ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਖਡੂਰ ਸਾਹਿਬ ਦੇ ਐੱਮਪੀ ਰਣਜੀਤ ਸਿੰਘ ਬ੍ਰਹਮਪੁਰਾ ਤੇ ਉਨ੍ਹਾਂ ਦੀ ਨਵੀਂ ਪਾਰਟੀ ਵਿਚਲੇ ਸਾਰੇ ਸਾਥੀਆਂ ਨੂੰ ‘ਅਖੌਤੀ ਟਕਸਾਲੀ’ ਕਰਾਰ ਦਿੱਤਾ ਤੇ ਨਾਲ ਹੀ ਇਹ ਵੀ ਦੋਸ਼ ਲਾਇਆ ਕਿ ਉਹ ਸਾਰੇ ਅੰਦਰਖਾਤੇ ਸੱਤਾਧਾਰੀ ਕਾਂਗਰਸ ਪਾਰਟੀ ਨਾਲ ਰਲ਼ੇ ਹੋਏ ਹਨ।
ਸ੍ਰੀ ਸੁਖਬੀਰ ਬਾਦਲ ਅੱਜ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡ ਦਾਲਮ ਵਿਖੇ ਪਾਰਟੀ ਕਾਰਕੁੰਨਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਆਮ ਆਦਮੀ ਪਾਰਟੀ ਦੇ ਵੱਖੋ–ਵੱਖਰੇ ਧੜਿਆਂ ਅਤੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂਆਂ ਨਾਲ ਨਾਪਾਕ ਗੱਠਜੋੜ ਹੈ ਤੇ ਇਹ ਗੱਠਜੋੜ ਸਿਰਫ਼ ਸ਼੍ਰੋਮਣੀ ਅਕਾਲੀ ਦਲ–ਭਾਜਪਾ ਗੱਠਜੋੜ ਦਾ ਸਾਹਮਣਾ ਕਰਨ ਲਈ ਕੀਤਾ ਗਿਆ ਹੈ।
ਹਲਕਾ ਅਜਨਾਲਾ ਸਾਬਕਾ ਐੱਮਪੀ ਰਤਨ ਸਿੰਘ ਅਜਨਾਲਾ ਹੁਰਾਂ ਦਾ ਜੱਦੀ ਇਲਾਕਾ ਹੈ ਤੇ ਸ੍ਰੀ ਅਜਨਾਲਾ ਨੇ ਸ੍ਰੀ ਬ੍ਰਹਮਪੁਰਾ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨਾਲ ਮਿਲ ਕੇ ਸੁਖਬੀਰ ਬਾਦਲ ਦੀ ਲੀਡਰਸ਼ਿਪ ਵਿਰੁੱਧ ਬਗ਼ਾਵਤ ਕਰ ਕੇ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਕਾਇਮ ਕੀਤੀ ਸੀ। ਉਨ੍ਹਾਂ ਅਜਨਾਲਾ ਤੇ ਉਨ੍ਹਾਂ ਦੇ ਸਮਰਥਕਾਂ ਦਾ ਨਾਂਅ ਲਏ ਬਿਨਾ ਕਿਹਾ ਕਿ ਕੁਝ ਆਗੂਆਂ ਨੇ ਫੁੱਟ ਪਾਉਣ ਦੀ ਕੋਸ਼ਿਸ਼ ਤਾਂ ਬਹੁਤ ਕੀਤੀ ਪਰ ਪਾਰਟੀ ਹੇਠਾਂ ਤੋਂ ਉੱਪਰ ਤੱਕ ਪੂਰੀ ਤਰ੍ਹਾਂ ਇੱਕਜੁਟ ਹੈ।
ਸਾਬਕਾ ਅਕਾਲੀ ਮੰਤਰੀ ਸ੍ਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਨ੍ਹਾਂ ਅਖੌਤੀ ਟਕਸਾਲੀ ਆਗੂਆਂ ਨੂੰ ਕਾਂਗਰਸ ਵੱਲੋਂ ਮਾਲੀ ਇਮਦਾਦ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਇਕਠ ਵੇਖ ਕੇ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਬਣਾਉਣ ਦੀਆਂ ਸਾਰੀਆਂ ਸਾਜ਼ਿਸ਼ਾਂ ਨਾਕਾਮ ਸਿੱਧ ਹੋਈਆਂ ਹਨ।