ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਆਰੰਭੇ ਯਤਨਾਂ ਤਹਿਤ ਸ੍ਰੀ ਗੁਰੂ ਰਾਮਦਾਸ ਲੰਗਰ ਦੇ ਬਾਹਰ, ਸਰਾਵਾਂ ਨਜ਼ਦੀਕ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਾਲੇ ਪਾਸੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ ਹੈ।
ਇਸ ਯੋਜਨਾ ਤਹਿਤ ਜਿਥੇ ਰਸਤਿਆਂ ਦੇ ਦੋਹੀਂ ਪਾਸੀਂ ਬੂਟੇ ਲਗਾਏ ਜਾਣਗੇ, ਉਥੇ ਹੀ ਵੱਖ-ਵੱਖ ਇਮਾਰਤਾਂ ਦੀਆਂ ਛੱਤਾਂ ਅਤੇ ਸਰਾਵਾਂ ਵਿਚ ਪੈਂਦੇ ਖਾਲੀ ਅਸਥਾਨਾਂ ਵਿਚ ਬੂਟੇ ਲਗਾਏ ਜਾਣਗੇ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਕਾਰਸੇਵਾ ਭੂਰੀਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ ਤੇ ਹੋਰਾਂ ਨੇ ਸਾਂਝੇ ਰੂਪ ਵਿਚ ਇਸ ਦੀ ਅੱਜ ਸ਼ੁਰੂਆਤ ਕੀਤੀ।
ਡਾ. ਰੂਪ ਸਿੰਘ ਨੇ ਦੱਸਿਆ ਕਿ ਹਰਿਆਵਲ ਲਹਿਰ ਆਰੰਭ ਕੀਤੀ ਗਈ ਹੈ, ਜਿਸ ਦੇ ਮੁੱਢਲੇ ਪੜਾਅ ਤਹਿਤ ਜਿਥੇ ਅੰਤਰਾਸ਼ਟਰੀ ਪਾਰਕ ਤਿਆਰ ਕੀਤਾ ਜਾ ਰਿਹਾ ਹੈ, ਉਥੇ ਹੀ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਯੋਜਨਾ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ, ਸਰਾਵਾਂ ਅਤੇ ਇਸ ਪਾਸੇ ਦੇ ਰਸਤਿਆਂ ਉਪਰ ਬੂਟੇ ਲਗਾਉਣ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਅਗਲੇ ਦਿਨਾਂ ਵਿਚ ਇਸ ਦਾ ਹੋਰ ਵਿਸਥਾਰ ਕੀਤਾ ਜਾ ਰਿਹਾ ਹੈ।
ਉਨ੍ਹਾਂ ਲਗਾਏ ਜਾਣ ਵਾਲੇ ਬੂਟਿਆਂ ਦਾ ਵਿਸਥਾਰ ਦਿੰਦਿਆਂ ਦੱਸਿਆ ਕਿ ਤੇਜਾ ਸਿੰਘ ਸਮੁੰਦਰੀ ਹਾਲ ਦੇ ਸਾਹਮਣੇ ਮੌਲਸਰੀ, ਸਿੰਗਲ ਚਾਂਦਨੀ, ਹਰੀ ਚੰਪਾ, ਲਾਲ ਕਨੇਰ, ਮਿੰਨੀ ਚਾਂਦਨੀ ਦੇ ਬੂਟੇ ਲਗਾਏ ਜਾਣਗੇ।