ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਰਤਾਰਪੁਰ ਦਰਸ਼ਨਾਂ ਲਈ ਦਰਖਾਸਤ-ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ: ਕੈਪਟਨ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਸਥਾਪਤ ਕੀਤੇ ਸੇਵਾ ਕੇਂਦਰਾਂ ਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਆਨ ਲਾਈਨ ਅਪਲਾਈ ਕਰਨ ਵਾਲੇ ਸ਼ਰਧਾਲੂਆਂ ਤੋਂ ਕੋਈ ਵੀ ਪੈਸਾ ਨਹੀਂ ਵਸੂਲਿਆ ਜਾ ਰਿਹਾ ਹੈ। ਕੈਪਟਨ ਨੇ ਕਿਹਾ ਕਿ ਜੇਕਰ ਕੋਈ ਫੀਸ ਦਾ ਭੁਗਤਾਨ ਕਰਨ ਲਈ ਕਹਿੰਦਾ ਹੈ ਤਾਂ ਇਸ ਬਾਰੇ ਸਿੱਧੇ ਤੌਰ 'ਤੇ ਉਨ੍ਹਾਂ ਦੇ ਦਫ਼ਤਰ ਨੂੰ ਸੂਚਿਤ ਕੀਤਾ ਜਾਵੇ।

 

ਸੇਵਾ ਕੇਂਦਰਾਂ ਵਿਖੇ ਆਨਲਾਈਨ ਪੋਰਟਲ ਰਾਹੀਂ ਅਪਲਾਈ ਕਰਨ ਲਈ ਸਹੂਲਤ ਫੀਸ ਵਜੋਂ ਸ਼ਰਧਾਲੂਆਂ ਤੋਂ ਵਸੂਲੀ ਕੀਤੇ ਜਾਣ ਦੀਆਂ ਰਿਪੋਰਟਾਂ 'ਤੇ ਆਪਣਾ ਪ੍ਰਤੀਕਰਮ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਵਸੂਲੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ ਅਤੇ ਅਪਲਾਈ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਮੁਫ਼ਤ ਹੈ।

 

ਕਰਤਾਰਪੁਰ ਲਾਂਘੇ ਰਾਹੀਂ ਇਤਿਹਾਸਕ ਗੁਰਦੁਆਰੇ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਵਾਸਤੇ 20 ਡਾਲਰ ਦੀ ਫੀਸ ਪਾਕਿਸਤਾਨ ਸਰਕਾਰ ਵੱਲੋਂ ਨਿੱਜੀ ਤੌਰ 'ਤੇ ਲਾਈ ਗਈ ਹੈ ਜਦਕਿ ਸ਼ਰਧਾਲੂਆਂ ਤੋਂ ਕਿਸੇ ਤਰ੍ਹਾਂ ਦੀ ਫੀਸ ਵਸੂਲਣੀ ਸਿੱਖ ਸਿਧਾਂਤਾਂ ਦੇ ਖਿਲਾਫ਼ ਹੈ। ਉਨ੍ਹਾਂ ਕਿਹਾ ਕਿ ਭਾਰਤ, ਕਿਸੇ ਵੀ ਧਾਰਮਿਕ ਅਸਥਾਨ ਦੇ ਦਰਸ਼ਨਾਂ ਲਈ ਪਾਕਿਸਤਾਨ ਸਮੇਤ ਕਿਸੇ ਵੀ ਮੁਲਕ ਤੋਂ ਆਉਣ ਵਾਲੇ ਸ਼ਰਧਾਲੂਆਂ ਤੋਂ ਕੋਈ ਫੀਸ ਨਹੀਂ ਲੈਂਦਾ।

 

ਕੈਪਟਨ ਅਮਰਿੰਦਰ ਨੇ ਕਿਹਾ ਕਿ ਸੇਵਾ ਕੇਂਦਰਾਂ ਨੂੰ ਕਰਤਾਰਪੁਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਦੇ ਚਾਹਵਾਨਾਂ ਨੂੰ ਸਹੂਲਤ ਅਤੇ ਆਨ ਲਾਈਨ ਐਪਲੀਕੇਸ਼ਨਾਂ ਦੀ ਪ੍ਰਕ੍ਰਿਆ ਸਬੰਧੀ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਵਿੱਚ ਕੋਈ ਸਹੂਲਤ ਫੀਸ ਸ਼ਾਮਲ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਉਹ ਗੰਭੀਰਤਾ ਨਾਲ ਨੋਟਿਸ ਲੈਣਗੇ।

 

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਮੂਹ ਸ਼ਰਧਾਲੂਆਂ ਦੀ ਨਿਰਵਿਘਨ ਅਤੇ ਮੁਸ਼ਕਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ, ਜਿਸ ਦੇ ਖੁੱਲ੍ਹੇ ਦਰਸ਼ਨ ਦੀਦਾਰ ਕਰਨਾ ਹਰ ਸਿੱਖ ਦੀ ਇੱਛਾ ਅਤੇ ਹੱਕ ਹੈ।

 

ਕਰਤਾਰਪੁਰ ਗੁਰਦੁਆਰਾ ਸਾਹਿਬ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖ਼ਰੀ ਸਮਾਂ ਬਿਤਾਇਆ, ਹਰ ਸਿੱਖ ਦੇ ਜੀਵਨ ਵਿਚ ਇਕ ਵਿਸ਼ੇਸ਼ ਸਥਾਨ ਅਤੇ ਮਹੱਤਤਾ ਰੱਖਦਾ ਹੈ।

 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਵਿੱਚ ਆਪਣੇ ਪਿਤਾ ਅਤੇ ਦਾਦਾ ਜੀ ਵਾਂਗ ਅਤੇ ਮਹਾਨ ਗੁਰੂ ਦੇ ਹਰ ਪੈਰੋਕਾਰ ਵਾਂਗ, ਉਹ (ਮੁੱਖ ਮੰਤਰੀ) ਖੁਦ ਸਿੱਖਾਂ ਦੇ ਧਾਰਮਿਕ ਅਸਥਾਨ ਨੂੰ ਸਦੀਆਂ ਤੱਕ ਸਿੱਖਾਂ ਲਈ ਸੁਰੱਖਿਅਤ ਰੱਖਣ ਨੂੰ ਯਕੀਨੀ  ਬਣਾਉਣ ਲਈ ਹਰ ਸੰਭਵ ਯਤਨ ਕਰਨਗੇ ।

 

ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ 'ਤੇ ਗੁਰਦੁਆਰਾ ਸਹਿਬ ਦੇ ਦਰਸ਼ਨ ਕਰਕੇ ਖੁਦ ਨੂੰ ਸੁਭਾਗਾ ਮਹਿਸੂਸ ਕਰਦੇ ਹਨ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਸਿੱਖ ਧਰਮ ਦੇ ਬਾਨੀ ਗੁਰੂ ਸਾਹਿਬ ਜੀ ਦੇ ਹੋਰ ਬਹੁਤ ਸਾਰੇ ਪੈਰੋਕਾਰ ਇਸ ਪਾਵਨ ਅਸਥਾਨ 'ਤੇ ਸਤਿਕਾਰ ਦੇਣ ਦੀ ਆਪਣੀ ਇੱਛਾ ਨੂੰ ਪੂਰਾ ਕਰਨ ਦੇ ਯੋਗ ਹੋ ਸਕਣ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Application process for Kartarpur Vision completely free: Captain