ਪਿਛਲੇ ਦੋ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਉਤੇ ਗਏ ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਿਊਟੀ ਉਤੇ ਆਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੇ ਮਸਲਿਆਂ ’ਤੇ ਗਠਿਤ ਕੀਤੀ ਮੰਤਰੀਆਂ ’ਤੇ ਅਧਾਰਿਤ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਇੰਨ-ਬਿਨ ਲਾਗੂ ਕਰਨ ਦਾ ਵਾਅਦਾ ਕੀਤਾ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੇਰ ਸ਼ਾਮ ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ ਸੂਬੇ ਦੇ ਲੋਕਾਂ ਦੇ ਹਿੱਤ ਵਿੱਚ ਤੁਰੰਤ ਡਿਊਟੀ ’ਤੇ ਪਰਤਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਅਧਾਰਿਤ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਦੀ ਸਮੀਖਿਆ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਦੁਹਰਾਉਂਦਿਆਂ ਆਖਿਆ ਕਿ ਸੂਬਾ ਸਰਕਾਰ ਪੰਜਾਬ ਸਰਕਾਰ ਦੇ ਸਮੂਹ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਅਤੇ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਮੁਤਾਬਕ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਕਮੇਟੀ ਵੱਲੋਂ ਲਏ ਗਏ ਫੈਸਲਿਆਂ ਨੂੰ ਸਮਾਂਬੱਧ ਢੰਗ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਨੇ ਮੁਲਾਜ਼ਮਾਂ ਨੂੰ ਤੁਰੰਤ ਹੜਤਾਲ ਦਾ ਰਾਹ ਛੱਡ ਕੇ ਪੰਜਾਬ ਦੇ ਲੋਕਾਂ ਦੇ ਹਿੱਤ ਵਿੱਚ ਤਨਦੇਹੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਸਪੱਸ਼ਟ ਕੀਤਾ ਕਿ ਵਿੱਤੀ ਤੰਗੀ ਦੇ ਬਾਵਜੂਦ ਸੂਬਾ ਸਰਕਾਰ ਨੇ 1 ਫਰਵਰੀ, 2019 ਤੋਂ ਸਮੂਹ ਮੁਲਾਜ਼ਮਾਂ ਦਾ 7 ਫੀਸਦੀ ਮਹੰਗਾਈ ਭੱਤਾ (ਡੀ.ਏ) ਜਾਰੀ ਕਰ ਦਿੱਤਾ ਹੈ ਜਿਸ ਦਾ ਫੈਸਲਾ ਮੰਤਰੀਆਂ ’ਤੇ ਅਧਾਰਿਤ ਕਮੇਟੀ ਵੱਲੋਂ 27 ਫਰਵਰੀ, 2019 ਨੂੰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨਾਲ ਮੀਟਿੰਗ ਤੋਂ ਬਾਅਦ ਹੋਇਆ ਸੀ।
ਜ਼ਿਕਰਯੋਗ ਹੈ ਕਿ ਦੋ ਦਿਨ ਤੋਂ ਮੁਲਾਜ਼ਮ ਯੂਨੀਅਨ ਵੱਲੋਂ ਕਮਲ ਛੋੜ ਹੜਤਾਲ ਕੀਤੀ ਜਾ ਰਹੀ ਹੈ, ਜਿਸ ਦੇ ਚਲਦਿਆਂ ਪੰਜਾਬ ਸਕੱਤਰੇਤ ਤੋਂ ਇਲਾਵਾ ਵੱਖ ਵੱਖ ਦਫ਼ਤਰਾਂ ਵਿਚ ਕਿਸੇ ਵੀ ਤਰ੍ਹਾਂ ਦਾ ਕੰਮ ਨਹੀਂ ਕੀਤਾ ਜਾ ਰਿਹਾ। ਜਿਸ ਨਾਲ ਸਰਕਾਰ ਦਾ ਸਭ ਕੰਮ ਠੱਪ ਹੋ ਗਿਆ ਹੈ।