ਲੋੜਵੰਦਾਂ ਲਈ 6 ਫੀਸਦੀ ਵਿਆਜ ਦਰ ’ਤੇ ਕਰਜ਼ੇ ਦੀ ਸੁਵਿਧਾ -ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਲਈ ਚਲਾਈਆਂ ਭਲਾਈ ਸਕੀਮਾਂ ਦੀ ਤਰਜ਼ ਤੇ ਸੂਬੇ ਅੰਦਰ ਪੱਛੜੀਆਂ ਸ੍ਰੇਣੀਆਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਕਾਰੋਬਾਰ ਕਰਨ ਲਈ ਸਸਤੀਆਂ ਦਰਾਂ ਤੇ ਸਾਲਾਨਾ ਵਿਆਜ਼ ਦਰ ’ਤੇ ਕਰਜ਼ੇ ਮੁਹੱਈਆ ਕਰਵਾਏ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਅਜਿਹੇ ਕਰਜ਼ੇ ਪ੍ਰਾਪਤ ਕਰਨ ਦੇ ਚਾਹਵਾਨ ਨੌਜਵਾਨ ਆਪਣੇ ਜ਼ਿਲ੍ਹਾ ਪੱਧਰ ਉੱਤੇ ਬੀ.ਸੀ. ਕਾਰਪੋਰੇਸ਼ਨ ਦੇ ਦਫ਼ਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ. ਸੰਧੂ ਨੇ ਦੱਸਿਆ ਕਿ ਪੰਜਾਬ ਪੱਛੜੀਆਂ ਸ੍ਰੇਣੀਆਂ ਭੋਂ ਵਿਕਾਸ ਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਵੱਲੋਂ ਸਾਲ 2019-20 ਦੌਰਾਨ 17 ਬਿਨੈਕਾਰਾਂ ਨੂੰ ਵੱਖ-ਵੱਖ ਕਾਰੋਬਾਰ ਕਰਨ ਲਈ 34.20 ਲੱਖ ਰੁਪਏ ਦੇ ਕੇਸ ਜ਼ਿਲ੍ਹਾ ਸਕਰੀਨਿੰਗ ਕਮੇਟੀ ਵੱਲੋਂ ਪ੍ਰਵਾਨ ਕੀਤੇ ਗਏ ਹਨ।
ਜ਼ਿਲ੍ਹਾ ਫ਼ੀਲਡ ਅਫ਼ਸਰ ਬੈਂਕਫਿੰਕੋ ਲਖਬੀਰ ਸਿੰਘ ਢਿੱਲੋਂ ਨੇ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਡੇਅਰੀ ਫਾਰਮਿੰਗ, ਪੋਲਟਰੀ, ਕਰਿਆਣਾ, ਟੇਲਰਿੰਗ, ਸਪੇਅਰ ਪਾਰਟਸ, ਹਾਰਡਵੇਅਰ ਸਟੋਰ, ਗੇਟ-ਗਰਿਲਾਂ ਬਣਾਉਣ ਆਦਿ ਦਾ ਕਾਰੋਬਾਰ ਕਰਨ ਲਈ ਕਰਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਵੈ ਰੁਜ਼ਗਾਰ ਦੇ ਸਮਰੱਥ ਬਣਨ ਲਈ ਲੋੜਵੰਦਾਂ ਨੂੰ 6 ਫ਼ੀਸਦੀ ਵਿਆਜ ਦਰ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੀਮਾਂ ’ਚ ਔਰਤ ਵਰਗ ਨੂੰ ਪਹਿਲ ਦੇ ਆਧਾਰ ਉੱਤੇ ਕਰਜ਼ਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਆਪਣੇ ਪੈਰਾਂ ਸਿਰ ਖੜ੍ਹੇ ਕਰਨ ਲਈ ਸੂਬਾ ਸਰਕਾਰ ਯਤਨਸ਼ੀਲ ਹੈ।
ਉਨ੍ਹਾਂ ਦੱਸਿਆ ਕਿ ਕਰਜ਼ਾ ਲੈਣ ਵਾਲੇ ਵਿਅਕਤੀ ਦੀ ਉਮਰ 18 ਸਾਲ ਤੋਂ 55 ਸਾਲ ਤੱਕ ਦੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਰਜ਼ਿਆਂ ਵਿੱਚ ਕਰਜ਼ੇ ਦੀ ਰਕਮ ਤੋਂ ਦੁਗਣੀ ਜ਼ਮੀਨ ਜਾਇਦਾਦ ਕੁਲੈਕਟਰ ਰੇਟ ਅਨੁਸਾਰ ਰਹਿਣ ਕੀਤੀ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਕਰਜ਼ਾ ਲੈਣ ਵਾਲੇ ਵਿਅਕਤੀ ਦੀ ਪਰਿਵਾਰਕ ਸਾਲਾਨਾ ਆਮਦਨ 1 ਲੱਖ 50 ਹਜਾਰ ਰੁਪਏ ਤੱਕ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹੋਰ ਵਧੇਰੇ ਜਾਣਕਾਰੀ ਜਾਂ ਕਰਜ਼ਾ ਫ਼ਾਰਮ ਵੈਬਸਾਈਟ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਬੈਂਕਫਿੰਕੋ ਰਾਹੀਂ ਚਲਾਈ ਜਾ ਰਹੀ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾ ਕੇ ਸਵੈ-ਰੁਜ਼ਗਾਰ ਦੇ ਕਾਬਿਲ ਬਣਨਾ ਚਾਹੀਦਾ ਹੈ।