ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 24 ਅਪ੍ਰੈਲ 2020 ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 10611 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 298 ਦੀ ਰਿਪੋਰਟ ਪਾਜ਼ਿਟਿਵ ਆਈ ਹੈ। ਇਸੇ ਤਰ੍ਹਾਂ 8310 ਦੀ ਰਿਪੋਰਟ ਨੈਗੇਟਿਵ ਅਤੇ 2003 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 17 ਲੋਕਾਂ ਦੀ ਮੌਤ ਹੋਈ ਹੈ। ਮੋਹਾਲੀ ਵਿੱਚ 63, ਜਲੰਧਰ ਵਿੱਚ 63 ਅਤੇ ਪਟਿਆਲਾ ਵਿੱਚ 55 ਮਾਮਲੇ ਸਾਹਮਣੇ ਆਏ ਹਨ।
ਦੇਸ਼ ਦੇ 80 ਜ਼ਿਲ੍ਹਿਆਂ 'ਚ 14 ਦਿਨਾਂ ਤੋਂ ਅਤੇ 15 ਜ਼ਿਲ੍ਹਿਆਂ 'ਚ 28 ਦਿਨਾਂ ਤੋਂ ਨਹੀਂ ਕੋਰੋਨਾ ਦਾ ਨਵਾਂ ਕੇਸ
ਭਾਰਤ ਵਿੱਚ ਵਿਦੇਸ਼ੀ ਨਾਗਰਿਕਾਂ ਸਣੇ ਕੋਰੋਨਾ ਵਾਇਰਸ ਮਹਾਂਮਾਰੀ ਨਾਲ ਪ੍ਰਭਾਵਤ ਲੋਕਾਂ ਦੀ ਗਿਣਤੀ ਸ਼ੁੱਕਰਵਾਰ (24 ਅਪ੍ਰੈਲ) ਨੂੰ 23,077 ਹੋ ਗਈ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਨਿਯਮਤ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਸ਼ੁੱਕਰਵਾਰ ਨੂੰ ਜਾਰੀ ਅੰਕੜਿਆਂ ਵਿੱਚ ਸਿਹਤ ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ -19 ਦੀ ਲਾਗ ਕਾਰਨ 718 ਮੌਤਾਂ ਹੋ ਚੁੱਕੀਆਂ ਹਨ ਅਤੇ ਇਸ ਵੇਲੇ ਕੁੱਲ 17,610 ਵਿਅਕਤੀ ਮਹਾਂਮਾਰੀ ਨਾਲ ਪੀੜਤ ਹਨ।
ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦੇਸ਼ ਵਿੱਚ ਪਿਛਲੇ 28 ਦਿਨਾਂ ਤੋਂ ਜਿਹੜੇ ਜ਼ਿਲ੍ਹਿਆਂ ਤੋਂ ਕੋਈ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ ਉਨ੍ਹਾਂ ਦੀ ਗਿਣਤੀ ਵੀ ਵੱਧ ਕੇ 15 ਹੋ ਗਈ ਹੈ, ਜਦਕਿ ਦੇਸ਼ ਵਿੱਚ 80 ਜ਼ਿਲ੍ਹੇ ਅਜਿਹੇ ਹਨ ਜਿਨ੍ਹਾਂ ਨੇ ਪਿਛਲੇ 14 ਦਿਨਾਂ ਵਿੱਚ ਕੋਈ ਨਵਾਂ ਕੇਸ ਦਰਜ ਨਹੀਂ ਕੀਤਾ ਹੈ।
ਉਥੇ, ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 1684 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦੋਂ ਕਿ 32 ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਗੁਆ ਚੁੱਕੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਨਾਲ ਪੀੜਤ 491 ਲੋਕਾਂ ਦੇ ਠੀਕ ਹੋਣ ਨਾਲ ਅਜਿਹੇ ਲੋਕਾਂ ਦੀ ਗਿਣਤੀ 4749 (1 ਮਾਈਗ੍ਰੇਟਿਡ) ਉੱਤੇ ਪਹੁੰਚ ਗਈ ਹੈ।