ਪੰਜਾਬ 'ਚ ਲਗਾਤਾਰ ਪਿਆਜ਼ ਦੀਆਂ ਵੱਧਦੀਆਂ ਕੀਮਤਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਦੇ ਸੀਨੀਅਰ ਆਗੂ ਅਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ 'ਚ ਆਪ ਵਰਕਰਾਂ ਨੇ ਸੰਗਰੂਰ ਵਿਖੇ ਡੀਸੀ ਦਫ਼ਤਰ ਦੇ ਬਾਹਰ ਕੇਂਦਰ ਤੇ ਸੂਬਾ ਸਰਕਾਰ ਵਿਰੁੱਧ ਨਾਹਰੇਬਾਜ਼ੀ ਕੀਤੀ।
ਉਨ੍ਹਾਂ ਕਿਹਾ ਕਿ ਪੈਟਰੋਲ, ਡੀਜ਼ਲ ਅਤੇ ਪਿਆਜ਼ ਦੀਆਂ ਕੀਮਤਾਂ ਆਸਮਾਨ ਛੋਹ ਰਹੀਆਂ ਹਨ। ਬਿਜਲੀ ਦੇ ਰੇਟ ਲਗਾਤਾਰ ਵੱਧ ਰਹੇ ਹਨ ਅਤੇ ਇਨ੍ਹਾਂ ਵਸਤਾਂ ਦੇ ਰੇਟ ਵਧਣ ਦਾ ਅਸਰ ਦੂਜੀਆਂ ਵਸਤਾਂ 'ਤੇ ਵੀ ਪੈ ਰਿਹਾ ਹੈ। ਮਹਿੰਗਾਈ ਕਾਰਨ ਗਰੀਬ ਆਮਦੀ ਨੂੰ ਆਪਣੀ ਜ਼ਿੰਦਗੀ ਬਸਰ ਕਰਨਾ ਮੁਸ਼ਕਲ ਹੋ ਰਿਹਾ ਹੈ ਪਰ ਪੰਜਾਬ ਤੇ ਕੇਂਦਰ ਸਰਕਾਰਾਂ ਦਾ ਮਹਿੰਗਾਈ ਨੂੰ ਕਾਬੂ ਕਰਨ ਵੱਲ ਕੋਈ ਧਿਆਨ ਨਹੀਂ ਹੈ।

ਆਪ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਡੀਜ਼ਲ ਅਤੇ ਪੈਟਰੋਲ 'ਤੇ ਸੂਬੇ ਦੇ ਹਿੱਸੇ ਦੇ ਵੈਟ 'ਚ ਤੁਰੰਤ ਛੋਟ ਦਾ ਐਲਾਨ ਕਰੇ। ਪਿਛਲੀ ਬਾਦਲ ਸਰਕਾਰ ਵੱਲੋਂ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਮਹਿੰਗੇ ਅਤੇ ਇੱਕਤਰਫ਼ਾ ਸਮਝੌਤੇ ਰੱਦ ਕਰ ਕੇ ਬਿਜਲੀ ਸਸਤੀ ਕਰੇ। ਭ੍ਰਿਸ਼ਟਾਚਾਰੀਆਂ ਅਤੇ ਜਮਾਂਖੋਰਾਂ 'ਤੇ ਨੱਥ ਪਾਈ ਜਾਵੇ।
ਉਨ੍ਹਾਂ ਕਿਹਾ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਤੋਂ ਸੇਧ ਲੈ ਕੇ ਪੰਜਾਬ ਸਰਾਕਰ ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਸਿੱਖਿਆ ਸੰਸਥਾਵਾਂ ਦਾ ਮਿਆਰ ਉੱਚਾ ਚੁੱਕ ਕੇ ਆਮ ਲੋਕਾਂ ਨੂੰ ਪ੍ਰਾਈਵੇਟ ਸਕੂਲਾਂ ਅਤੇ ਹਸਪਤਾਲਾਂ ਦੀ ਲੁੱਟ ਤੋਂ ਨਿਜਾਤ ਦਿਵਾਏ।