ਅਗਲੀ ਕਹਾਣੀ

​​​​​​​550 ਸਾਲਾ ਪ੍ਰਕਾਸ਼ ਪੁਰਬ: ਪੰਜਾਬ ਸਰਕਾਰ ਪੁੱਜੀ ਸ੍ਰੀ ਅਕਾਲ ਤਖ਼ਤ ਸਾਹਿਬ

​​​​​​​550 ਸਾਲਾ ਪ੍ਰਕਾਸ਼ ਪੁਰਬ: ਪੰਜਾਬ ਸਰਕਾਰ ਪੁੱਜੀ ਸ੍ਰੀ ਅਕਾਲ ਤਖ਼ਤ ਸਾਹਿਬ

ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਾਂਝੇ ਤੌਰ ਉੱਤੇ ਮਨਾਉਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਨੇ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਛੱਡ ਦਿੱਤੀ ਹੈ। ਦਰਅਸਲ, ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚਾਲੇ ਪਿਛਲੇ ਕਾਫ਼ੀ ਸਮੇਂ ਤੋਂ ਇਹ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਲਈ ਕਿਸੇ ਇੱਕ ਸਟੇਜ ਉੱਤੇ ਇਕੱਠੇ ਹੋਣ ਬਾਰੇ ਗੱਲਬਾਤ ਚੱਲ ਰਹੀ ਹੈ ਪਰ ਉਹ ਕਿਸੇ ਤਣ–ਪੱਤਣ ਲੱਗਦੀ ਵਿਖਾਈ ਨਹੀਂ ਦੇ ਰਹੀ। ਜਿਸ ਕਾਰਨ ਹੁਣ ਪੰਜਾਬ ਸਰਕਾਰ ਨੇ ਸਿੱਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਕੀਤੀ ਹੈ।

 

 

ਮੰਗਲਵਾਰ ਨੂੰ ਪੰਜਾਬ ਦੇ ਜੇਲ੍ਹ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਮਾਮਲਿਆਂ ਬਾਰੇ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰ ਕੇ ਪੇਸ਼ਕਸ਼ ਕੀਤੀ ਕਿ ਇਤਿਹਾਸਕ ਸ਼ਹਿਰ ਸੁਲਤਾਨਪੁਰ ਲੋਧੀ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ 14 ਵਰ੍ਹੇ ਬਿਤਾਏ ਸਨ, ਵਿਖੇ ਪੰਜਾਬ ਸਰਕਾਰ ਨੇ ਜਿਹੜਾ ਪੰਡਾਲ ਸਥਾਪਤ ਕੀਤਾ ਹੈ, ਉੱਥੇ ਹੀ ਸਾਂਝਾ ਸਮਾਰੋਹ ਕਰ ਲਿਆ ਜਾਵੇ, ਜਿੱਥੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ ਤੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੀ ਪੁੱਜ ਰਹੇ ਹਨ।

 

 

ਪੰਜਾਬ ਦੇ ਦੋਵੇਂ ਮੰਤਰੀਆਂ ਨੇ ਇੱਕ ਸੀਲਬੰਦ ਲਿਫ਼ਾਫ਼ੇ ਵਿੱਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇੱਕ ਚਿੱਠੀ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸੌਂਪੀ।

 

 

ਪੰਜਾਬ ਸਰਕਾਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੋਵੇਂ ਹੀ ਇੱਕ ਦੂਜੇ ਉੱਤੇ ਇਲਜ਼ਾਮ ਲਾਉਂਦੇ ਆ ਰਹੇ ਹਨ ਕਿ ਦੂਜੀ ਧਿਰ ਸਾਂਝਾ ਸਮਾਰੋਹ ਕਰਵਾਉਣ ਦੇ ਜਤਨਾਂ ਨੂੰ ਨਾਕਾਮ ਕਰਨਾ ਚਾਹੁੰਦੀ ਹੈ। ਦੋਵੇਂ ਧਿਰਾਂ ਹੁਣ ਤੱਕ ਇਸੇ ਮਾਮਲੇ ਨੂੰ ਲੈ ਕੇ ਤਿੰਨ ਗੇੜਾਂ ਦੀ ਗੱਲਬਾਤ ਕਰ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਸਹਿਮਤੀ ਕਾਇਮ ਨਹੀਂ ਹੋ ਸਕੀ।

 

 

ਹੁਣ ਇਹ ਦੱਸਿਆ ਜਾ ਰਿਹਾ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੱਖਰਾ ਪੰਡਾਲ ਸਜਾਉਣ ਲਈ ਇੱਕ ਪ੍ਰਾਈਵੇਟ ਫ਼ਰਮ ਨੂੰ ਕਰੋੜਾਂ ਰੁਪਏ ਦਾ ਠੇਕਾ ਦਿੱਤਾ ਹੈ।

 

 

ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਨੇ ‘ਹਿੰਦੁਸਤਾਨ ਟਾਈਮਜ਼’ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਹੁਰਾਂ ਨੂੰ ਬੇਨਤੀ ਕੀਤੀ ਕਿ ਸ਼੍ਰੋਮਣੀ ਕਮੇਟੀ 10 ਤੋਂ 15 ਕਰੋੜ ਰੁਪਏ ਦੀ ਲਾਗਤ ਨਾਲ ਜਿਹੜਾ ਪੰਡਾਲ ਸਜਾ ਰਹੀ ਹੈ, ਉਸ ਦਾ ਕੰਮ ਤੁਰੰਤ ਰੁਕਵਾ ਦਿੱਤਾ ਜਾਵੇ। ਸ਼੍ਰੋਮਣੀ ਕਮੇਟੀ ਨੂੰ ਇਹ ਧਨ ਸਿੱਖ ਧਰਮ ਦੀ ਪ੍ਰੋਮੋਸ਼ਨ ਉੱਤੇ ਖ਼ਰਚ ਕਰਨਾ ਚਾਹੀਦਾ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:550 Years Prakash Purb Punjab Govt reaches Sri Akal Takht Sahib