ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਹਾਰਾਸ਼ਟਰ ਦੇ ਜ਼ਿਲ੍ਹਾ ਪਰਭਾਣੀ ਦੇ ਪਿੰਡ ਬਲਸਾ ਵਿਖੇ ਪੁਲਿਸ ਪ੍ਰਸ਼ਾਸਨ ਵੱਲੋਂ ਸਿਕਲੀਗਰ ਸਿੱਖਾਂ ਦੇ ਘਰ ਢਾਹੇ ਜਾਣ ਅਤੇ ਗੁਰਦੁਆਰਾ ਸਾਹਿਬ ਦੇ ਨਿਸ਼ਾਨ ਸਾਹਿਬ ਦਾ ਨੁਕਸਾਨ ਕਰਨ ਦਾ ਸਖ਼ਤ ਨੋਟਿਸ ਲਿਆ ਹੈ। ਤਾਜ਼ਾ ਘਟਨਾ ਮੁਤਾਬਕ ਪਿੰਡ ਬਲਸਾ ’ਚ ਸਿਕਲੀਗਰ ਸਿੱਖਾਂ ਨੂੰ ਤੰਗ ਕੀਤੇ ਜਾਣ ਦੀ ਖ਼ਬਰ ਹੈ, ਜਿਸਦੀ ਸ਼੍ਰੋਮਣੀ ਕਮੇਟੀ ਨੇ ਸ਼ਖਤ ਸ਼ਬਦਾਂ ਚ ਨਿੰਦਾ ਕੀਤੀ ਹੈ।
ਸ਼੍ਰੋਮਣੀ ਕਮੇਟੀ ਨੇ ਆਪਣੇ ਬਿਆਨ ਚ ਕਿਹਾ ਕਿ ਇਸ ਮਾਮਲੇ ਬਾਰੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨਾਲ ਵਿਚਾਰ ਕੀਤੀ ਗਈ ਹੈ ਅਤੇ ਉਨ੍ਹਾਂ ਨੇ ਮਾਮਲੇ ਦੀ ਮੁਕੰਮਲ ਜਾਣਕਾਰੀ ਲਈ ਛੱਤੀਸਗੜ੍ਹ ਸਿੱਖ ਮਿਸ਼ਨ ਦੇ ਇੰਚਾਰਜ ਦੀ ਡਿਊਟੀ ਲਗਾ ਦਿੱਤੀ ਹੈ। ਉਨ੍ਹਾਂ ਆਖਿਆ ਕਿ ਸਿਕਲੀਗਰ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਮਹਾਰਾਸ਼ਟਰ ਸਰਕਾਰ ਨਾਲ ਰਾਬਤਾ ਵੀ ਬਣਾਉਣਗੇ।
ਬਿਆਨ ਮੁਤਾਬਕ ਬੀਤੇ ਸਾਲ ਸਥਾਨਕ ਪ੍ਰਸ਼ਾਸਨ ਵੱਲੋਂ 40 ਸਿਕਲੀਗਰ ਸਿੱਖ ਜਿਨ੍ਹਾਂ ’ਤੇ ਕੇਸ ਪਾ ਦਿੱਤੇ ਗਏ ਸਨ, ਇਨ੍ਹਾਂ ਪੀੜਤਾਂ ਦੀ ਸ਼੍ਰੋਮਣੀ ਕਮੇਟੀ ਵਲੋਂ ਆਰਥਿਕ ਸਹਾਇਤਾ ਵੀ ਕੀਤੀ ਗਈ। ਉਨ੍ਹਾਂ ਕਿਹਾ ਕਿ ਸਿਕਲੀਗਰ ਸਿੱਖਾਂ ਨੂੰ ਮੱਦਦ ਦੇਣ ਚ ਸ਼੍ਰੋਮਣੀ ਕਮੇਟੀ ਹਮੇਸ਼ਾ ਆਪਣੀ ਜ਼ੁੰਮੇਵਾਰੀ ਨਿਭਾਉਂਦੀ ਰਹੇਗੀ।