ਭਾਜਪਾ ਪ੍ਰਧਾਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੀਨੀਅਰ ਪਾਰਟੀ ਨੇਤਾ ਸੁਸ਼ਮਾ ਸਵਰਾਜ ਦੇ ਦੇਹਾਂਤ ਨੂੰ ਭਾਜਪਾ ਅਤੇ ਭਾਰਤੀ ਰਾਜਨੀਤੀ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਵਿਦੇਸ਼ ਮੰਤਰੀ ਸਣੇ ਵੱਖ-ਵੱਖ ਅਹੁਦਿਆਂ ‘ਤੇ ਕੰਮ ਕਰਦਿਆਂ ਉਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ। ਸ਼ਾਹ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਸੁਸ਼ਮਾ ਸਵਰਾਜ ਦੀ ਮੌਤ ਭਾਜਪਾ ਅਤੇ ਭਾਰਤੀ ਰਾਜਨੀਤੀ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਸਾਬਕਾ ਵਿਦੇਸ਼ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਅਤੇ ਸੰਸਦੀ ਬੋਰਡ ਦੀ ਮੈਂਬਰ ਸੁਸ਼ਮਾ ਸਵਰਾਜ ਦੇ ਅਚਾਨਕ ਅਕਾਲ ਚਲਾਣੇ ਨਾਲ ਮਨ ਬਹੁਤ ਦੁਖੀ ਹੈ। ਉਨ੍ਹਾਂ ਨੇ ਇੱਕ ਬੁਲਾਰੇ, ਇੱਕ ਆਦਰਸ਼ ਕਾਰਕੁੰਨ, ਪ੍ਰਸਿੱਧ ਲੋਕ ਨੁਮਾਇੰਦਾ ਅਤੇ ਇੱਕ ਕਾਰਜਕਾਰੀ ਮੰਤਰੀ ਵਰਗੇ ਵੱਖ-ਵੱਖ ਰੂਪਾਂ ਵਿੱਚ ਭਾਰਤੀ ਰਾਜਨੀਤੀ ਵਿੱਚ ਆਪਣੀ ਇੱਕ ਅਮਿੱਟ ਛਾਪ ਛੱਡੀ ਹੈ।
ਉਨ੍ਹਾਂ ਕਿਹਾ ਕਿ ਸਾਰੇ ਭਾਜਪਾ ਵਰਕਰਾਂ ਵੱਲੋਂ ਉਨ੍ਹਾਂ ਦੇ ਪਰਿਵਾਰ, ਸਮਰੱਥਕਾਂ ਅਤੇ ਸ਼ੁਭਚਿੰਤਕਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ। ਪ੍ਰਮਾਤਮਾ ਵਿਛੜੀ ਰੂਹ ਨੂੰ ਸ਼ਾਂਤੀ ਬਖਸ਼ੇ।
ਸੁਸ਼ਮਾ ਸਵਰਾਜ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਸ਼ਰਧਾਂਜਲੀ ਦੇਣ ਤੋਂ ਬਾਅਦ ਸ਼ਾਹ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਵਿਦੇਸ਼ ਮੰਤਰੀ ਹੋਣ ਦੇ ਨਾਤੇ ਉਨ੍ਹਾਂ ਨੇ ਪੂਰੀ ਦੁਨੀਆ ਵਿੱਚ ਭਾਰਤ ਦਾ ਮਾਣ ਵਧਾਇਆ ਅਤੇ ਉਨ੍ਹਾਂ ਦੀ ਮੌਤ ਨਾਲ ਪੈਣ ਵਾਲਾ ਘਾਟਾ ਕਦੇ ਪੂਰਾ ਨਹੀਂ ਹੋ ਸਕਦਾ।