ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਨੇ ਲਈ ਪ੍ਰਵਾਸੀਆਂ ਦੀ ਸਾਰ - ਕਿਹਾ ਕੋਈ ਵੀ ਪੈਦਲ ਨਾ ਜਾਵੇ ਅਤੇ ਭੁੱਖਾ ਨਹੀਂ ਰਹੇਗਾ

ਅਮਰਿੰਦਰ ਸਿੰਘ ਵੱਲੋਂ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਨੂੰ ਯਕੀਨੀ ਬਣਾਉਣ ਦੇ ਹੁਕਮ
ਪ੍ਰਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ, ਸੂਬਾ ਸਰਕਾਰ ਵੱਲੋਂ ਮੁਫ਼ਤ ਸਫਰ ਅਤੇ ਭੋਜਨ ਲਈ ਬੰਦੋਬਸਤ ਕੀਤੇ ਜਾਣ ਦਾ ਭਰੋਸਾ

 

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੂਹ ਡਿਪਟੀ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲਿਸ ਮੁਖੀਆਂ ਨੂੰ ਇਹ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਕਿ ਕੋਈ ਵੀ ਪ੍ਰਵਾਸੀ ਕਿਰਤੀ ਘਰ ਵਾਪਸੀ ਮੁਲਕ ਦੇ ਕਿਸੇ ਹੋਰ ਸੂਬੇ ਨੂੰ ਪੈਦਲ ਚੱਲ ਕੇ ਜਾਣ ਜਾਂ ਪੰਜਾਬ ਵਿੱਚ ਹੁੰਦਿਆਂ ਭੁੱਖੇ ਪੇਟ ਰਹਿਣ ਲਈ ਮਜਬੂਰ ਨਾ ਹੋਵੇ। ਉਨ੍ਹਾਂ ਕਿਹਾ ਕਿ ਸਾਰੇ ਪਰਵਾਸੀ ਮਜ਼ਦੂਰਾਂ ਦੀ ਪਿੱਤਰੀ ਸੂਬਿਆਂ ਵਿੱਚ ਸੁਰੱਖਿਅਤ ਪਹੁੰਚ ਯਕੀਨੀ ਬਣਾਉਣਾ ਉਨਾਂ ਦੀ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ।  
 

ਮੁੱਖ ਮੰਤਰੀ ਨੇ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਅਤੇ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੇਕਰ ਕਿਸੇ ਵੀ ਪ੍ਰਵਾਸੀ ਦੇ ਸੜਕ ’ਤੇ ਤੁਰੇ ਜਾਂਦੇ ਦਾ ਪਤਾ ਲੱਗੇ ਤਾਂ ਉਸ ਨੂੰ ਨੇੜੇ ਦੀ ਥਾਂ ’ਤੇ ਛੱਡਣਾ ਚਾਹੀਦਾ ਹੈ ਜਿੱਥੇ ਉਹ ਆਪਣੇ ਪਿੱਤਰੀ ਸੂਬੇ ਲਈ ਰੇਲ ਗੱਡੀ ਜਾਂ ਬੱਸ ਲੈ ਸਕੇ, ਭਾਵੇਂ ਕਿ 300ਵੀਂ ਵਿਸ਼ੇਸ਼ ਸ਼ਰਮਿਕ ਰੇਲ ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਉੱਤਰ ਪ੍ਰਦੇਸ਼ ਵੱਲ ਰਵਾਨਾ ਹੋ ਗਈ ਹੈ। ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਨਾਂ ਨੂੰ ਪੰਜਾਬ ਛੱਡਣ ਤੱਕ ਭੋਜਨ ਅਤੇ ਪਾਣੀ ਮੁਹੱਈਆ ਕਰਵਾਉਣਾ ਚਾਹੀਦਾ ਹੈ।
 

ਪ੍ਰਵਾਸੀਆਂ ਨੂੰ ਨਾ ਘਬਰਾਉਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਜੱਦੀ ਸੂਬੇ ਵਿੱਚ ਵਾਪਸੀ ਦੇ ਚਾਹਵਾਨ ਹਰੇਕ ਪਰਵਾਸੀ ਦੀ ਸਹਾਇਤਾ ਕਰੇਗੀ ਅਤੇ ਉਨਾਂ ਦੇ ਮੁਫ਼ਤ ਸਫ਼ਰ ਅਤੇ ਭੋਜਨ ਦਾ ਵੀ ਬੰਦੋਬਸਤ ਕਰੇਗੀ।
 

‘ਸੰਕਟ ਵਿੱਚ ਹਰੇਕ ਵਿਅਕਤੀ ਦਾ ਧਿਆਨ ਰੱਖਣ’ ਪ੍ਰਤੀ ਸੂਬੇ ਦੀ ਵਚਨਬੱਧਤਾ ਨੂੰ ਦਰਸਾਉਂਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਨੂੰ ਸਾਡੇ ਸਹਿਯੋਗੀ ਭਾਰਤੀ ਦੱਸਿਆ ਜੋ ਸੂਬੇ ਅਤੇ ਇੱਥੋਂ ਦੀ ਆਰਥਿਕਤਾ ਵਿੱਚ ਯੋਗਦਾਨ ਪਾਉਂਦੇ ਹਨ।
 

ਪ੍ਰਵਾਸੀਆਂ ਨੂੰ ਮੁਖਾਤਬ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ, "ਪੰਜਾਬ ਤੁਹਾਡੀ ਕਰਮ ਭੂਮੀ ਹੈ, ਭਾਵੇਂ ਇਹ ਤੁਹਾਡੀ ਜਨਮ ਭੂਮੀ ਨਾ ਵੀ ਹੋਵੇ।" ਕੈਪਟਨ ਅਮਰਿੰਦਰ ਸਿੰਘ ਨੇ ਪ੍ਰਵਾਸੀਆਂ ਨੂੰ ਆਪਣੇ ਜੱਦੀ ਸੂਬੇ ਵਿੱਚ ਵਾਪਸੀ ਕਰਨ ਦਾ ਔਖਾ ਪੈਂਡਾ ਪੈਦਲ ਚੱਲ ਕੇ ਤੈਅ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਸੂਬਾ ਸਰਕਾਰ ਉਨਾਂ ਦੇ ਸਫ਼ਰ ਲਈ ਰੇਲਾਂ ਅਤੇ ਬੱਸਾਂ ਸਮੇਤ ਸਾਰੇ ਲੋੜੀਂਦੇ ਪ੍ਰਬੰਧ ਕਰ ਰਹੀ ਹੈ।
 

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਪੰਜਾਬ ਤੋਂ ਬਾਹਰ ਜਾਣ ਲਈ ਸੂਬੇ ਦੇ ਪੋਰਟਲ ’ਤੇ ਹੁਣ ਤੱਕ 10 ਲੱਖ ਤੋਂ ਵੱਧ ਵਿਅਕਤੀ ਨਾਂ ਦਰਜ ਕਰਵਾ ਚੁੱਕੇ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਰਜਿਸਟ੍ਰਡ ਹੋ ਚੁੱਕੇ ਸਾਰੇ ਵਿਅਕਤੀਆਂ ਦੀ ਪ੍ਰਮਾਣਿਕਤਾ ਦੀ ਵਿਆਪਕ ਕਵਾਇਦ ਆਰੰਭੀ ਹੋਈ ਹੈ ਅਤੇ ਹਰੇਕ ਵਿਅਕਤੀ ਨੂੰ ਫੋਲ ਕਾਲ ਕਰਕੇ ਦੁਬਾਰਾ ਪਤਾ ਲਾਇਆ ਜਾ ਰਿਹਾ ਹੈ ਕਿ ਕੀ ਉਹ ਆਪਣੇ ਪਿੱਤਰੀ ਸੂਬੇ ਵਿੱਚ ਵਾਪਸੀ ਕਰਨ ਦੇ ਚਾਹਵਾਨ ਹਨ ਜਾਂ ਨਹੀਂ।
 

ਮੁੱਖ ਮੰਤਰੀ ਨੇ ਕਿਹਾ, "ਇਹ ਇਸ ਤੱਥ ਦੇ ਮੱਦੇਨਜ਼ਰ ਕੀਤਾ ਜਾ ਰਿਹਾ ਹੈ ਕਿ ਪਿਛਲੇ 3-4 ਦਿਨਾਂ ਤੋਂ ਸੂਬੇ ਵਿੱਚ ਦੋ ਤਿਹਾਈ ਉਦਯੋਗਿਕ ਇਕਾਈਆਂ ਨੇ ਬੰਦਿਸ਼ਾਂ ਵਿੱਚ ਢਿੱਲ ਦੇਣ ਤੋਂ ਬਾਅਦ ਕੰਮ ਸ਼ੁਰੂ ਕਰ ਦਿੱਤਾ ਹੈ ਜਿਸ ਉਪਰੰਤ ਪੰਜਾਬ ਤੋਂ ਬਾਹਰ ਜਾਣ ਦੇ ਚਾਹਵਾਨ ਵਿਅਕਤੀਆਂ ਦੀ ਗਿਣਤੀ ਵਿੱਚ ਵੱਡੀ ਕਮੀ ਆਈ ਹੈ।" ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਸਵਾਗਤੀ ਸੰਕੇਤ ਕਰਾਰ ਦਿੱਤਾ।
 

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਉਦੋਂ ਤਕ ਸਬੰਧਤ ਸੂਬਿਆਂ ਲਈ ਰੇਲਾਂ ਚਲਾਏ ਜਾਣ ਨੂੰ ਜਾਰੀ ਰੱਖੇਗੀ ਜਦੋਂ ਤੱਕ ਇਨਾਂ ਲੋਕਾਂ ਵੱਲੋਂ ਆਪਣੇ ਸੂਬਿਆਂ ਨੂੰ ਜਾਣ ਦੀ ਇੱਛਾ ਪ੍ਰਗਟਾਈ ਜਾਵੇਗੀ। ਮੁੱਖ ਮੰਤਰੀ ਨੇ ਨਾਲ ਹੀ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਪਿੱਤਰੀ ਸੂਬਿਆਂ ਨੂੰ ਵਾਪਸ ਜਾਣ ਦੇ ਇਛੁੱਕ ਪਰਵਾਸੀ ਕਿਰਤੀਆਂ ਨੂੰ ਵਾਪਸ ਭੇਜਣ ਲਈ ਖਾਣਾ ਅਤੇ ਯਾਤਰਾ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਉਣ ਲਈ ਅਪ੍ਰੈਲ ਦੇ ਅੰਤ ਵਿੱਚ ਲਏ ਫੈਸਲੇ ਤੋਂ ਬਾਅਦ ਇਨਾਂ ਕਿਰਤੀਆਂ ਨੂੰ ਸਬੰਧਤ ਸੂਬਿਆਂ ਨੂੰ ਭੇਜਣ ਲਈ ਮੁਫ਼ਤ ਯਾਤਰਾ ਦੀ ਸਹੂਲਤ ਲਈ ਸੂਬਾ ਸਰਕਾਰ ਪਹਿਲਾਂ ਹੀ ਰੇਲਵੇ ਨੂੰ 20 ਕਰੋੜ ਦੀ ਅਦਾਇਗੀ ਕਰ ਚੁੱਕੀ ਹੈ।
 

ਮੁੱਖ ਮੰਤਰੀ ਨੇ ਸਾਂਝਾ ਕੀਤਾ ਕਿ ਅੱਜ 300ਵੀਂ ਸ਼ਰਮਿਕ ਰੇਲ ਗੱਡੀ ਪਟਿਆਲਾ ਤੋਂ ਸ਼ਾਮ 5  ਵਜੇ ਉੱਤਰ ਪ੍ਰਦੇਸ਼ ਲਈ ਰਵਾਨਾ ਹੋ ਚੁੱਕੀ ਹੈ। ਉਨਾਂ ਕਿਹਾ ਕਿ ਐਤਵਾਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਵੱਖ-ਵੱਖ ਸੂਬਿਆਂ ਜਿਨਾਂ ਵਿੱਚ ਦੱਖਣੀ ਭਾਰਤੀ ਅਤੇ ਉੱਤਰ-ਪੂਰਬੀ ਸੂਬੇ ਵੀ ਸ਼ਾਮਲ ਹਨ, ਲਈ 311 ਸ਼੍ਰਮਿਕ ਰੇਲ ਗੱਡੀਆਂ ਰਾਹੀਂ 3.90 ਲੱਖ ਪ੍ਰਵਾਸੀ ਕਿਰਤੀਆਂ ਨੂੰ ਭੇਜਿਆ ਜਾ ਚੁੱਕਾ ਹੈ।
 

ਪੰਜਾਬ ਵਿੱਚ ਪ੍ਰਵਾਸੀ ਕਿਰਤੀਆਂ ਨੂੰ ਉਨਾਂ ਦੇ ਘਰ ਤੋਂ ਲੈ ਕੇ ਰੇਲਵੇ ਸਟੇਸ਼ਨਾਂ ਤੱਕ ਸਰਕਾਰੀ ਬੱਸਾਂ ਰਾਹੀਂ ਆਵਾਜਾਈ ਦੀ ਮੁਫ਼ਤ ਸਹੂਲਤ ਦਿੱਤੀ ਜਾ ਰਹੀ ਹੈ। ਸੂਬਾ ਸਰਕਾਰ ਵੱਲੋਂ ਸਰਕਾਰੀ ਬੱਸਾਂ ਰਾਹੀਂ ਪਰਵਾਸੀ ਕਿਰਤੀਆਂ ਨੂੰ ਪੱਛਮੀ  ਉੱਤਰ ਪ੍ਰਦੇਸ਼ ਦੇ ਜ਼ਿਲਿਆਂ ਤੱਕ ਬਿਨਾਂ ਕਿਰਾਇਆ ਵਸੂਲੇ ਭੇਜਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿ ਸੂਬਾ ਹੈੱਡਕੁਆਰਟਰ ਅਤੇ ਜ਼ਿਲਿਆਂ ਵਿੱਚ ਤਾਇਨਾਤ ਪੰਜਾਬ ਦੇ ਅਧਿਕਾਰੀਆਂ ਵੱਲੋਂ ਪਰਵਾਸੀਆਂ ਨੂੰ ਸੁਚਾਰੂ ਢੰਗ ਨਾਲ ਉਨਾਂ ਦੇ ਪਿੱਤਰੀ ਸੂਬਿਆਂ ਤੱਕ ਪਹੁੰਚਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਗਿਆ ਹੈ।
 

ਇਸੇ ਸਮੇਂ ਪੰਜਾਬ ਸਰਕਾਰ ਵੱਲੋਂ ਦੂਜੇ ਸੂਬਿਆਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ ਅਤੇ ਜਿੱਥੇ ਯਾਤਰਾ ਲਈ ਵਿੱਤੀ ਸਹਾਇਤਾ ਦੀ ਜ਼ਰੂਰਤ ਪੈਂਦੀ ਹੈ, ਉਥੇ ਮੁਹੱਈਆ ਕਰਵਾਈ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਵੱਲੋਂ ਉਮੀਦ ਜਤਾਈ ਗਈ ਕਿ ਹੋਰਨਾਂ ਰਾਜਾਂ, ਜਿਥੇ ਸਾਡੇ ਲੋਕ ਫਸੇ ਹੋਏ ਹਨ, ਦੀਆਂ ਸਰਕਾਰਾਂ ਇਨਾਂ ਨੂੰ ਆਵਾਜਾਈ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਜ਼ਿੰਮੇਵਾਰੀ ਨਿਭਾਉਣਗੀਆਂ।
 

ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਵੱਲੋਂ ਪਹਿਲਾਂ ਹੀ ਇਸ ਸਬੰਧੀ ਸਬੰਧਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਪੱਤਰ ਲਿਖੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਪੰਜਾਬ ਸਾਰੇ ਪੰਜਾਬੀਆਂ ਦੀ ਮਾਤ ਭੂਮੀ ਹੈ ਅਤੇ ਉਨ੍ਹਾਂ ਨੂੰ ਵਾਪਸ ਲਿਆਉਣਾ ਸਾਡਾ ਫਰਜ਼ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER ASKS DC and POLICE TO ENSURE NO MIGRANT FORCED TO WALK HOME TO OTHER STATE OR GOES HUNGRY