ਕਿਸਾਨਾਂ ਦੀ ਆਮਦਨ ਵਧਾਉਣ ਦੇ ਉਦੇਸ਼ ਨਾਲ ਡੇਅਰੀ ਸੈਕਟਰ ਨੂੰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਯੋਜਨਾ ਉਲੀਕਣ ਵਾਸਤੇ ਉਚ ਤਾਕਤੀ ਕਮੇਟੀ ਦਾ ਐਲਾਨ ਕੀਤਾ ਹੈ।
ਅੱਜ ਇੱਥੇ ਪਸ਼ੂ ਪਾਲਣ, ਡੇਅਰੀ ਅਤੇ ਮੱਛੀ ਪਾਲਣ ਦੇ ਖੇਤਰਾਂ ਨਾਲ ਸਬੰਧਤ ਸੂਬੇ ਦੇ ਵਿਕਾਸ ਪ੍ਰਾਜੈਕਟਾਂ ਅਤੇ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਤੋਂ ਬਾਅਦ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮਤੰਰੀ ਅਮਰਿੰਦਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ 5-ਮੈਂਬਰੀ ਕਮੇਟੀ ਦੇ ਗਠਨ ਲਈ ਲੋੜੀਂਦੀਆਂ ਰਸਮਾਂ ਮੁਕੰਮਲ ਕਰਨ ਲਈ ਆਖਿਆ।
HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।
ਇਹ ਕਮੇਟੀ ਪੰਜਾਬ ਰਾਜ ਕਿਸਾਨ ਕਮਿਸ਼ਨ ਦੇ ਚੇਅਰਮੈਨ, ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ, ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਅਤੇ ਗੁਰੂ ਅੰਗਦ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਯੂਨੀਵਰਸਿਟੀ, ਲੁਧਿਆਣਾ ਦੇ ਇਕ ਨੁਮਾਇੰਦੇ ’ਤੇ ਆਧਾਰਤ ਹੋਵੇਗੀ। ਇਹ ਕਮੇਟੀ ਸਹਾਇਕ ਕਿੱਤਿਆਂ ਰਾਹੀਂ ਕਿਸਾਨਾਂ ਦੀ ਆਮਦਨ ਵਧਾਉਣ ਦੇ ਮਕਸਦ ਨਾਲ ਖੇਤੀਬਾੜੀ ਵੰਨ-ਸੁਵੰਨਤਾ ਨੂੰ ਉਤਸ਼ਾਹਤ ਕਰਨ ਲਈ ਸੁਝਾਅ ਦੇਵੇਗੀ।
ਮੁੱਖ ਮੰਤਰੀ ਨੇ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੈਵੀਰ ਜਾਖੜ ਨੂੰ ਇਜ਼ਰਾਈਲ ਦੇ ਡੇਅਰੀ ਫਾਰਮਿੰਗ ਦੇ ਮਾਹਿਰ ਯੇਹੁਦਾ ਸਪਰੈਚਰ ਦੀਆਂ ਸੇਵਾਵਾਂ ਪਸ਼ੂ ਪਾਲਣ ਵਿਭਾਗ ਦੇ ਸਲਾਹਕਾਰ ਵਜੋਂ ਹਾਸਲ ਕਰਨ ਲਈ ਆਖਿਆ। ਸ੍ਰੀ ਸਪਰੈਚਰ ਵੀ ਇਸ ਮੀਟਿੰਗ ਵਿੱਚ ਸ਼ਾਮਲ ਸਨ।
ਕੈਪਟਨ ਅਮਰਿੰਦਰ ਸਿੰਘ ਨੇ ਪਸ਼ੂ ਪਾਲਣ ਵਿਭਾਗ ਨੂੰ ਗੁਰੂ ਅੰਗਦ ਦੇਵ ਯੂਨੀਵਰਸਿਟੀ ਨਾਲ ਮਿਲ ਕੇ ਆਪਣੇ ਉਪਰਾਲੇ ਤੇ ਪ੍ਰੋਗਰਾਮਾਂ ਸਬੰਧੀ ਜਾਣਕਾਰੀ ਡੇਅਰੀ ਕਿਸਾਨਾਂ ਤੱਕ ਪਹੁੰਚਾਉਣ ਲਈ ਆਖਿਆ।
HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।
https://www.facebook.com/hindustantimespunjabi/
ਉਨ੍ਹਾਂ ਨੇ ਵਿਭਾਗ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਕੋਲ ਪਹੁੰਚ ਕਰਕੇ ਮਧੂ ਮੱਖੀ ਪਾਲਣ, ਸੂਰ ਪਾਲਣ, ਬੱਕਰੀ ਪਾਲਣ ਆਦਿ ਕਿੱਤਿਆਂ ਨੂੰ ਉਤਸ਼ਾਹਤ ਕਰਨ ਲਈ ਸੰਭਾਵਨਾਵਾਂ ਤਲਾਸ਼ਣ ਵਾਸਤੇ ਆਖਿਆ ਤਾਂ ਕਿ ਕਿਸਾਨਾਂ ਦੀ ਆਰਥਿਕ ਸਥਿਰਤਾ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕੇ।
ਇਸ ਮੌਕੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਵਧੀਕ ਮੁੱਖ ਸਕੱਤਰ ਪਸ਼ੂ ਪਾਲਣ ਐਨ.ਐਸ. ਕਲਸੀ ਆਦਿ ਹਾਜ਼ਰ ਸਨ।
/