ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਦੀ 75ਵੀਂ ਵਰ੍ਹੇਗੰਢ ਮੌਕੇ ਅੱਜ ਰਾਸ਼ਟਰ ਉਨ੍ਹਾਂ ਨੂੰ ਸ਼ਰਧਾਂਜਲੀਆਂ ਭੇਟ ਕਰ ਰਿਹਾ ਹੈ। ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਇੱਕ ਟਵੀਟ ਰਾਹੀਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਅੱਜ ਸਵੇਰੇ–ਸਵੇਰੇ ਸ੍ਰੀ ਰਾਜੀਵ ਗਾਂਧੀ ਦੀ ਸਮਾਧੀ ਉੱਤੇ ਸਾਬਕਾ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਖ਼ਾਸ ਤੌਰ ਉੱਤੇ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਪੁੱਜੇ।
ਉਨ੍ਹਾਂ ਤੋਂ ਵੀ ਪਹਿਲਾਂ ਕਾਂਗਰਸ ਦੇ ਅੰਤ੍ਰਿਮ ਪ੍ਰਧਾਨ ਅਤੇ ਸ੍ਰੀ ਰਾਜੀਵ ਗਾਂਧੀ ਦੀ ਪਤਨੀ ਸ੍ਰੀਮਤੀ ਸੋਨੀਆ ਗਾਂਧੀ ਵੀ ਸਮਾਧੀ ਉੱਤੇ ਪੁੱਜੇ। ਉਨ੍ਹਾਂ ਨਾਲ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅਤੇ ਹੋਰ ਕਈ ਕਾਂਗਰਸੀ ਆਗੂ ਵੀ ਮੌਜੂਦ ਸਨ।
ਸ੍ਰੀ ਰਾਹੁਲ ਗਾਂਧੀ ਤੇ ਸ੍ਰੀਮਤੀ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਆਪਣੇ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਅੱਜ ਸ੍ਰੀ ਗ਼ੁਲਾਮ ਨਬੀ ਆਜ਼ਾਦ ਅਤੇ ਸ੍ਰੀ ਭੁਪਿੰਦਰ ਸਿੰਘ ਹੁੱਡਾ ਜਿਹੇ ਅਨੇਕ ਕਾਂਗਰਸੀ ਆਗੂਆਂ ਨੂੰ ਸ੍ਰੀ ਰਾਜੀਵ ਗਾਂਧੀ ਦੀ ਸਮਾਧੀ ਉੱਤੇ ਵੇਖਿਆ ਗਿਆ।
ਭਾਰਤ ਦੇ ਛੇਵੇਂ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਸਿਰ ਦੇਸ਼ ਵਿੱਚ ਸੂਚਨਾ ਤਕਨਾਲੋਜੀ ਨੂੰ ਹੱਲਾਸ਼ੇਰੀ ਦੇਣ, ਪਹਿਲੀ ਵਾਰ ਕੰਪਿਊਟਰ ਸਥਾਪਤ ਕਰਵਾਉਣ, ਦਲ–ਬਦਲੀ ਵਿਰੋਧੀ ਕਾਨੂੰਨ ਪਾਸ ਕਰਨ ਤੇ ਅਜਿਹੇ ਹੋਰ ਅਨੇਕ ਪਹਿਲਕਦਮੀਆਂ ਕਰਨ ਦਾ ਸਿਹਰਾ ਬੱਝਦਾ ਹੈ।