ਨਸ਼ਾ ਮੁਕਤ ਸਮਾਜ ਸਿਰਜਣ ਲਈ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਲੜਾਈ ਵਿਚ ਸਮਾਜ ਦੀਆਂ ਸਾਰੀਆਂ ਧਿਰਾਂ ਬਣਦਾ ਯੋਗਦਾਨ ਪਾਉਣ ਤਾਂ ਕਿ ਇਸ ਲੜਾਈ ਨੂੰ ਕਿਸੇ ਤਾਰਕਿਕ ਸਿੱਟੇ ਤੱਕ ਪਹੁੰਚਾਇਆ ਜਾ ਸਕਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ।
ਪਿੰਡ ਸਨੇਟਾ ਵਿੱਚ ਅਖਿਲ ਭਾਰਤੀ ਦਸਨਾਮ ਗੋਸਵਾਮੀ ਸਮਾਜ ਪੰਜਾਬ ਵੱਲੋਂ ‘ਨਸ਼ਾ ਮੁਕਤ ਸਮਾਜ ਸਿਰਜੋ’ ਦੇ ਨਾਂ ਹੇਠ ਨਸ਼ਿਆਂ ਖ਼ਿਲਾਫ਼ ਕੱਢੀ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਨ ਮੌਕੇ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਇਸ ਲੜਾਈ ਨੂੰ ਕਿਸੇ ਤਾਰਕਿਕ ਸਿੱਟੇ ਤੱਕ ਪਹੁੰਚਾਉਣ ਲਈ ਸਮਾਜ ਦੀਆਂ ਸਭ ਧਿਰਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਇਹ ਵੱਡੀ ਜ਼ਿੰਮੇਵਾਰੀ ਬਣਦੀ ਹੈ ਕਿ ਜੇ ਉਨ੍ਹਾਂ ਦਾ ਕੋਈ ਦੋਸਤ ਨਸ਼ੇ ਕਰਦਾ ਹੈ ਤਾਂ ਉਸ ਨੂੰ ਸਮਝਾ ਕੇ ਉਸ ਦਾ ਇਲਾਜ ਕਰਵਾਓ ਅਤੇ ਉਸ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਿੱਚ ਮਦਦ ਕਰੋ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਨਸ਼ਾ ਮੁਕਤ ਕਰਨ ਲਈ ਕਈ ਨਸ਼ਾ ਮੁਕਤੀ ਕੇਂਦਰ ਖੋਲ੍ਹੇ ਹਨ, ਜਿੱਥੇ ਪੀੜਤਾਂ ਦਾ ਮੁਫ਼ਤ ਇਲਾਜ ਹੁੰਦਾ ਹੈ। ਲੋਕ ਸਰਕਾਰ ਦਾ ਸਾਥ ਦੇਣ ਅਤੇ ਪੀੜਤਾਂ ਨੂੰ ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਲੈ ਕੇ ਆਉਣ ਅਤੇ ਪੀੜਤਾਂ ਦਾ ਮਨੋਬਲ ਨੂੰ ਵਧਾਉਣ ਵਿੱਚ ਵੀ ਮਦਦ ਕਰਨ।