ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠਲੀ ਨਵੀਂ ਸਰਕਾਰ ਨੇ ਚੋਣਾਂ ਦੌਰਾਨ ਕੀਤੇ ਵਾਅਦੇ ਪੂਰੇ ਕਰਨ ਲਈ ਕਦਮ ਚੁੱਕਣਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ ਅੱਜ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦਾ ਘੇਰਾ ਵਧਾਉ਼ਦਿਆਂ ਇਸ ਅਧੀਨ ਸਾਰੇ ਕਿਸਾਨਾਂ ਨੂੰ 6,000 ਰੁਪਏ ਸਾਲਾਨਾ ਦੇਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ।
ਨਵੀਂ NDA ਸਰਕਾਰ ਦੇ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਗਿਆ। ਆਮ ਚੋਦਾਂ ਦੇ ਆਪਣੇ ਮੈਨੀਫ਼ੈਸਟੋ ’ਚ ਭਾਜਪਾ ਨੇ ਸਾਰੇ ਕਿਸਾਨਾਂ ਨੂੰ ਇਸ ਯੋਜਨਾ ਦੇ ਘੇਰੇ ਵਿੱਚ ਲਿਆਉਣ ਦਾ ਵਾਅਦਾ ਕੀਤਾ ਸੀ।
ਪ੍ਰਧਾਨ ਮੰਤਰੀ ਕਿਸਾਨ ਯੋਜਨਾ ਅਧੀਨ ਹੁਣ 14.5 ਕਰੋੜ ਕਿਸਾਨਾਂ ਨੂੰ ਲਾਭ ਪੁੱਜੇਗਾ। ਇਸ ਨਾਲ ਸਰਕਾਰੀ ਖ਼ਜ਼ਾਨੇ ਉੱਤੇ 87,000 ਕਰੋੜ ਰੁਪਏ ਦਾ ਸਾਲਾਨਾ ਬੋਝ ਪਵੇਗਾ।
ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੀਐੱਮ–ਕਿਸਾਨ ਯੋਜਨਾ ਦਾ ਘੇਰਾ ਵਧਾ ਕੇ ਸਾਰੇ ਕਿਸਾਨਾਂ ਨੂੰ ਇਸ ਅਧੀਨ ਲਿਆਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਵਿੱਤੀ ਸਾਲ 2019–20 ਦੇ ਅੰਤ੍ਰਿਮ ਬਜਟ ਵਿੱਚ 75,000 ਕਰੋੜ ਰੁਪਏ ਦੀ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਇਸ ਅਧੀਨ ਸਰਕਾਰ ਨੇ ਦੋ ਹੈਕਟੇਅਰ ਤੱਕ ਦੇ ਖੇਤ ਉੱਤੇ ਵਾਹੀ ਕਰਨ ਵਾਲੇ ਲਗਭਗ 12 ਕਰੋੜ ਛੋਟੇ ਤੇ ਹਾਸ਼ੀਏ ਉੱਤੇ ਗਏ ਕਿਸਾਨਾਂ ਨੂੰ 6,000 ਰੁਪਏ ਸਾਲਾਨਾ ਤਿੰਨ ਕਿਸ਼ਤਾਂ ਵਿੱਚ ਦੇਣ ਦਾ ਐਲਾਨ ਕੀਤਾ ਸੀ।