ਅਰਵਿੰਦ ਕੇਜਰੀਵਾਲ, ਜੋ ਕਿ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਵੱਡੇ ਬਹੁਮਤ ਨਾਲ ਜਿੱਤ ਕੇ ਸੱਤਾ ਵਿੱਚ ਪਰਤ ਆਏ, 16 ਫਰਵਰੀ ਨੂੰ ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸਹੁੰ ਚੁੱਕ ਸਮਾਰੋਹ ਵਿੱਚ ਸਿਰਫ ਦਿੱਲੀ ਦੇ ਲੋਕਾਂ ਅਤੇ ਆਮ ਆਦਮੀ ਪਾਰਟੀ ਦੇ ਨੇਤਾਵਾਂ ਨੂੰ ਬੁਲਾਇਆ ਜਾਵੇਗਾ।
ਮੀਡੀਆ ਰਿਪੋਰਟਾਂ ਅਨੁਸਾਰ ਆਮ ਆਦਮੀ ਪਾਰਟੀ ਦੂਜੇ ਰਾਜਾਂ ਦੇ ਮੁੱਖ ਮੰਤਰੀ ਜਾਂ ਹੋਰ ਪਾਰਟੀਆਂ ਦੇ ਨੇਤਾਵਾਂ ਨੂੰ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਲਈ ਸੱਦਾ ਦੇਣ ਤੋਂ ਗੁਰੇਜ਼ ਕਰ ਰਹੀ ਹੈ। ਇਸ ਵਿੱਚ ਸਿਰਫ ਦਿੱਲੀ ਦੇ ਸਥਾਨਕ ਲੋਕ ਅਤੇ ਆਮ ਆਦਮੀ ਪਾਰਟੀ ਦੇ ਨੇਤਾ ਸ਼ਾਮਲ ਹੋਣਗੇ।
ਮੀਡੀਆ ਨਾਲ ਗੱਲਬਾਤ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ 16 ਫਰਵਰੀ ਨੂੰ ਮੰਤਰੀ ਮੰਡਲ ਨਾਲ ਸਹੁੰ ਚੁੱਕਣਗੇ। ਉਹ ਵਿਧਾਇਕ ਦਲ ਦੀ ਮੀਟਿੰਗ ਵਿੱਚ ਨੇਤਾ ਚੁਣੇ ਗਏ। ‘ਆਪ’ ਸੂਬੇ ਦੇ ਰਾਜਪਾਲ ਨੂੰ ਮਿਲੇਗੀ ਅਤੇ ਸਰਕਾਰ ਬਣਾਉਣ ਲਈ ਦਾਅਵੇਦਾਰੀ ਕਰੇਗੀ।
ਹਾਲ ਹੀ ਵਿੱਚ ਸਮਾਪਤ ਹੋਏ ਝਾਰਖੰਡ ਵਿੱਚ ਜੇਐਮਐਮ ਅਤੇ ਕਾਂਗਰਸ ਗੱਠਜੋੜ ਦੀ ਸਰਕਾਰ ਦੇ ਸਹੁੰ ਚੁੱਕ ਸਮਾਗਮ ਵਿੱਚ ਐਨਡੀਏ ਵਿਰੋਧੀ ਤਮਾਮ ਨੇਤਾਵਾਂ ਨੂੰ ਸੱਦਾ ਕੀਤਾ ਗਿਆ ਸੀ। ਉਨ੍ਹਾਂ ਵਿਚੋਂ ਬਹੁਤ ਸਾਰੇ ਪਹੁੰਚੇ ਵੀ ਸਨ। ਉਥੇ ਵਿਰੋਧੀ ਧਿਰ ਨੂੰ ਇਕਮੁੱਠਤਾ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਪਹਿਲਾਂ ਕਰਨਾਟਕ ਵਿੱਚ, ਜੇਡੀਐਸ-ਕਾਂਗਰਸ ਗੱਠਜੋੜ ਸਰਕਾਰ ਦੇ ਸਹੁੰ ਚੁੱਕ ਸਮਾਰੋਹ ਵਿੱਚ ਵਿਰੋਧੀ ਧਿਰਾਂ ਦੀ ਏਕਤਾ ਦੀ ਤਸਵੀਰ ਸੁਰਖ਼ੀਆਂ ਬਣੀ ਸੀ।