• ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ
• ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਤਰਜ਼ 'ਤੇ ਬਣੇਗੀ ਅਥਾਰਟੀ
• 9.52 ਕਰੋੜ ਦੀ ਲਾਗਤ ਵਾਲੀ ਲਿਫ਼ਟ ਸਿੰਚਾਈ ਸਕੀਮ ਦਾ ਨੀਂਹ ਪੱਥਰ ਰੱਖਿਆ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ ਕੀਤਾ ਜੋ ਇਸ ਸਾਲ ਨਵੰਬਰ ਮਹੀਨੇ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਕਾਸ ਯੋਜਨਾਵਾਂ ਨੂੰ ਅਮਲ ਵਿੱਚ ਲਿਆਏਗੀ।
ਇਸ ਖਿੱਤੇ ਦੇ ਲੋਕਾਂ ਨੂੰ ਲਿਫਟ ਸਿੰਜਾਈ ਦੀ ਸਹੂਲਤ ਮੁਹੱਈਆ ਕਰਵਾ ਕੇ ਉਨ੍ਹਾਂ ਦਾ ਸਾਮਾਜਿਕ-ਆਰਥਿਕ ਜੀਵਨ ਪੱਧਰ ਸੰਵਾਰਨ ਲਈ ਲਿਫ਼ਟ ਸਿੰਜਾਈ ਸਕੀਮਾਂ ਦਾ ਨੀਂਹ ਪੱਥਰ ਰੱਖਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 9 ਪੜਾਵਾਂ ਵਿੱਚ ਪੂਰਾ ਹੋਵੇਗਾ ਅਤੇ ਪਹਿਲੇ ਪੜਾਅ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ।
ਇਸ ਇਲਾਕੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਪਣੇ ਚੁਣਾਵੀ ਦੌਰੇ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਉਨ੍ਹਾਂ ਉਸ ਸਮੇਂ ਇੱਥੋਂ ਦੇ ਵਾਸੀਆਂ ਅਤੇ ਕਿਸਾਨਾਂ ਦੀ ਸਹੂਲਤ ਲਈ ਲਿਫ਼ਟ ਸਿੰਜਾਈ ਪ੍ਰਾਜੈਕਟ ਸ਼ੁਰੂ ਕਰਨ ਦਾ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਸਕੀਮ ਨਾਲ 80 ਪਿੰਡਾਂ ਦੀ ਪਾਣੀ ਦੀ ਲੋੜ ਪੂਰੀ ਹੋਵੇਗੀ ਜਿਸ ਵਿੱਚੋਂ ਪਹਿਲੇ ਪੜਾਅ ਵਿੱਚ 4 ਪਿੰਡਾਂ ਦੀ ਚੋਣ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ 9.52 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਸਮੁੱਚਾ ਪ੍ਰਾਜੈਕਟ ਅਗਲੇ 3 ਸਾਲਾਂ ਵਿੱਚ ਪੂਰਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਕੀਮ ਪਾਣੀ ਦੀ ਘਾਟ ਨਾਲ ਜੂਝ ਰਹੇ ਇੱਥੋਂ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।
ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਦੀ ਮੰਗ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਵਿਕਾਸ ਯੋਜਨਾਵਾਂ ਵਿਧੀਪੂਰਵਕ ਅਤੇ ਯੋਜਨਾਬੱਧ ਢੰਗ ਨਾਲ ਉਲੀਕਣ ਅਤੇ ਲਾਗੂ ਕਰਨ ਲਈ ਸ੍ਰੀ ਆਨੰਦਪੁਰ ਸਾਹਿਬ ਵਿਕਾਸ ਅਥਾਰਟੀ ਦਾ ਗਠਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਵਿਕਾਸ ਅਥਾਰਟੀ ਡੇਰਾ ਬਾਬਾ ਨਾਨਕ ਵਿਕਾਸ ਅਥਾਰਟੀ ਦੀ ਤਰਜ਼ 'ਤੇ ਬਣਾਈ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਆਨੰਦਪੁਰ ਸਾਹਿਬ ਦੇ ਪਿੰਡਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ 26 ਕਰੋੜ ਰੁਪਏ ਦਾ ਐਲਾਨ ਕੀਤਾ ਤਾਂ ਕਿ ਇੱਥੋਂ ਦੇ ਬਾਸ਼ਿੰਦਿਆਂ ਨੂੰ ਪੀਣ ਵਾਲੇ ਪਾਣੀ ਲਈ ਦੂਰ ਨਾ ਜਾਣਾ ਪਵੇ। ਉਨ੍ਹਾਂ ਕਿਹਾ ਕਿ ਨੂਰਪੁਰ ਬੇਦੀ ਦੇ ਇਲਾਕੇ ਦੇ ਪਿੰਡਾਂ ਨੂੰ ਵੀ ਪੀਣ ਵਾਲੇ ਸਾਫ ਪਾਣੀ ਲਈ ਲੋੜੀਂਦੇ ਫੰਡ ਦਿੱਤੇ ਜਾਣਗੇ।
ਕੰਢੀ ਖੇਤਰ ਦੇ ਸਰਵਪੱਖੀ ਵਿਕਾਸ ਦੀ ਲੋੜ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਤਖ਼ਤ ਸ੍ਰੀ ਕੇਸਗੜ• ਸਾਹਿਬ ਦੇ ਜਥੇਦਾਰ ਨੇ ਉਨ੍ਹਾਂ ਕੋਲ ਗੜ੍ਹਸ਼ੰਕਰ-ਆਨੰਦਪੁਰ ਸਾਹਿਬ ਸੜਕ ਦੀ ਮੁਰੰਮਤ ਦਾ ਮਾਮਲਾ ਉਠਾਇਆ ਜਿਸ 'ਤੇ ਕੰਮ ਛੇਤੀ ਸ਼ੁਰੂ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਸਬੰਧ ਵਿੱਚ ਲੋਕ ਨਿਰਮਾਣ ਮੰਤਰੀ ਨੂੰ ਹਦਾਇਤ ਕੀਤੀ ਹੈ ਅਤੇ ਇਹ ਪ੍ਰਾਜੈਕਟ 7 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ।
ਮੁੱਖ ਮੰਤਰੀ ਨੇ ਆਖਿਆ ਕਿ ਸਾਲ 2026 ਵਿੱਚ 400 ਸਾਲਾ ਸਮਾਗਮ ਦੇ ਮੱਦੇਨਜ਼ਰ ਕੀਰਤਪੁਰ ਸਾਹਿਬ ਲਈ ਵਿਸ਼ੇਸ਼ ਵਿਕਾਸ ਯੋਜਨਾ ਉਲੀਕੀ ਜਾਵੇਗੀ। ਇਸ ਤੋਂ ਇਲਾਵਾ ਕੀਰਤਪੁਰ ਬੱਸ ਅੱਡੇ ਅਤੇ ਮਾਰਕਿਟ ਦਰਮਿਆਨ ਪੁਲ ਦਾ ਨਿਰਮਾਣ ਹੋਵੇਗਾ ਜਿਸ 'ਤੇ ਛੇਤੀ ਹੀ ਕੰਮ ਸ਼ੁਰੂ ਕੀਤਾ ਜਾਵੇਗਾ।