ਲੋਕ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਨੂੰ ਮਿਲੀ ਕਰਾਰੀ ਹਾਰ ਤੋਂ ਬਾਅਦ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਸ੍ਰੀ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿੱਚ ਕਿਸਾਨਾਂ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਰਾਹਤ ਦੇਣ ਲਈ ਬਜਟ ਵਿੱਚ ਕੋਈ ਠੋਸ ਕਦਮ ਨਹੀਂ ਚੁੱਕੇ ਗਏ ਹਨ।
ਲੋਕ ਸਭਾ ’ਚ ਬੋਲਦਿਆਂ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਵਿੱਚ ਕਿਸਾਨ ਅਨੇਕ ਸਮੱਸਿਆਵਾਂ ਨਾਲ ਜੂਝ ਰਹੇ ਹਨ। ਮੈਂ ਸਰਕਾਰ ਦਾ ਧਿਆਨ ਇਸ ਪਾਸੇ ਖਿੱਚਣਾ ਚਾਹੁੰਦਾ ਹਾਂ।
ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨੂੰ ਬੇਨਤੀ ਕਰਨੀ ਚਾਹੁਣਗੇ ਕਿ ਭਾਰਤੀ ਰਿਜ਼ਰਵ ਬੈਂਕ ਨੂੰ ਕੇਰਲ ਸਰਕਾਰ ਵੱਲੋਂ ਕੇਰਲ ਸਰਕਾਰ ਨੂੰ ਹਦਾਇਤ ਕੀਤੀ ਜਾਵੇ ਤੇ ਇਹ ਯਕੀਨੀ ਬਣਾਇਆ ਜਾਵੇ ਕਿ ਬੈਂਕ ਕਿਸਾਨਾਂ ਨੂੰ ਵਸੂਲੀ–ਨੋਟਿਸ ਨਾਲ ਧਮਕੀ ਨਾ ਦੇਣ।
ਸਦਨ ਵਿੱਚ ਸ੍ਰੀ ਰਾਹੁਲ ਗਾਂਧੀ ਨੇ ਕਿਹਾ ਕਿ ਕੱਲ੍ਹ ਵਾਇਨਾਡ ’ਚ ਕਰਜ਼ੇ ਦੇ ਬੋਝ ਹੇਠਾਂ ਦਬੇ ਇੱਕ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। ਇਸ ਤੋਂ ਇਲਾਵਾ ਉੱਥੇ ਕਰਜ਼ਾ ਅਦਾ ਨਾ ਕਰ ਸਕਣ ਵਾਲੇ ਅੱਠ ਹਜ਼ਾਰ ਕਿਸਾਨਾਂ ਨੂੰ ਬੈਂਕਾਂ ਦੇ ਨੋਟਿਸ ਮਿਲ ਗਏ ਹਨ। ਉਨ੍ਹਾਂ ਦੀਆਂ ਜ਼ਮੀਨਾਂ–ਜਾਇਦਾਦਾਂ ਕੁਰਕ ਕੀਤੀਆਂ ਜਾ ਰਹੀਆਂ; ਇਸੇ ਲਈ ਕਿਸਾਨ ਉੱਥੇ ਮਜਬੂਰਨ ਖ਼ੁਦਕੁਸ਼ੀਆਂ ਕਰ ਰਹੇ ਹਨ।
ਬੀਤੇ ਅਪ੍ਰੈਲ–ਮਈ ਮਹੀਨੇ ਦੌਰਾਨ ਲੋਕ ਸਭਾ ਚੋਣਾਂ ਦੌਰਾਨ ਰਾਹੁਲ ਗਾਂਧੀ ਨੂੰ ਅਮੇਠੀ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਉਨ੍ਹਾਂ ਨੂੰ ਭਾਜਪਾ ਆਗੂ ਸਮ੍ਰਿਤੀ ਈਰਾਨੀ ਨੇ ਹਰਾਇਆ ਸੀ। ਉਂਝ ਸ੍ਰੀ ਰਾਹੁਲ ਗਾਂਧੀ ਨੇ ਕੇਰਲ ਦੇ ਵਾਇਨਾਡ ਸੰਸਦੀ ਹਲਕੇ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਦਰਜ ਕੀਤੀ ਸੀ।