ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਅਮਰਿੰਦਰ ਸਿੰਘ ਨੇ ਮੋਹਾਲੀ ਲਈ ਵੱਖ-ਵੱਖ ਪ੍ਰਾਜੈਕਟਾਂ ਦਾ ਕੀਤਾ ਐਲਾਨ

ਵੇਸਟ ਮੈਨੇਜਮੈਂਟ ਸਿਸਟਮ ਅਤੇ ਸੀਵੇਜ ਟਰੀਟਮੈਂਟ ਪਲਾਂਟ ਹੋਵੇਗਾ ਸਥਾਪਤ
 

ਜ਼ਿਲ੍ਹੇ 'ਚ ਨਵੀਂ ITI., ਮਾਰਕੀਟ ਕਮੇਟੀ ਅਤੇ ਪੁਲੀਸ ਲਾਈਨ ਦਾ ਵੀ ਕੀਤਾ ਐਲਾਨ, ਵਿਕਾਸ ਨੂੰ ਮਿਲੇਗਾ ਵੱਡਾ ਹੁਲਾਰਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਐਸ.ਏ.ਐਸ. ਨਗਰ) ਵਿੱਚ ਵਿਕਾਸ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਭਲਾਈ ਅਤੇ ਵਿਕਾਸ ਉਪਰਾਲਿਆਂ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅੱਜ 71ਵੇਂ ਗਣਤੰਤਰ ਦਿਵਸ ਮੌਕੇ ਹੋਏ ਰਾਜ ਪੱਧਰੀ ਸਮਾਗਮ ਦੌਰਾਨ ਹਾਜ਼ਰ ਸਨ ਜਿੱਥੇ ਸ਼ਾਨਦਾਰ ਪਰੇਡ ਅਤੇ ਸੱਭਿਆਚਾਰਕ ਵੰਨਗੀਆਂ ਨੇ ਖੂਬ ਰੰਗ ਬੰਨਿਆ।

 

ਮੁੱਖ ਮੰਤਰੀ ਨੇ ਜ਼ਿਲ੍ਹੇ ਵਿੱਚ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ‘ਇੰਟੇਗ੍ਰੇਟਿਡ ਵੇਸਟ ਮੈਨੇਜਮੈਂਟ ਸਿਸਟਮ’ ਦਾ ਐਲਾਨ ਕਰਦਿਆਂ ਕਿਹਾ ਕਿ ਰਹਿੰਦ-ਖੂੰਹਦ ਅਤੇ ਸੀਵਰੇਜ ਦਾ ਪ੍ਰਬੰਧਨ ਕਰਨਾ ਉਨ੍ਹਾਂ ਦੀ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਲਈ ਜ਼ਮੀਨ ਦੀ ਸ਼ਨਾਖ਼ਤ ਕੀਤੀ ਜਾ ਚੁੱਕੀ ਹੈ ਅਤੇ ਇਸ ਦਾ ਕਬਜ਼ਾ ਸਥਾਨਕ ਸਰਕਾਰਾਂ ਬਾਰੇ ਵਿਭਾਗ ਨੂੰ ਸੌਂਪ ਦਿੱਤਾ ਹੈ।

 

ਲੋਕਾਂ ਦੇ ਵੱਡੇ ਇਕੱਠ ਨੂੰ ਸੰਬਧੋਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਨਵਾਂ ਸੀਵਰੇੇਜ ਟਰੀਟਮੈਂਟ ਪਲਾਂਟ ਖਰੜ ਵਿਖੇ ਸਥਾਪਤ ਕੀਤਾ ਜਾਵੇਗਾ ਜੋ ਉਨਾਂ ਦੀ ਸਰਕਾਰ ਦਾ ਸਾਫ-ਸੁਥਰਾ ਪੰਜਾਬ ਬਣਾਉਣ ਦੀ ਲੜੀ ਦਾ ਹਿੱਸਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਰੇ-ਭਰੇ ਪੰਜਾਬ ਲਈ ਲੋੜੀਂਦਾ ਬੁਨਿਆਦੀ ਢਾਂਚਾ ਸਿਰਜਣ ਵਾਸਤੇ ਸਥਿਰ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੇ ਯਤਨ ਜਾਰੀ ਰੱਖੇਗੀ। 

 

ਮੁੱਖ ਮੰਤਰੀ ਨੇ ਖਰੜ ਬਲਾਕ ਦੇ ਪਿੰਡ ਤ੍ਰਿਪੜੀ ਵਿਖੇ ਨਵੀਂ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ.) ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਹੁਨਰ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲ ਦਿੱਤੀ ਜਾ ਰਹੀ ਹੈ। 

 

ਉਨ੍ਹਾਂ ਦੱਸਿਆ ਕਿ ਆਈ.ਟੀ.ਆਈ. ਖੋਲ੍ਹਣ ਲਈ ਪਿੰਡ ਦੀ ਪੰਚਾਇਤ ਵੱਲੋਂ ਜ਼ਮੀਨ ਤੋਹਫੇ ਵਜੋਂ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜ ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਕਿੱਤਾਮੁਖੀ ਸਿਖਲਾਈ ਨੂੰ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ ਜਿਸ ਨਾਲ ਸੂਬਾ ਹੋਰ ਤਰੱਕੀ ਕਰੇਗਾ।

 

ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਐਲਾਨ ਕਰਦਿਆਂ ਕਿਹਾ ਕਿ ਮੋਹਾਲੀ ਵਿਖੇ ਨਵੀਂ ਮਾਰਕੀਟ ਕਮੇਟੀ ਸਥਾਪਤੀ ਕੀਤੀ ਜਾਵੇਗੀ ਜਿਸ ਨਾਲ ਕਿਸਾਨਾਂ ਨੂੰ ਆਪਣੀ ਫ਼ਸਲ ਦੇ ਮੰਡੀਕਰਨ ਅਤੇ ਨਿਰਵਿਘਨ ਖਰੀਦ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ’ਤੇ ਵਚਨਬੱਧ ਹੈ। ਉਨਾਂ ਕਿਹਾ ਕਿ ਨਵੀਂ ਮਾਰਕੀਟ ਕਮੇਟੀ ਮੰਡੀਆਂ ਦੇ ਕੰਮਕਾਜ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਸ਼ੁੱਧ ਬੀਜ ਅਤੇ ਹੋਰ ਸਮੱਗਰੀ ਦੇਣ ਵਿੱਚ ਸਹਾਇਤਾ ਕਰੇਗੀ ਜਿਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ।

 

ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲ੍ਹੇ ਵਿੱਚ ਪੁਲੀਸ ਲਾਈਨ ਦੇ ਨਿਰਮਾਣ ਦਾ ਵੀ ਐਲਾਨ ਕੀਤਾ ਤਾਂ ਕਿ ਪੁਲੀਸ ਫੋਰਸ ਅਤੇ ਉਨਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ANNOUNCES WASTE MANAGEMENT SYSTEM and NEW STP FOR MOHALI