ਚੋਣ ਕਮਿਸ਼ਨ ਨੇ ਅੱਜ ਕਿਹਾ ਹੈ ਕਿ ਬੀਤੇ ਦਿਨੀਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਤਾਮਿਲ ਨਾਡੂ ਦੀ ਰਾਜਧਾਨੀ ਚੇਨਈ ਦੇ ਇੱਕ ਮਹਿਲਾ ਕਾਲਜ ਵਿੱਚ ਵਿਦਿਆਰਥਣਾਂ ਨਾਲ ਗੱਲਬਾਤ ਕਰ ਕੇ ਕਿਸੇ ਤਰ੍ਹਾਂ ਦੇ ਚੋਣ–ਜ਼ਾਬਤੇ ਦੀ ਉਲੰਘਣਾ ਨਹੀਂ ਕੀਤੀ ਹੈ ਪਰ ਕਮਿਸ਼ਨ ਨੇ ਸ੍ਰੀ ਰਾਹੁਲ ਗਾਂਧੀ ਦੇ ਉਸ ਭਾਸ਼ਣ ਬਾਰੇ ਰਿਪੋਰਟ ਵੀ ਮੰਗੀ ਹੈ।
ਤਾਮਿਲ ਨਾਡੂ ਦੇ ਮੁੱਖ ਚੋਣ ਅਧਿਕਾਰੀ (CEO) ਸੱਤਿਆਬ੍ਰਤ ਸਾਹੂ ਨੇ ਕਿਹਾ ਕਿ ਸਥਾਨਕ ਚੋਣ ਅਧਿਕਾਰੀਆਂ ਨੇ ਦੱਸਿਆ ਕਿ ਬੀਤੀ 13 ਮਾਰਚ ਨੂੰ ਸ੍ਰੀ ਰਾਹੁਲ ਗਾਂਧੀ ਵੱਲੋਂ ਵਿਦਿਆਰਥਣਾਂ ਦੇ ਸੈਸ਼ਨ ਦੀ ਅਗਾਊਂ ਇਜਾਜ਼ਤ ਸਟੈਲਾ ਮੈਰਿਸ ਕਾਲਜ ਦੇ ਪ੍ਰਬੰਧਕਾਂ ਨੇ ਲਈ ਹੋਈ ਸੀ ਤੇ ਚੋਣ ਜ਼ਾਬਤੇ ਦੀ ਕੋਈ ਉਲੰਘਣਾ ਨਹੀਂ ਹੋਈ।
ਸੂਬਾਈ ਚੋਣ ਅਧਿਕਾਰੀ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਅਧਿਕਾਰੀ ਨੇ ਸੂਚਿਤ ਕੀਤਾ ਹੈ ਕਿ ਸ੍ਰੀ ਰਾਹੁਲ ਗਾਂਧੀ ਦੇ ਸਮਾਰੋਹ ਦੀ ਅਗਾਊਂ ਪ੍ਰਵਾਨਗੀ ਲਈ ਗਈ ਸੀ। ਉਂਝ ਸ੍ਰੀ ਗਾਂਧੀ ਦੇ ਭਾਸ਼ਣ ਬਾਰੇ ਹੋਰ ਸੂਚਨਾ ਵੀ ਮੰਗੀ ਹੈ।
ਇਸ ਤੋਂ ਪਹਿਲਾਂ ਤਾਮਿਲ ਨਾਡੂ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ ਕਿ ਕਾਲਜ ਨੇ ਆਖ਼ਰ ਸ੍ਰੀ ਰਾਹੁਲ ਗਾਂਧੀ ਨੂੰ ਵਿਦਿਆਰਥਣਾਂ ਨਾਲ ਗੱਲਬਾਤ ਦੀ ਇਜਾਜ਼ਤ ਕਿਵੇਂ ਦਿੱਤੀ, ਜਦ ਕਿ ਚੋਣ ਜ਼ਾਬਤਾ ਲੱਗਾ ਹੋਇਆ ਸੀ।