ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਵੱਲੋਂ ਕੇਂਦਰ ਦੇ ਅਖੌਤੀ ਖੇਤੀ ਸੁਧਾਰਾਂ ਦੀ ਮੁਖਾਲਫ਼ਤ, ਆਰਡੀਨੈਂਸ ਨੂੰ ਕੌਮੀ ਸੰਘੀ ਢਾਂਚੇ 'ਤੇ ਹਮਲਾ ਕਰਾਰ

ਘੱਟੋ-ਘੱਟ ਸਮਰਥਨ ਮੁੱਲ ਅਤੇ ਫ਼ਸਲੀ ਖ਼ਰੀਦ ਵਿਵਸਥਾ ਨੂੰ ਖ਼ਤਮ ਕਰਨ ਵਾਲੇ ਹਰੇਕ ਕਦਮ ਵਿਰੁਧ ਚੇਤਾਵਨੀ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਖੇਤਰ ਲਈ ਐਲਾਨੇ ਅਖੌਤੀ ਸੁਧਾਰਾਂ ਨੂੰ ਮੁਲਕ ਦੇ ਸੰਘੀ ਢਾਂਚੇ ਨੂੰ ਖੋਰਾ ਲਾਉਣ ਅਤੇ ਅਸਥਿਰ ਕਰਨ ਲਈ ਢੀਠਤਾ ਵਾਲਾ ਇਕ ਹੋਰ ਯਤਨ ਆਖਦਿਆਂ ਰੱਦ ਕੀਤਾ। ਮੁੱਖ ਮੰਤਰੀ ਨੇ ਚੇਤਾਵਨੀ ਦਿੱਤੀ ਕਿ ਇਸ ਨਾਲ ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਖ਼ਰੀਦ ਵਿਵਸਥਾ ਦੇ ਖ਼ਾਤਮੇ ਦਾ ਮੁੱਢ ਬੱਝੇਗਾ ਅਤੇ ਸੂਬੇ ਦੇ ਕਿਸਾਨਾਂ ਅੰਦਰ ਬੇਚੈਨੀ ਪੈਦਾ ਹੋਵੇਗੀ।


ਭਾਰਤ ਦੇ ਸੰਵਿਧਾਨ ਤਹਿਤ ਸੁਰੱਖਿਅਤ ਸੂਬਿਆਂ ਦੇ ਅਧਿਕਾਰਾਂ ਨੂੰ ਦਬਾਉਣ ਵਾਲੇ ਕੇਂਦਰ ਦੇ ਇਸ ਫੈਸਲੇ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਭਾਰਤ ਸਰਕਾਰ ਦੇ ਮੁਲਕ ਦੇ ਸੰਘੀ ਢਾਂਚੇ ਨੂੰ ਕਮਜ਼ੋਰ ਕਰਨ ਵਾਲੇ ਹਰ ਕਦਮ ਵਿਰੁਧ ਲੜੇਗਾ ਜਿਸ ਨਾਲ ਸੂਬੇ ਦੇ ਮਜ਼ਬੂਤ ਖੇਤੀ ਉਤਪਾਦਨ ਅਤੇ ਮਾਰਕੀਟਿੰਗ ਵਿਵਸਥਾ ਵਿੱਚ ਸਿੱਧਾ ਜਾਂ ਨੁਕਸਾਨਦਾਇਕ ਦਖ਼ਲ ਦਿੱਤਾ ਜਾ ਰਿਹਾ ਹੋਵੇ।

 

ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹਾ ਫ਼ੈਸਲਾ ਮੁਲਕ ਦੀ ਅੰਨ ਸੁਰੱਖਿਆ, ਜਿਸ ਨੂੰ ਬਹਾਲ ਰੱਖਣ ਲਈ ਹਰੀ ਕ੍ਰਾਂਤੀ ਤੋਂ ਹੀ ਪੰਜਾਬ ਦੇ ਨਿਰਸਵਾਰਥ ਕਿਸਾਨਾਂ ਨੇ ਸਖ਼ਤ ਮਿਹਨਤ ਕੀਤੀ ਹੈ, ਨੂੰ ਬੁਰੀ ਤਰ੍ਹਾਂ ਅਤੇ ਨਾਂਹਪੱਖੀ ਢੰਗ ਨਾਲ ਪ੍ਰਭਾਵਿਤ ਕਰੇਗਾ।


ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਦਾ ਸੰਘੀ ਢਾਂਚਾ ਕੇਂਦਰ ਅਤੇ ਸੂਬਿਆਂ ਦੀਆਂ ਜ਼ਿੰਮੇਵਾਰੀਆਂ ਅਤੇ ਭੂਮਿਕਾ ਨੂੰ ਸਪੱਸ਼ਟ ਰੂਪ ਵਿੱਚ ਨਿਰਧਾਰਤ ਕਰਦਾ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਵਿਵਸਥਾ ਤਹਿਤ ਖੇਤੀਬਾੜੀ ਸੂਬੇ ਦਾ ਵਿਸ਼ਾ ਹੈ ਅਤੇ ਕੇਂਦਰ ਸਰਕਾਰ ਪਾਸ ਅਜਿਹਾ ਕਾਨੂੰਨ ਬਣਾਉਣ ਲਈ ਕੋਈ ਸ਼ਕਤੀਆਂ ਨਹੀਂ ਜਿਸ ਨਾਲ ਖੇਤੀਬਾੜੀ ਉਤਪਾਦਨ, ਮਾਰਕੀਟਿੰਗ ਅਤੇ ਪ੍ਰੋਸੈਸਿੰਗ ਦੀ ਗਤੀਸ਼ੀਲਤਾ ਨਾਲ ਨਜਿੱਠਿਆ ਜਾ ਸਕੇ। 

 

ਉਨ੍ਹਾਂ ਕਿਹਾ ਕਿ ਇਹ ਮਸਲੇ ਸੂਬਿਆਂ ਦੇ ਹਨ ਜਿਨ੍ਹਾਂ ਨੂੰ ਸੂਬੇ ਨਿੱਜੀ ਪੱਧਰ 'ਤੇ ਬਿਹਤਰੀ ਨਾਲ ਨਜਿੱਠ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨੀ ਪੈਦਾਵਰ, ਵਪਾਰ ਅਤੇ ਵਣਜ (ਉਥਾਨ ਅਤੇ ਸਹੂਲਤ) ਆਰਡੀਨੈਂਸ-2020 ਕੇਂਦਰ ਸਰਕਾਰ ਦੀ ਪੱਧਰ 'ਤੇ ਉੱਚ ਦਰਜੇ ਦਾ ਨਾਂਹ-ਪੱਖੀ ਫ਼ੈਸਲਾ ਹੈ।

 

ਇਸ ਤੱਥ 'ਤੇ ਜ਼ੋਰ ਦਿੰਦਿਆਂ ਕਿ ਇਹ ਫ਼ੈਸਲਾ ਪੰਜਾਬ ਨੂੰ ਨੁਕਸਾਨ ਪਹੁੰਚਾਏਗਾ, ਮੁੱਖ ਮੰਤਰੀ ਨੇ ਵੀਡੀਓ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੇਂਦਰ ਦੇ ਅਚਾਨਕ ਫ਼ੈਸਲੇ ਲੈਣ ਅਤੇ ਰਾਜਾਂ ਦਾ ਪੱਖ ਜਾਣੇ ਵਗ਼ੈਰ ਇਨ੍ਹਾਂ ਨੂੰ ਸੂਬਿਆਂ 'ਤੇ ਥੋਪਣ ਦੀ ਆਦਤ ਸੂਬੇ ਦੇ ਸੰਘੀ ਢਾਂਚੇ ਦੇ ਨਿਯਮਾਂ ਦੀ ਉਲੰਘਣਾ ਹੈ।


ਆਪਣੇ ਬਿਆਨ ਵਿੱਚ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕੋਵਿਡ ਮਹਾਂਮਾਰੀ ਦੇ ਸੰਕਟ ਦੌਰਾਨ ਕੇਂਦਰ ਸਰਕਾਰ ਦੇ ਅਜਿਹੇ ਕਦਮ ਆਰਥਿਕ, ਸਮਾਜਿਕ, ਕਾਨੂੰਨ ਅਤੇ ਵਿਵਸਥਾ ਲਈ ਗੰਭੀਰ ਨਤੀਜੇ ਪੈਦਾ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦਾ ਕੋਈ ਲਾਭ ਨਹੀਂ ਅਤੇ ਇਸ ਕਾਨੂੰਨੀ ਤਬਦੀਲੀ ਨਾਲ ਕਿਸਾਨਾਂ ਦਾ ਵਪਾਰੀਆਂ ਹੱਥੋਂ ਨੁਕਸਾਨ ਹੋਵੇਗਾ। 


ਉਨ੍ਹਾਂ ਕਿਹਾ ਕਿ ਝਗੜਿਆਂ ਦੇ ਨਿਪਟਾਰੇ ਲਈ ਕੋਈ ਵਿਵਸਥਾ ਨਹੀਂ ਬਣਾਈ ਗਈ ਅਤੇ ਨਾ ਹੀ ਸੂਬਾ ਸਰਕਾਰਾਂ ਨਾਲ ਇਸ ਸਬੰਧੀ ਕੋਈ ਵਿਚਾਰ-ਵਟਾਂਦਰਾ ਕੀਤਾ ਹੈ ਜਿਨ੍ਹਾਂ ਨੂੰ ਕੇਂਦਰ ਦੇ ਜਲਦਬਾਜ਼ੀ 'ਚ ਉਠਾਏ ਇਸ ਕਦਮ ਦੇ ਨਤੀਜੇ ਭੁਗਤਣ ਲਈ ਛੱਡ ਦਿੱਤਾ ਗਿਆ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER OPPOSES CENTRE SO-CALLED AGRI REFORMS TERMS ORDINANCE AS ATTACK ON NATION FEDERAL STRUCTURE