ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਕ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਨਸ਼ਾ ਵਿਸ਼ਵ ਵਿਆਪੀ ਸਮੱਸਿਆ ਹੈ ਅਤੇ ਇਹ ਇਕ ਸਖਤ ਲੜਾਈ ਹੈ ਜਿਸ ਨੂੰ ਉਨ੍ਹਾਂ ਦੀ ਸਰਕਾਰ ਪੂਰੀ ਕੋਸ਼ਿਸ਼ਾਂ ਨਾਲ ਲੜ ਰਹੀ ਹੈ। ਪੰਜਾਬ ਸਰਕਾਰ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਨਸ਼ਾ ਡੀਲਰਾਂ ਦੀ ਸੂਚੀ ਸੌਂਪੀ ਗਈ ਸੀ ਜਿਸ ਉਪਰੰਤ ਕੁਝ ਸਕਰਾਤਮਕ ਬਦਲਾਅ ਆਏ ਸਨ ਅਤੇ ਕੈਨੇਡੀਅਨ ਅਧਿਕਾਰੀਆਂ ਵੱਲੋਂ ਤਸਕਰਾਂ ਖਿਲਾਫ ਕਾਰਵਾਈ ਕੀਤੀ ਗਈ ਸੀ।
ਪੰਜਾਬ ਚ ਹਾਲੀਆ ਸਮੇਂ ਦੌਰਾਨ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਲਈ ਡਰੋਨਾਂ ਦੀ ਵਰਤੋਂ ਨੂੰ ਸਵਿਕਾਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਲਈ ਗੰਭੀਰ ਮਸਲਾ ਹੈ ਅਤੇ ਪੰਜਾਬ ਸਰਕਾਰ ਨੇ ਕੇਂਦਰ ਤੋਂ ਇਸ ਸਮੱਸਿਆ ਨਾਲ ਨਜਿੱਠਣ ਲਈ ਡਰੋਨ ਰੋਕੂ ਉਪਕਰਣ ਮੰਗੇ ਹਨ।
ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪੰਜਾਬ ਦਿੱਲੀ ਦੇ ਨਾਲ ਪਿਛਲੇ ਕੁਝ ਸਾਲਾਂ ਤੋਂ ਨਸ਼ਿਆਂ ਦੇ ਮੁਨਾਫਾ ਬਜ਼ਾਰ ਵਜੋਂ ਉਭਰਿਆ ਹੈ ਜਿੱਥੇ ਹੋਰਨਾਂ ਸੂਬਿਆਂ ਤੋਂ ਆਏ ਤਸਕਰਾਂ ਅਤੇ ਪਾਕਿਸਤਾਨ ਤੋਂ ਭੇਜੇ ਜਾਂਦੇ ਨਸ਼ਾ ਅਤਿਵਾਦੀਆਂ ਵੱਲੋਂ ਨਸ਼ੇ ਨੂੰ ਉਤਸ਼ਾਹਤ ਕੀਤਾ ਜਾਂਦਾ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹੋਰਨਾਂ ਉਤਰੀ ਸੂਬਿਆਂ ਨਾਲ ਇਕੱਠਿਆਂ ਮਿਲ ਕੇ ਕੰਮ ਕਰ ਰਹੀ ਹੈ ਅਤੇ ਸਮੱਸਿਆਂ ਦੇ ਖਾਤਮੇ ਲਈ ਹਰ ਤਰ੍ਹਾਂ ਦੀ ਜਾਣਕਾਰੀ ਸਾਂਝੀ ਕਰ ਰਹੀ ਹੈ। ਇਨ੍ਹਾਂ ਸੂਬਿਆਂ ਦੇ ਡੀ.ਜੀ.ਪੀਜ਼ ਵੱਲੋਂ ਹਰ ਮਹੀਨੇ ਮੀਟਿੰਗ ਕੀਤੀ ਜਾਂਦੀ ਹੈ ਜਿਸ ਨਾਲ ਨਸ਼ਾ ਤਸਕਰਾਂ ਨੂੰ ਠੱਲ੍ਹ ਪਾਉਣ ਵਿੱਚ ਅਹਿਮ ਪ੍ਰਗਤੀ ਹੋਈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੂਬਿਆਂ ਦੇ ਮੁੱਖ ਮੰਤਰੀ ਵੀ ਹਰ ਛੇ ਮਹੀਨੇ ਬਾਅਦ ਮੀਟਿੰਗ ਲਈ ਸਹਿਮਤ ਹੋਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਰੋਜ਼ਗਾਰ ਉਤਪਤੀ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਦੇ ਹਥਿਆਰ ਵਜੋਂ ਵਰਤਿਆ ਜਾ ਸਕਦਾ ਹੈ ਜਿਸ ਨੇ ਵਿਕਸਤ ਦੇਸ਼ਾਂ ਸਣੇ ਸਾਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ। ਉਹ ਖੁਦ ਦੇਖਣਗੇ ਕਿ ਸਕੂਲਾਂ ਦੇ ਸਿਲੇਬਸ ਵਿੱਚ ਸ਼ਾਮਲ ਕੀਤੇ ਨਸ਼ਾ ਰੋਕੂ ਅਭਿਆਨ ਚ ਸੋਧ ਕਰਨ ਅਤੇ ਹੋਰ ਚੈਪਟਰ ਸ਼ਾਮਲ ਕਰਨ ਦੀ ਲੋੜ ਹੈ।