ਨਾਗਰਿਕਤਾ ਸੋਧ ਕਾਨੂੰਨ (CAA) ਵਿਰੁੱਧ ਚੱਲ ਰਹੇ ਸੰਘਰਸ਼ ਤੇ ਰੋਸ ਪ੍ਰਦਰਸ਼ਨਾਂ ਵੱਲ ਜਾਣ ਤੋਂ ਕਾਂਗਰਸੀ ਆਗੂਆਂ ਰਾਹੁਲ ਗਾਂਧੀ ਤੇ ਪ੍ਰਿਅੰਕਾ ਗਾਂਧੀ ਨੂੰ ਮੇਰਠ ਜਾਣ ਤੋਂ ਰੋਕ ਦਿੱਤਾ ਗਿਆ। ਉੱਤਰ ਪ੍ਰਦੇਸ਼ ਦੇ ਮੇਰਠ ’ਚ ਨਾਗਰਿਕਤਾ ਕਾਨੂੰਨ ਵਿਰੁੱਧ ਪ੍ਰਦਰਸ਼ਲ ਦੌਰਾਨ ਹੋਈ ਹਿੰਸਾ ਵਿੱਚ ਮਾਰੇ ਗਏ ਪੀੜਤਾਂ ਦੇ ਪਰਿਵਾਰ ਨੂੰ ਮਿਲਣ ਲਈ ਸ੍ਰੀ ਰਾਹੁਲ ਗਾਂਧੀ ਤੇ ਉਨ੍ਹਾਂ ਦੀ ਭੈਣ ਪ੍ਰਿਅੰਕਾ ਗਾਂਧੀ ਮੰਗਲਵਾਰ ਨੂੰ ਦਿੱਲੀ ਤੋਂ ਮੇਰਠ ਲਈ ਰਵਾਨਾ ਹੋਏ ਸਨ ਪਰ ਪੁਲਿਸ ਨੇ ਉਨ੍ਹਾਂ ਨੂੰ ਰਾਹ ’ਚ ਹੀ ਰੋਕ ਦਿੱਤਾ ਤੇ ਅੱਗੇ ਨਹੀਂ ਜਾਣ ਦਿੱਤਾ।
ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਉਹ ਦਿੱਲੀ ਵੱਲ ਪਰਤ ਰਹੇ ਹਨ। ਉਹ ਮੇਰਠ ਜ਼ਿਲ੍ਹੇ ਅੰਦਰ ਦਾਖ਼ਲ ਹੋਣਾ ਚਾਹੁੰਦੇ ਸਨ ਕਿ ਉਨ੍ਹਾਂ ਨੂੰ ਜ਼ਿਲ੍ਹੇ ਦੀ ਸੀਮਾ ਉੱਤੇ ਹੀ ਰੋਕ ਲਿਆ ਗਿਆ।
ਕਾਂਗਰਸ ਪਾਰਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ ਕਿ ਰਾਹੁਲ ਤੇ ਪ੍ਰਿਅੰਕਾ ਗਾਂਧੀ ਦੋਵੇਂ ਇੱਕੋ ਕਾਰ ’ਚ ਸਵਾਰ ਸਨ ਤੇ ਉਨ੍ਹਾਂ ਨੂੰ ਮੇਰਠ ਤੋਂ ਬਾਹਰ ਹੀ ਰੋਕ ਕੇ ਵਾਪਸ ਭੇਜ ਦਿੱਤਾ ਗਿਆ।
ਰਾਹੁਲ ਗਾਂਧੀ ਨੇ ਪੁਲਿਸ ਅਧਿਕਾਰੀਆਂ ਨੂੰ ਬੇਨਤੀ ਕੀਤੀ ਕਿ ਉਹ ਸਿਰਫ਼ ਤਿੰਨ ਜਣੇ ਹੀ ਜਾਣਗੇ ਪਰ ਫਿਰ ਵੀ ਪੁਲਿਸ ਅਧਿਕਾਰੀਆਂ ਨੇ ਉਨ੍ਹਾਂ ਦੋਵਾਂ ਨੂੰ ਅੱਗੇ ਮੇਰਠ ਸ਼ਹਿਰ ਵੱਲ ਨਹੀਂ ਜਾਣ ਦਿੱਤਾ।
ਚੇਤੇ ਰਹੇ ਕਿ ਨਾਗਰਿਕਤਾ ਸੋਧ ਕਾਨੂੰਨ ਕਾਰਨ ਵਿਰੋਧ ਪ੍ਰਦਰਸ਼ਨਾਂ ਦੌਰਾਨ ਉੱਤਰ ਪ੍ਰਦੇਸ਼ ਦੇ ਮੇਰਠ ਸਮੇਤ ਕਈ ਸ਼ਹਿਰਾਂ ਵਿੱਚ ਭਾਰੀ ਹਿੰਸਾ ਵੇਖਣ ਨੂੰ ਮਿਲੀ ਸੀ। ਇਸ ਹਿੰਸਾ ਵਿੱਚ ਕਈ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ; ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਸਨ।
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਰੋਸ ਮੁਜ਼ਾਹਰਿਆਂ ਦੌਰਾਨ ਫੈਲੀ ਹਿੰਸਾ ’ਚ ਦੇਸ਼ ਵਿੱਚ ਸਭ ਤੋਂ ਵੱਧ ਮੌਤਾਂ ਉੱਤਰ ਪ੍ਰਦੇਸ਼ ’ਚ ਹੀ ਹੋਈਆਂ ਹਨ।