ਨਾਗਰਿਕਤਾ ਸੋਧ ਕਾਨੂੰਨ (ਸੀਏਏ) ਅਤੇ ਐਨਆਰਸੀ ਵਿਰੁੱਧ ਪਿਛਲੇ ਚਾਰ ਦਿਨਾਂ ਤੋਂ ਲਖਨਊ ਦੇ ਘੰਟਾਘਰ ਵਿਖੇ ਰੋਸ ਪ੍ਰਦਰਸ਼ਨ ਚੱਲ ਰਿਹਾ ਹੈ। ਪ੍ਰਦਰਸ਼ਨਕਾਰੀਆਂ 'ਤੇ ਲਖਨਊ ਪੁਲਿਸ ਨੇ ਕਾਰਵਾਈ ਕਰਦਿਆਂ ਐਫਆਈਆਰ ਦਰਜ ਕੀਤੀ ਹੈ। ਠਾਕੁਰਗੰਜ ਪੁਲਿਸ ਨੇ ਇਸ ਮਾਮਲੇ 'ਚ ਤਿੰਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਹਨ, ਜਿਨ੍ਹਾਂ ਵਿੱਚ ਪ੍ਰਸਿੱਧ ਕਵੀ ਮੁਨੱਵਰ ਰਾਣਾ ਦੀਆਂ ਦੋ ਧੀਆਂ ਦੇ ਨਾਮ ਵੀ ਸ਼ਾਮਲ ਹਨ।
ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀ ਔਰਤਾਂ ਨੇ ਦੋਸ਼ ਲਾਇਆ ਸੀ ਕਿ ਪੁਲਿਸ ਨੇ ਸਨਿੱਚਰਵਾਰ ਦੇਰ ਰਾਤ ਉਨ੍ਹਾਂ ਦੇ ਕੰਬਲ ਜ਼ਬਤ ਕਰ ਲਏ ਸਨ। ਹਾਲਾਂਕਿ ਬਾਅਦ ਵਿੱਚ ਪੁਲਿਸ ਨੇ ਇੱਕ ਬਿਆਨ ਜਾਰੀ ਕਰਕੇ ਇਸ ਬਾਰੇ ਸਫਾਈ ਦਿੱਤੀ ਸੀ। ਮੀਡੀਆ ਰਿਪੋਰਟਾਂ ਅਨੁਸਾਰ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕਰ ਰਹੇ 24 ਲੋਕਾਂ ਵਿਰੁੱਧ ਨਾਮਜ਼ਦ ਅਤੇ 126 ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਠਾਕੁਰਗੰਜ ਥਾਣੇ 'ਚ ਸੁਮੱਈਆ ਰਾਣਾ, ਫੈਜ਼ੀਆ ਰਾਣਾ ਸਣੇ 10 ਹੋਰਨਾਂ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਸੁਮੱਈਆ ਰਾਣਾ ਅਤੇ ਫੈਜ਼ੀਆ ਰਾਣਾ ਪ੍ਰਸਿੱਧ ਕਵੀ ਮੁਨੱਵਰ ਰਾਣਾ ਦੀਆਂ ਧੀਆਂ ਹਨ।
ਏਡੀਸੀਪੀ (ਪੱਛਮ) ਵਿਕਾਸ ਚੰਦਰ ਤ੍ਰਿਪਾਠੀ ਨੇ ਦੱਸਿਆ ਕਿ ਧਾਰਾ 144 ਲਾਗੂ ਹੋਣ ਕਾਰਨ ਰੋਸ ਪ੍ਰਦਰਸ਼ਨ ਪੂਰੀ ਤਰ੍ਹਾਂ ਗੈਰ-ਸੰਵਿਧਾਨਕ ਹੈ। ਘੰਟਾਘਰ ਦੇ ਸਾਹਮਣੇ ਔਰਤਾਂ ਪਿਛਲੇ ਚਾਰ ਦਿਨਾਂ ਤੋਂ ਆਪਣੇ ਬੱਚਿਆਂ ਨਾਲ ਨਾਗਰਿਕਤਾ ਸੋਧ ਕਾਨੂੰਨ ਦਾ ਵਿਰੋਧ ਕਰ ਰਹੀਆਂ ਹਨ।