ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਲੋਕ ਸਭਾ ਚੋਣਾਂ ਵਿਚ ਮਨਮੋਹਨ ਸਿੰਘ ਨੂੰ ਅੰਮ੍ਰਿਤਸਰ ਤੋਂ ਉਮੀਦਵਾਰ ਬਣਾਉਣ ਦੀਆਂ ਖਬਰਾਂ ਨੂੰ ਖਾਰਜ ਕਰਦੇ ਹੋਏ ਕਿਹਾ ਕਿ ਉਹ ਕਦੇ ਇਸ ਸੂਚੀ ਵਿਚ ਨਹੀਂ ਸਨ। ਉਨ੍ਹਾਂ ਸੂਬੇ ਵਿਚ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਜਾਂ ਕਿਸੇ ਹੋਰ ਪਾਰਟੀ ਨਾਲ ਕਿਸੇ ਤਰ੍ਹਾਂ ਦੇ ਗਠਜੋੜ ਦੀ ਗੱਲਬਾਤ ਨੂੰ ਵੀ ਖਾਰਜ ਕਰ ਦਿੱਤਾ। ਉਨ੍ਹਾਂ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਕਿਸੇ ਗਠਜੋੜ ਦੀ ਜ਼ਰੂਰਤ ਨਹੀਂ ਹੈ ਅਤੇ ਨਾ ਹੀ ਉਹ ਇਸ ਬਾਰੇ ਕਿਸੇ ਪਾਰਟੀ ਨਾਲ ਚਰਚਾ ਕਰ ਰਹੀ ਹੈ।
ਇਸ ਤੋਂ ਪਹਿਲਾਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿਚ ਕਿਹਾ ਕਿ ਉਨ੍ਹਾਂ ਦੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਨਾਲੋਂ ਅਲੱਗ ਹੋ ਕੇ ਬਣੀ ਪਾਰਟੀ ਲੋਕ ਸਭਾ ਚੋਣਾਂ ਲਈ ਪੰਜਾਬ ਵਿਚ ਗਠਜੋੜ ਨੂੰ ਲੈ ਕੇ ਗੱਲਬਾਤ ਕਰ ਰਹੀ ਹੈ। ਅਮਰਿੰਦਰ ਸਿੰਘ ਨੇ ਦਿੱਲੀ ਵਿਚ ਸਾਬਕਾ ਪ੍ਰਧਾਨ ਮੰਤਰੀ ਨਾਲ ਆਪਣੀ ਮੁਲਾਕਾਤ ਨੂੰ ਸ਼ਿਸ਼ਟਾਚਾਰ ਮੁਲਾਕਾਤ ਦੱਸਿਆ। ਇਸ ਦੌਰਾਨ ਉਨ੍ਹਾਂ ਪੰਜਾਬ ਵਿਚ ਕਾਂਗਰਸ ਦੀਆਂ ਯੋਜਨਾਵਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਦਿੱਤੀ।
ਮੁੱਖ ਮੰਤਰੀ ਨੇ ਇੱਥੋਂ ਤੱਕ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਉਮੀਦਵਾਰੀ ਲਈ ਕਦੇ ਵੀ ਸੂਚੀ ਵਿਚ ਨਹੀਂ ਸਨ, ਉਨ੍ਹਾਂ ਸਪੱਸ਼ਟ ਕਰ ਦਿੱਤਾ ਕਿ ਉਹ ਚੋਣ ਲੜਨ ਦੇ ਇਛੁੱਕ ਨਹੀਂ ਹਨ। ਪੰਜਾਬ ਦੀ ਪਾਰਟੀ ਇੰਚਾਰਜ ਆਸ਼ਾ ਕੁਮਾਰੀ ਅਤੇ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਨਾਲ ਅਮਰਿੰਦਰ ਸਿੰਘ ਨੇ ਨਵੀਂ ਦਿੱਲੀ ਵਿਚ ਮਨਮੋਹਨ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਕੁਝ ਖਬਰਾਂ ਅਨੁਸਾਰ ਉਨ੍ਹਾਂ ਸਾਬਕਾ ਪ੍ਰਧਾਨ ਮੰਤਰੀ ਨੂੰ ਅੰਮ੍ਰਿਤਸਰ ਤੋਂ ਲੋਕ ਸਭਾ ਚੋਣ ਲੜਾਉਣ ਦੀ ਅਪੀਲ ਕੀਤੀ। ਕੁਝ ਖਬਰਾਂ ਵਿਚ ਕਿਹਾ ਗਿਆ ਕਿ ਮਨਮੋਹਨ ਸਿੰਘ ਆਪਣੀ ਉਮਰ ਕਾਰਨ ਚੋਣ ਲੜਨਾ ਨਹੀਂ ਚਾਹੁੰਦੇ।
ਅਮਰਿੰਦਰ ਸਿੰਘ ਨੇ ਕਿਹਾ ਕਿ ਪਾਰਟੀ ਇਨ੍ਹਾਂ ਚੋਣਾਂ ਨੂੰ ਲੈ ਕੇ ਉਤਸਾਹਿਤ ਹੈ ਜੋ ਇਸ ਗੱਲ ਤੋਂ ਪਤਾ ਚਲਦਾ ਹੈ ਕਿ ਉਸਨੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਲਈ ਨਰਿੰਦਰ ਮੋਦੀ ਦੇ ਗ੍ਰਹਿ ਖੇਤਰ ਅਹਿਮਦਾਬਾਦ ਨੂੰ ਚੁਣਿਆ ਹੈ। ਪੰਜਾਬ ਕਾਂਗਰਸ ਦੇ ਉਮੀਦਵਾਰਾਂ ਉਤੇ ਇਕ ਸਵਾਲ ਦੇ ਜਵਾਬ ਵਿਚ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੀ ਮੀਟਿੰਗ ਇਸ ਹਫਤੇ ਦੇ ਅੰਤ ਵਿਚ ਦਿੱਲੀ ਵਿਚ ਹੋ ਸਕਦੀ ਹੈ। ਸੂਬੇ ਵਿਚ ਪਾਰਟੀ ਦੇ ਸਟਾਰ ਪ੍ਰਚਾਰਕਾਂ ਬਾਰੇ ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਪਾਰਟੀ ਲਈ ਅਹਿਮ ਪ੍ਰਚਾਰਕਾਂ ਦੇ ਨਾਮ ਉਤੇ ਫੈਸਲਾ ਲੈਣ ਦੀ ਜ਼ਿੰਮੇਵਾਰੀ ਕਾਂਗਰਸ ਹਾਈ ਕਮਾਨ ਦੀ ਹੈ।
ਇਸ ਪੁੱਛੇ ਜਾਣ ਉਤੇ ਕਿ ਕੀ ਕੰਟਰੋਲ ਰੇਖਾ ਪਾਰ ਭਾਰਤੀ ਹਵਾਈ ਫੌਜ ਦਾ ਹਵਾਈ ਹਮਲਾ ਕੇਂਦਰ ਦੀ ਸੱਤਾਧਾਰੀ ਭਾਜਪਾ ਲਈ ਲਾਭਦਾਇਕ ਸਾਬਤ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਭਾਰਤੀ ਜਵਾਨ ਹਰ ਰੋਜ ਮਾਰੇ ਜਾ ਰਹੇ ਹਨ। ਹਵਾਈ ਹਮਲੇ ਅਜੇ ਤੱਕ ਭਾਰਤ ਉਤੇ ਪਾਕਿਸਤਾਨ ਸਮਰਥਤ ਹਮਲਿਆਂ ਨੂੰ ਰੋਕ ਨਹੀਂ ਸਕੇ। ਉਨ੍ਹਾਂ ਕਿਹਾ ਕਿ ਭਾਰਤੀ ਫੌਜ ਦੇ ਰਾਜਨੀਤੀਕਰਨ ਦੀ ਕੋਈ ਕੋਸ਼ਿਸ਼ ਨਹੀਂ ਕੀਤੀ ਜਾਣੀ ਚਾਹੀਦੀ। ਉਨ੍ਹਾਂ ਇਸ ਉਤੇ ਖੁਸ਼ੀ ਪ੍ਰਗਟਾਈ ਕਿ ਸਰਹੱਦ ਉਤੇ ਤਣਾਅ ਦੇ ਬਾਵਜੂਦ ਕਰਤਾਰਪੁਰ ਕੋਰੀਡੋਰ ਪਰਿਯੋਜਨਾ ਉਤੇ ਤੇਜ਼ੀ ਨਾਲ ਕੰਮ ਹੋ ਰਿਹਾ ਹੈ।