ਸਾਬਕਾ ਕੇਂਦਰੀ ਮੰਤਰੀ ਵਿੱਤ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਅਰੁਣ ਜੇਤਲੀ ਦੇ ਮ੍ਰਿਤਕ ਸ਼ਰੀਰ ਨੂੰ ਤਿਰੰਗੇ ਵਿਚ ਲਪੇਟਕੇ ਭਾਜਪਾ ਦਫ਼ਤਰ ਤੋਂ ਨਿਗਮ ਬੋਧ ਘਾਟ ਲਈ ਲਿਆਂਦਾ ਗਿਆ ਜਿੱਥੇ ਉਨ੍ਹਾਂ ਦਾ ਸਰਕਾਰੀ ਸਨਮਾਨ ਨਾਲ ਸਸਕਾਰ ਕੀਤਾ ਗਿਆ। ਅਰੁਣ ਜੇਤਲੀ ਦੇ ਪੁੱਤਰ ਰੋਹਨ ਨੇ ਚਿਖਾ ਨੂੰ ਅਗਨੀ ਦਿੱਤੀ।
ਇਸ ਮੌਕੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਿਗਮ ਬੋਧ ਘਾਟ ਪਹੁੰਚੇ।
ਇਸ ਤੋਂ ਪਹਿਲਾਂ, ਅਰੁਣ ਜੇਤਲੀ ਦੇ ਮ੍ਰਿਤਕ ਸ਼ਰੀਰ ਨੂੰ ਲੋਕਾਂ ਦੇ ਅੰਤਿਮ ਦਰਸ਼ਨ ਲਈ ਰਾਸ਼ਟਰੀ ਰਾਜਧਾਨੀ ਵਿਚ ਉਨ੍ਹਾਂ ਦੀ ਰਿਹਾਇਸ਼ ਕੈਲਾਸ ਕਾਲੋਨ ਤੋਂ ਭਾਰਤੀ ਜਨਤਾ ਪਾਰਟੀ ਮੁੱਖ ਦਫ਼ਤਰ ਲਿਆਂਦਾ ਗਿਆ। ਜੇਤਲੀ ਦੇ ਮ੍ਰਿਤਕ ਸ਼ਰੀਰ ਨੂੰ ਫੁੱਲਾਂ ਨਾਲ ਸਜਾਕੇ ਫੌਜ ਦੇ ਵਾਹਨ ਨਾਲ ਭਾਜਪਾ ਦਫ਼ਤਰ ਲਿਆਂਦਾ ਗਿਆ।
ਸਾਬਕਾ ਵਿੱਤ ਮੰਤਰੀ ਦਾ ਸ਼ਨੀਵਾਰ ਨੂੰ ਏਮਜ਼ ਵਿਚ ਲੰਬੀ ਬਿਮਾਰੀ ਬਾਅਦ ਦੇਹਾਂਤ ਹੋ ਗਿਆ ਸੀ। ਪਾਰਟੀ ਮੁੱਖ ਦਫ਼ਤਰ ਵਿਚ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਅਮਿਤ ਸ਼ਾਹ, ਕਾਰਜਕਾਰੀ ਪ੍ਰਧਾਨ ਜੇ ਪੀ ਨੱਢਾ, ਰੇਲ ਮੰਤਰੀ ਪੀਯੂਸ਼ ਗੋਇਲ, ਜੇਤਲੀ ਦੀ ਪਤਨੀ ਅਤੇ ਪੁਤਰੀ ਅਤੇ ਹੋਰ ਆਗੂ ਹਾਜ਼ਰ ਸਨ।