ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਨੇ ਅੱਜ ਦੱਸਿਆ ਕਿ ਪੰਜਾਬ ਦੇ ਲਾਭਪਾਤਰੀਆਂ ਨੂੰ 2 ਰੁਪਏ ਕਿਲੋ ਦੇ ਹਿਸਾਬ ਨਾਲ 30 ਕਿਲੋ ਕਣਕ ਦੀ ਬੰਦ ਬੋਰੀ ਸਾਲ ਵਿੱਚ ਦੋ ਵਾਰ ਮੁਹੱਈਆ ਕਰਵਾਈ ਜਾਂਦੀ ਹੈ। ਇਸੇ ਤਰ੍ਹਾਂ ਹਰੇਕ ਪਰਿਵਾਰ ਨੂੰ ਪ੍ਰਤੀ ਜੀਅ ਅਤੇ ਪ੍ਰਤੀ ਮਹੀਨਾ 500 ਗ੍ਰਾਮ ਦਾਲਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ।
ਆਸ਼ੂ ਨੇ ਨਵੀਂ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਅਧੀਨ ਜਲਦ ਹੀ ਸੂਬੇ ਦੇ ਲਾਭਪਾਤਰੀਆਂ ਨੂੰ ਰਿਆਇਤੀ ਦਰਾਂ 'ਤੇ ਖੰਡ ਅਤੇ ਚਾਹ ਪੱਤੀ ਮੁਹੱਈਆ ਕਰਾਉਣ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ।
ਇਸ ਸੰਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਮੁਕੰਮਲ ਯੋਜਨਾ ਤਿਆਰ ਕਰ ਲਈ ਗਈ ਹੈ, ਫਾਈਲ ਜਲਦ ਹੀ ਵਿੱਤ ਵਿਭਾਗ ਕੋਲ ਭੇਜੀ ਜਾ ਰਹੀ ਹੈ। ਸ੍ਰੀ ਆਸ਼ੂ ਨੇ ਇਹ ਵਿਚਾਰ ਅੱਜ ਸਥਾਨਕ ਪਿੰਡ ਬਾੜੇਵਾਲ ਵਿਖੇ ਜਨਤਕ ਵੰਡ ਪ੍ਰਣਾਲੀ ਤਹਿਤ ਸਮਾਰਟ ਰਾਸ਼ਨ ਕਾਰਡ ਯੋਜਨਾ ਦੇ ਲਾਭਪਾਤਰੀਆਂ ਨੂੰ ਈਪੋਜ਼ ਮਸ਼ੀਨਾਂ ਰਾਹੀਂ ਸੂਬਾ ਪੱਧਰੀ ਵੰਡ ਦੀ ਸ਼ੁਰੂਆਤ ਕਰਦਿਆਂ ਪ੍ਰਗਟ ਕੀਤੇ।
ਵੱਡੀ ਗਿਣਤੀ ਵਿੱਚ ਇਕੱਤਰ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਆਸ਼ੂ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਭਰ ਦੇ 35 ਲੱਖ ਪਰਿਵਾਰਾਂ ਦੇ 1.37 ਕਰੋੜ ਲਾਭਪਾਤਰੀਆਂ ਨੂੰ ਰਿਆਇਤੀ ਦਰਾਂ 'ਤੇ ਕਣਕ ਦੀ ਵੰਡ ਸ਼ੁਰੂ ਕੀਤੀ ਗਈ ਹੈ। ਇਕੱਲੇ ਜ਼ਿਲ੍ਹਾ ਲੁਧਿਆਣਾ ਵਿੱਚ 3.89 ਲੱਖ ਪਰਿਵਾਰਾਂ ਨੂੰ ਈਪੋਜ਼ ਮਸ਼ੀਨਾਂ ਰਾਹੀਂ ਪਾਰਦਰਸ਼ੀ ਤਰੀਕੇ ਨਾਲ ਕਣਕ ਦੀ ਵੰਡ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਾਂ ਨੂੰ ਰਿਆਇਤੀ ਦਰਾਂ 'ਤੇ ਦਾਲਾਂ ਅਤੇ ਕਣਕ ਮੁਹੱਈਆ ਕਰਾਉਣਾ ਦੇਸ਼ ਦੇ ਤੱਤਕਾਲੀਨ ਪ੍ਰਧਾਨ ਸ੍ਰ. ਮਨਮੋਹਨ ਸਿੰਘ ਦੇ ਦਿਮਾਗ ਦੀ ਕਾਢ ਸੀ। ਉਨ੍ਹਾਂ ਨੇ ਹੀ ਸਾਲ 2013 ਵਿੱਚ ਖੁਰਾਕ ਸੁਰੱਖਿਆ ਐਕਟ ਲਾਗੂ ਕਰਵਾਇਆ ਸੀ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਸੂਬੇ ਵਿੱਚ ਸੱਤਾ ਸੰਭਾਲੀ ਹੈ, ਉਦੋਂ ਤੋਂ ਹੀ ਸਰਵੇ ਕਰਵਾ ਕੇ ਗੈਰ-ਯੋਗਤਾ ਪ੍ਰਾਪਤ ਲਾਭਪਾਤਰੀਆਂ ਦੀ ਛਾਂਟੀ ਕਰਕੇ ਯੋਗ ਲਾਭਪਾਤਰੀਆਂ ਨੂੰ ਈਪੋਜ਼ ਮਸ਼ੀਨਾਂ ਰਾਹੀਂ ਕਣਕ ਅਤੇ ਦਾਲਾਂ ਦੀ ਵੰਡ ਕੀਤੀ ਜਾ ਰਹੀ ਹੈ।
ਸ੍ਰੀ ਆਸ਼ੂ ਨੇ ਕਿਹਾ ਕਿ ਇਕੱਲੇ ਲੁਧਿਆਣਾ ਵਿੱਚ 48 ਹਜ਼ਾਰ ਤੋਂ ਵਧੇਰੇ ਨਵੇਂ ਲਾਭਪਾਤਰੀ ਪਰਿਵਾਰਾਂ ਨੂੰ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਥੋਂ ਤੱਕ ਕਿ ਜਿੱਥੇ ਕਣਕ ਦੀ ਵੰਡ ਕੀਤੀ ਜਾਂਦੀ ਹੈ ਉਥੇ ਭਾਰ ਤੋਲਕ (ਕੰਡਾ) ਵੀ ਰੱਖਿਆ ਜਾਂਦਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਮੌਕੇ 'ਤੇ ਰਾਸ਼ਨ ਨੂੰ ਤੋਲ ਕੇ ਚੈੱਕ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਹੀਲੇ ਸਾਰੇ ਚੋਣ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਦੀ ਹਰ ਤਰ੍ਹਾਂ ਦੀ ਲੀਕੇਜ਼ ਬੰਦ ਕਰਵਾ ਦਿੱਤੀ ਗਈ ਹੈ ਅਤੇ ਯੋਗ ਲਾਭਪਾਤਰੀਆਂ ਤੱਕ ਖਾਧ ਪਦਾਰਥਾਂ ਦੀ ਪਹੁੰਚ ਹਰ ਹੀਲੇ ਯਕੀਨੀ ਬਣਾਈ ਜਾ ਰਹੀ ਹੈ।