ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਜੀਵ ਗਾਂਧੀ ਤੋਂ ‘ਭਾਰਤ ਰਤਨ` ਵਾਪਸ ਲਿਆ ਜਾਵੇ: ਜੱਥੇਦਾਰ ਲੌਂਗੋਵਾਲ

ਰਾਜੀਵ ਗਾਂਧੀ ਤੋਂ ‘ਭਾਰਤ ਰਤਨ` ਵਾਪਸ ਲਿਆ ਜਾਵੇ: ਜੱਥੇਦਾਰ ਲੌਂਗੋਵਾਲ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਅਨੰਦਪੁਰ ਸਾਹਿਬ ਦੇ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ‘ਭਾਰਤ ਰਤਨ` ਪੁਰਸਕਾਰ ਵਾਪਸ ਲੈਣ ਦੀ ਮੰਗ ਕੀਤੀ ਹੈ।


ਅੱਜ ਸਨਿੱਚਰਵਾਰ ਨੂੰ ਚਮਕੌਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਜੱਥੇਦਾਰ ਲੌਂਗੋਵਾਲ ਨੇ ਕਿਹਾ ਕਿ 31 ਅਕਤੂਬਰ, 1984 ਨੂੰ ਤਤਕਾਲੀਨ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਨਵੰਬਰ 1984 ਦੇ ਪਹਿਲੇ ਹਫ਼ਤੇ ਰਾਜਧਾਨੀ ਦਿੱਲੀ ਅਤੇ ਦੇਸ਼ ਦੇ ਕੁਝ ਹੋਰਨਾਂ ਭਾਗਾਂ `ਚ ਹੋਏ ਸਿੱਖ ਕਤਲੇਆਮ ਲਈ ਰਾਜੀਵ ਗਾਂੱਧੀ ਜਿ਼ੰਮੇਵਾਰ ਸਨ। ਇਸ ਲਈ ਮਰਨ-ਉਪਰੰਤ ਉਨ੍ਹਾਂ ਨੂੰ ਦਿੱਤਾ ਗਿਆ ‘ਭਾਰਤ ਰਤਨ` ਪੁਰਸਕਾਰ ਵਾਪਸ ਲਿਆ ਜਾਣਾ ਚਾਹੀਦਾ ਹੈ।


ਜੱਥੇਦਾਰ ਲੌਂਗੋਵਾਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਇਸੇ ਮੁੱਦੇ `ਤੇ ਪਲਟੀ ਮਾਰਨ ਦੀ ਵੀ ਨੁਕਤਾਚੀਨੀ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਵਿਧਾਨ ਸਭਾ `ਚ ਪਹਿਲਾਂ ਰਾਜੀਵ ਗਾਂਧੀ ਤੋਂ ‘ਭਾਰਤ ਰਤਨ` ਪੁਰਸਕਾਰ ਵਾਪਸ ਲੈਣ ਸਬੰਧੀ ਮਤਾ ਪਾਸ ਕਰਨ ਦੀ ਗੱਲ ਕੀਤੀ ਗਈ ਪਰ ਬਾਅਦ `ਚ ਸਰਕਾਰ ਇਸ ਮਾਮਲੇ `ਤੇ ਪਲਟ ਗਈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਇਸ ਮਾਮਲੇ `ਤੇ ਇੱਕੋ ਸਟੈਂਡ ਲੈਣਾ ਚਾਹੀਦਾ ਹੈ।


ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ੍ਰੀ ਰਾਜੀਵ ਗਾਂਧੀ ਤੋਂ ਨਾ ਸਿਰਫ਼ ‘ਭਾਰਤ ਰਤਨ` ਪੁਰਸਕਾਰ ਵਾਪਸ ਲਿਆ ਜਾਣਾ ਚਾਹੀਦਾ ਹੈ, ਸਗੋਂ ਨਾਲ ਹੀ ਸਿੱਖ ਕਤਲੇਆਮ ਵਿੱਚ ਸ਼ਾਮਲ ਕਾਂਗਰਸੀ ਆਗੂਆਂ ਦੀ ਪੁਸ਼ਤ-ਪਨਾਹੀ ਕਰਨ ਲਈ ਉਸ ਵਿਰੁੱਧ ਕੇਸ ਵੀ ਦਾਇਰ ਕੀਤਾ ਜਾਣਾ ਚਾਹੀਦਾ ਹੈ।


ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਰਾਜੀਵ ਗਾਂਧੀ ਤੋਂ ‘ਭਾਰਤ ਰਤਨ` ਪੁਰਸਕਾਰ ਵਾਪਸ ਲੈਣ ਦੀ ਮੰਗ ਲੈ ਕੇ ਕੇਂਦਰ ਸਰਕਾਰ ਤੱਕ ਪਹੁੰਚ ਕਰੇਗਾ।


ਇਸ ਤੋਂ ਪਹਿਲਾਂ ਜੱਥੇਦਾਰ ਲੌਂਗੋਵਾਲ ਅਤੇ ਪ੍ਰੋ. ਚੰਦੂਮਾਜਰਾ ਨੇ ਸ਼ਹੀਦੀ ਜੋੜ ਮੇਲੇ ਮੌਕੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਇੱਕ ਧਾਰਮਿਕ ਸਮਾਰੋਹ ਨੂੰ ਵੀ ਸੰਬੋਧਨ ਕੀਤਾ। ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਵੱਡੇ ਸਾਹਿਬਜ਼ਾਦੇ 1704 `ਚ ਮੁਗ਼ਲ ਫ਼ੌਜਾਂ ਨਾਲ ਲੜਦੇ ਹੋਏ ਸ਼ਹੀਦ ਹੋ ਗਏ ਸਨ।


ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ (1920) ਦੇ ਪ੍ਰਧਾਨ ਰਵੀ ਇੰਦਰ ਸਿੰਘ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ `ਤੇ ਪੰਥਕ ਮੁੱਦੇ ਸਹੀ ਤਰੀਕੇ ਨਾ ਨਿਪਟਣ ਦਾ ਦੋਸ਼ ਲਾਇਆ।


ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਮਾਝਾ ਦੇ ਟਕਸਾਲੀ ਅਕਾਲੀ ਆਗੂਆਂ ਵੱਲੋਂ ਕਾਇਮ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੰਪਰਕ ਵਿੱਚ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Bharat Ratna should be withdrawn from Rajiv Gandhi Longowal