ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨੇ ਸੋਮਵਾਰ ਨੂੰ ਮੁਕਾਬਲੇ ਵਿਚ ਲਸ਼ਕਰ ਏ ਤੋਇਬਾ ਦੇ ਚਾਰ ਅੱਤਵਾਦੀਆਂ ਨੁੰ ਮਾਰ ਮੁਕਾਇਆ। ਸੁਰੱਖਿਆ ਬਲਾਂ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।
ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੂੰ ਪੁਲਵਾਮਾ ਦੇ ਲਸਸੀਪੋਰਾ ਵਿਚ ਅੱਤਵਾਦੀਆਂ ਦੇ ਲੁੱਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਅਤੇ ਇਸ ਦੌਰਾਨ ਅੱਤਵਾਦੀਆਂ ਨਾਲ ਮੁਕਾਬਲਾ ਹੋ ਗਿਆ। ਇਸ ਵਿਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਾਰੇ ਗਏ ਸਾਰੇ ਅੱਤਵਾਦੀ ਲਸ਼ਕਰ ਏ ਤੋਇਬਾ ਦੇ ਸਨ।
ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਦੋ ਏ ਕੇ ਰਾਈਫਲ, ਇਕ ਐਸਐਲਆਰ ਅਤੇ ਇਕ ਪਿਸਤੌਲ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।
ਬੀਤੇ ਐਤਵਾਰ ਨੂੰ ਪਾਕਿਸਤਾਨ ਦੀ ਫੌਜ ਨੇ ਜੰਮੂ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨੇੜੇ ਰਾਜੌਰੀ ਜ਼ਿਲ੍ਹੇ ’ਚ ਚੌਕੀਆਂ ਅਤੇ ਪਿੰਡਾਂ ਨੂੰ ਨਿਸ਼ਾਨਾ ਬਣਾਉਣੇ ਹੋਏ ਮੋਰਟਰ ਦਾਗੇ ਅਤੇ ਗੋਲੀਬਾਰੀ ਕੀਤੀ। ਲਗਾਤਾਰ ਤੀਜੇ ਦਿਨ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕੀਤੀ ਸੀ। ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨ ਦੀ ਫੌਜ ਨੇ ਐਤਵਾਰ ਸਵੇਰੇ ਕਰੀਬ ਨੌ ਵਜੇ ਬਿਨਾਂ ਕਿਸੇ ਉਕਸਾਵੇ ਦੇ ਮੋਰਟਾਰਰ ਦਾਗੇ ਅਤੇ ਰਾਜੌਰੀ ਦੇ ਨੌਸ਼ੇਰਾ ਸੈਕਟਰ ਵਿਚ ਗੋਲੀਬਾਰੀ ਕੀਤੀ। ਭਾਰਤੀ ਫੌਜ ਇਸਦਾ ਮੂੰਹ ਤੋੜ ਜਵਾਬ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਗੋਲੀਬਾਰੀ ਵਿਚ ਕੋਈ ਨੁਕਸਾਨ ਨਹੀਂ ਹੋਇਆ। ਸ਼ਨੀਵਾਰ ਨੂੰ ਪੁੰਛ ਜ਼ਿਲ੍ਹੇ ਦੇ ਮਨਕੋਟ ਸੈਕਟਰ ਵਿਚ ਹੋਈ ਗੋਲੀਬਾਰੀ ਵਿਚ ਇਕ ਨਾਗਰਿਕ ਜ਼ਖਮੀ ਹੋ ਗਿਆ ਸੀ।