ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ – ਦਾਖਾ, ਜਲਾਲਾਬਾਦ, ਮੁਕੇਰੀਆਂ ਤੇ ਫ਼ਗਵਾੜਾ ’ਚ ਜ਼ਿਮਨੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਭਲਕੇ ਸੋਮਵਾਰ 21 ਅਕਤੂਬਰ ਨੂੰ ਸਵੇਰੇ ਸ਼ੁਰੂ ਹੋ ਜਾਵੇਗਾ। ਇਨ੍ਹਾਂ ਚੋਣਾਂ ਲਈ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ।
ਫ਼ਗਵਾੜਾ ਹਲਕੇ ’ਚ ਸੱਤਾਧਾਰੀ ਕਾਂਗਰਸ ਪਾਰਟੀ ਨੇ ਸ੍ਰੀ ਬਲਵਿੰਦਰ ਸਿੰਘ ਧਾਲੀਵਾਲ IAS ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਭਾਰਤੀ ਜਨਤਾ ਪਾਰਟੀ ਸ੍ਰੀ ਰਾਜੇਸ਼ ਬਾਘਾ, ਬਹੁਜਨ ਸਮਾਜ ਪਾਰਟੀ ਨੇ ਸ੍ਰੀ ਭਗਵਾਨ ਦਾਸ ਤੇ ਆਮ ਆਦਮੀ ਪਾਰਟੀ ਨੇ ਸ੍ਰੀ ਸੰਤੋਸ਼ ਕੁਮਾਰ ਗੋਗੀ ਨੂੰ ਆਪਣੇ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੈ।
ਫ਼ਗਵਾੜਾ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 1 ਲੱਖ 85 ਹਜ਼ਾਰ 110 ਹੈ; ਜਦ ਕਿ ਇਸ ਹਲਕੇ ਵਿੱਚ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।
ਇੰਝ ਹੀ ਮੁਕੇਰੀਆਂ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀਮਤੀ ਇੰਦੂ ਬਾਲਾ ਉਮੀਦਵਾਰ ਹਨ। ਆਮ ਆਦਮੀ ਪਾਰਟੀ ਦੇ ਪ੍ਰੋ. ਗੁਰਧਿਆਨ ਸਿੰਘ ਮੁਲਤਾਨੀ ਅਤੇ ਭਾਰਤੀ ਜਨਤਾ ਪਾਰਟੀ ਦੇ ਸ੍ਰੀ ਜੰਗੀ ਲਾਲ ਮਹਾਜਨ ਉਮੀਦਵਾਰ ਹਨ।
ਮੁਕੇਰੀਆਂ ਹਲਕੇ ਵਿੱਚ ਵੋਟਰਾਂ ਦੀ ਗਿਣਤੀ 2 ਲੱਖ 1 ਹਜ਼ਾਰ 21 ਹੈ ਤੇ ਇੱਥੇ 241 ਪੋਲਿੰਗ ਸਟੇਸ਼ਨ ਬਣਾਏ ਗਏ ਹਨ।
ਦਾਖਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਸ੍ਰੀ ਸੰਦੀਪ ਸਿੰਘ ਸੰਧੂ, ਸ਼੍ਰੋਮਣੀ਼ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ, ਆਮ ਆਦਮੀ ਪਾਰਟੀ ਦੇ ਅਮਨਦੀਪ ਸਿੰਘ ਮੋਹੀ, ਆਪਣਾ ਪੰਜਾਬ ਪਾਰਟੀ ਦੇ ਸਿਮਰਨਦੀਪ ਸਿੰਘ ਤੇ ਲੋਕ ਇਨਸਾਫ਼ ਪਾਰਟੀ ਦੇ ਉਮੀਦਵਾਰ ਸੁਖਦੇਵ ਸਿੰਘ ਚੱਕ ਚੋਣ ਮੈਦਾਨ ਚ ਡਟੇ ਹੋਏ ਹਨ।
ਦਾਖਾ ਹਲਕੇ ’ਚ ਵੋਟਰਾਂ ਦੀ ਗਿਣਤੀ 1 ਲੱਖ 84 ਹਜ਼ਾਰ 723 ਹੈ ਤੇ ਉਨ੍ਹਾਂ ਦੇ ਵੋਟ ਪਾਉਣ ਲਈ 220 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।
ਜਲਾਲਾਬਾਦ ਹਲਕੇ ਤੋਂ ਕਾਂਗਰਸ ਦੇ ਸ੍ਰੀ ਰਮਿੰਦਰ ਸਿੰਘ ਆਵਲਾ, ਸ਼੍ਰੋਮਣੀ ਅਕਾਲੀ ਦਲ ਦੇ ਡਾ. ਰਾਜ ਸਿੰਘ ਡਿੱਬੀਪੁਰਾ ਅਤੇ ਆਮ ਆਦਮੀ ਪਾਰਟੀ ਦੇ ਮਹਿੰਦਰ ਸਿੰਘ ਕਚੂਰਾ ਉਮੀਦਵਾਰ ਹਨ।
ਜਲਾਲਾਬਾਦ ਹਲਕੇ ’ਚ ਵੋਟਰਾਂ ਦੀ ਕੁੱਲ ਗਿਣਤੀ 2 ਲੱਖ 5 ਹਜ਼ਾਰ 153 ਹੈ ਤੇ ਉਨ੍ਹਾਂ ਲਈ 239 ਪੋਲਿੰਗ ਸਟੇਸ਼ਨ ਕਾਇਮ ਕੀਤੇ ਗਏ ਹਨ।