ ਉਸ ਨੂੰ ਜੁਵੇਨਾਇਲ ਜਸਟਿਸ ਬੋਰਡ ਨੇ ਦੋਸ਼ੀ ਠਹਿਰਾਇਆ ਸੀ। ਉਸ ਨੂੰ ਤਿੰਨ ਵਰ੍ਹੇ ਬਾਲ ਸੁਧਾਰ ਗ੍ਰਹਿ ਵਿੱਚ ਰੱਖਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ ਸੀ।