ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਪੰਚਾਇਤੀ ਰਾਜ ਬਲਾਕ ਢਿੱਲਵਾਂ ਜਿ਼ਲ੍ਹਾ ਕਪੂਰਥਲਾ ਵਿਖੇ ਤਾਇਨਾਤ ਸਹਾਇਕ ਇੰਜੀਨੀਅਰ (ਏ ਈ) ਮੋਹਨ ਲਾਲ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਏ ਈ ਮੋਹਨ ਲਾਲ ਨੂੰ ਸ਼ਿਕਾਇਤ ਕਰਤਾ ਕੁਲਵਿੰਦਰ ਸਿੰਘ ਸਰਪੰਚ ਪਿੰਡ ਪ੍ਰੈਮ ਨਗਰ ਜਿ਼ਲ੍ਹਾ ਕਪੂਰਥਲਾ ਦੀ ਸ਼ਿਕਾਇਤ `ਤੇ ਵਿਜੀਲੈਂਸ ਬਿਓਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਓਰੋ ਨੂੰ ਆਪਣੀ ਸ਼ਿਕਾਇਤ `ਚ ਦੱਸਿਆ ਕਿ ਸਰਕਾਰ ਵਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਪ੍ਰਾਪਤ ਹੋਈ ਗ੍ਰਾਂਟ ਨੂੰ ਖਰਚਣ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਏ ਈ ਵਲੋਂ 20,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 15000 `ਚ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਏ ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ `ਚ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।