ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਰਾਜਧਾਨੀ ਵਿੱਚ ਪ੍ਰਦੂਸ਼ਣ ਦਾ ਪੱਧਰ ਵਧਣ ਲਈ ਦਿੱਲੀ ਦੇ ਮੁੱਖ ਮੰਤਰੀ ਵੱਲੋਂ ਸਿਰਫ ਪੰਜਾਬ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਬਿਆਨ ਉੱਤੇ ਸਵਾਲ ਖੜ੍ਹੇ ਕੀਤੇ ਹਨ। ਮੁੱਖ ਮੰਤਰੀ ਨੇ ਕੇਜਰੀਵਾਲ ਨੂੰ ਸਿਆਸੀ ਨੌਟੰਕੀਆਂ ਛੱਡਣ ਤੇ ਅੰਕੜਿਆਂ ਨੂੰ ਖੰਘਾਲਣ ਲਈ ਆਖਿਆ।
ਇੱਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਦੇ ਬਿਆਨ ਨੂੰ ਰੱਦ ਕਰਦਿਆਂ ਅੰਕੜਿਆਂ ਦਾ ਹਵਾਲਾ ਦਿੱਤਾ. ਕੈਪਟਨ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਇਹ ਹੋਰ ਚਾਲ ਚੱਲੀ ਹੈ। ਪੰਜਾਬ ਵਿੱਚ ਪਰਾਲੀ ਸਾੜਣ ਦੀਆਂ ਸੈਟੇਲਾਈਟ ਤਸਵੀਰਾਂ ਰਾਹੀਂ ਦਿੱਲੀ ਵਿੱਚ ਗੰਭੀਰ ਪ੍ਰਦੂਸ਼ਣ ਦਾ ਮੁੱਖ ਕਾਰਨ ਬਣਨ ਬਾਰੇ ਕੇਜਰੀਵਾਲ 'ਤੇ ਚੁਟਕੀ ਲੈਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਸ ਨਾਲੋਂ ਤਾਂ ਸਕੂਲਾਂ ਦੇ ਬੱਚਿਆਂ ਨੂੰ ਵੱਧ ਪਤਾ ਹੋਵੇਗਾ। ਮੁੱਖ ਮੰਤਰੀ ਨੇ ਪੱਛਿਆ,''ਕੀ ਉਹ (ਕੇਜਰੀਵਾਲ) ਸੱਚਮੁੱਚ ਆਈ.ਆਈ.ਟੀ. ਗ੍ਰੇਜੂਏਟ ਹੈ?''
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੇ ਮੌਸਮ ਵਿਭਾਗ ਦੇ ਵੈਦਰ ਰਿਸਚਰਚ ਐਂਡ ਫੌਰਕਾਸਟਿੰਗ ਮਾਡਲ ਦੀ ਹਵਾ ਪ੍ਰਦੂਸ਼ਣ ਬਾਰੇ ਤਾਜ਼ਾ ਰਿਪੋਰਟ ਅਨੁਸਾਰ ਦਿੱਲੀ-ਐਨ.ਸੀ.ਆਰ. ਦੀਆਂ ਹਵਾਵਾਂ ਉੱਤਰ-ਦੱਖਣੀ ਤੋਂ ਪੂਰਬ ਵੱਲ ਬਦਲ ਚੁੱਕੀਆਂ ਹਨ ਜਿਸ ਕਰਕੇ ਪੰਜਾਬ ਤੇ ਹਰਿਆਣਾ ਵਿੱਚ ਪਰਾਲੀ ਸਾੜਣ ਦੀਆਂ ਘਟਨਾਵਾਂ ਦਾ ਸ਼ਾਇਦ ਹੀ ਕੋਈ ਪ੍ਰਭਾਵ ਪੈਂਦਾ ਹੋਵੇ। ਜੇਕਰ ਦਿੱਲੀ ਦੀ ਆਬੋ-ਹਵਾ ਦੇ ਪ੍ਰਦੂਸ਼ਣ ਦਾ ਕਾਰਨ ਪਰਾਲੀ ਸਾੜਣਾ ਹੀ ਹੈ ਤਾਂ ਇਸ ਨਾਲ ਸਭ ਤੋਂ ਪਹਿਲਾਂ ਪੰਜਾਬ ਦੇ ਸ਼ਹਿਰਾਂ ਦੇ ਏ.ਕਿਊ.ਆਈ. 'ਤੇ ਇਸ ਦਾ ਪ੍ਰਭਾਵ ਪੈਂਦਾ।