ਪਿਛਲੇ ਹਫ਼ਤੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਸੁਰੱਖਿਆ ਵਿੱਚ ਹੋਈ ਚੂਕ ਮਾਮਲੇ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮੰਗਲਵਾਰ ਨੂੰ ਰਾਜ ਸਭਾ ਨੂੰ ਦੱਸਿਆ ਕਿ ਤਿੰਨ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਮਾਮਲੇ ਦੀ ਉੱਚ ਪੱਧਰੀ ਜਾਂਚ ਦੇ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਪਹਿਲਾਂ ਇੱਕ ਕਾਂਗਰਸੀ ਮੈਂਬਰ ਨੇ ਲੋਕ ਸਭਾ ਵਿੱਚ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ ‘ਤੇ ਸੁਰੱਖਿਆ ਵਿੱਚ ਕਥਿਤ ਚੂਕ ਦਾ ਮੁੱਦਾ ਵੀ ਉਠਾਇਆ ਅਤੇ ਇਸ ‘ਤੇ ਗੰਭੀਰ ਚਿੰਤਾ ਜ਼ਾਹਰ ਕਰਦਿਆਂ ਸਰਕਾਰ ਤੋਂ ਮੰਗ ਕੀਤੀ ਕਿ ਗਾਂਧੀ ਪਰਿਵਾਰ ਦੀ ਸੁਰੱਖਿਆ ਦੇ ਮੁਕੰਮਲ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।
ਸਿਫ਼ਰ ਕਾਲ ਦੌਰਾਨ ਕਾਂਗਰਸ ਦੇ ਐਂਟੋ ਐਂਟਨੀ ਨੇ ਇਹ ਮੁੱਦਾ ਉਠਾਇਆ ਅਤੇ ਕਿਹਾ ਕਿ ਕਾਂਗਰਸ ਨੇਤਾ ਪ੍ਰਿਅੰਕਾ ਗਾਂਧੀ ਦੀ ਸੁਰੱਖਿਆ ਵਿੱਚ ਚੂਕ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਸਰਕਾਰ ਨੇ ਐਸਪੀਜੀ ਸੁਰੱਖਿਆ ਕਵਰ ਹਟਾਉਣ ਦੀ ਗੱਲ ਕੀਤੀ ਤਾਂ ਕਿਹਾ ਗਿਆ ਕਿ ਸੀਆਰਪੀਐਫ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ, ਪਰ ਅਜਿਹੀ ਸਥਿਤੀ ਕਿਵੇਂ ਪੈਦਾ ਹੋਈ।
ਉਨ੍ਹਾਂ ਨੇ ਸਵਾਲ ਕੀਤਾ ਕਿ ਕਿਵੇਂ ਸੱਤ ਲੋਕ ਪ੍ਰਿਯੰਕਾ ਗਾਂਧੀ ਦੀ ਰਿਹਾਇਸ਼ ਵਿੱਚ ਦਾਖ਼ਲ ਹੋਏ। ਐਂਟਨੀ ਨੇ ਕਿਹਾ ਕਿ ਜਿਸ ਪਰਿਵਾਰ ਨੇ ਦੋ ਪ੍ਰਧਾਨ ਮੰਤਰੀ ਗਵਾਏ ਉਹ ਉਸ ਪਰਿਵਾਰ ਦੀ ਸੁਰੱਖਿਆ ਵਿੱਚ ਕੁਤਾਹੀ ਠੀਕ ਨਹੀਂ ਹੈ।