ਪਹਿਲੀ ਵਾਰ ਵਿਰੋਧੀ ਧਿਰ ਦੇ ਨੇਤਾਵਾਂ ਦਾ ਵਫ਼ਦ ਅਮਰੀਕੀ ਰਾਸ਼ਟਰਪਤੀ ਦੇ ਭਾਰਤ ਯਾਤਰਾ ਦੌਰਾਨ ਨਹੀਂ ਮਿਲੇਗਾ। ਕਾਂਗਰਸ ਸੂਤਰਾਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਮਿਲਣ ਦਾ ਕੋਈ ਪ੍ਰੋਗਰਾਮ ਨਹੀਂ ਹੈ।
ਹਾਲਾਂਕਿ, ਕੁਝ ਵਿਰੋਧੀ ਧਿਰ ਦੇ ਆਗੂ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਧਿਕਾਰਤ ਦਾਅਵਤ ਵਿੱਚ ਸ਼ਾਮਲ ਹੋ ਸਕਦੇ ਹਨ। ਸੂਤਰਾਂ ਨੇ ਦੱਸਿਆ ਕਿ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਦਾਅਵਤ 'ਚ ਹਿੱਸਾ ਲੈਣਗੇ। ਪਰ ਰਾਸ਼ਟਰਪਤੀ ਟਰੰਪ ਨਾਲ ਮੁਲਾਕਾਤ ਕਰਨ ਦੀ ਉਨ੍ਹਾਂ ਦੀ ਕੋਈ ਯੋਜਨਾ ਨਹੀਂ ਹੈ।
ਇਹ ਪੁੱਛੇ ਜਾਣ 'ਤੇ ਕਿ ਕੋਈ ਕਾਂਗਰਸ ਦਾ ਵਫ਼ਦ ਅਮਰੀਕਾ ਦੇ ਰਾਸ਼ਟਰਪਤੀ ਨੂੰ ਮਿਲੇਗਾ? ਇਸ 'ਤੇ ਸੀਨੀਅਰ ਕਾਂਗਰਸੀ ਨੇਤਾ ਅਤੇ ਬੁਲਾਰੇ ਆਨੰਦ ਸ਼ਰਮਾ ਨੇ ਕਿਹਾ ਕਿ ਜਦੋਂ ਵੀ ਕੋਈ ਵਿਦੇਸ਼ੀ ਪ੍ਰਧਾਨ ਮੰਤਰੀ ਅਤੇ ਰਾਸ਼ਟਰਪਤੀ ਸਰਕਾਰੀ ਦੌਰੇ 'ਤੇ ਆਉਂਦੇ ਹਨ ਤਾਂ ਉਹ ਖੁਦ ਕਾਂਗਰਸ ਦੇ ਨੇਤਾਵਾਂ ਨੂੰ ਮਿਲਣ ਦੀ ਪੇਸ਼ਕਸ਼ ਕਰਦੇ ਹਨ। ਜਦਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਾਂਗਰਸ ਦੇ ਅੱਗੇ ਅਜਿਹੀ ਕੋਈ ਪੇਸ਼ਕਸ਼ ਨਹੀਂ ਕੀਤੀ ਹੈ।
ਇਹ ਪਹਿਲਾ ਮੌਕਾ ਹੈ ਜਦੋਂ ਕੋਈ ਅਮਰੀਕੀ ਰਾਸ਼ਟਰਪਤੀ ਪ੍ਰਮੁੱਖ ਵਿਰੋਧੀ ਪਾਰਟੀ ਨਾਲ ਵਿਚਾਰ ਵਟਾਂਦਰਾ ਨਹੀਂ ਕਰੇਗਾ। ਕਾਂਗਰਸ ਦੇ ਸੂਤਰਾਂ ਨੇ ਕਿਹਾ ਕਿ ਯੂਪੀਏ ਸਰਕਾਰ ਦੌਰਾਨ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਅਮਰੀਕੀ ਰਾਸ਼ਟਰਪਤੀ ਜਾਂ ਹੋਰ ਮੁੱਖ ਮਹਿਮਾਨਾਂ ਨਾਲ ਮਿਲਣ ਲਈ ਇੱਕ ਸਲਾਟ ਰੱਖਿਆ ਜਾਂਦਾ ਸੀ। ਇਸ ਤੋਂ ਪਹਿਲਾਂ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੀ ਫੇਰੀ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਕਾਂਗਰਸੀ ਆਗੂ ਸੋਨੀਆ ਗਾਂਧੀ ਸਮੇਤ ਕਾਂਗਰਸ ਦੇ ਇੱਕ ਵਫ਼ਦ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ।