ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CAA ਵਿਰੁਧ ਲੋਕਾਂ ਦਾ ਗੁੱਸਾ ਸੁਭਾਵਿਕ, ਲੋਕਾਂ 'ਚ ਗੁੱਸਾ ਹੋਰ ਵਧੇਗਾ: ਕੈਪਟਨ 

ਕਿਹਾ, ਅਮਰੀਕੀ ਰਾਸ਼ਟਰਪਤੀ ਦੇ ਸਵਾਗਤ ਦੌਰਾਨ ਸੋਨੀਆ ਗਾਂਧੀ ਨੂੰ ਨਾ ਸੱਦਣਾ ਬਹੁਤ ਮੰਦਭਾਗਾ

 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਸਬੰਧੀ ਅਜਿਹੀ ਜਨਤਕ ਪ੍ਰਤੀਕਿਰਿਆ ਦੀ ਉਮੀਦ ਕੀਤੀ ਜਾਣੀ ਸੁਭਾਵਿਕ ਹੈ ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ ਇਸ ਸਖ਼ਤ ਕਾਨੂੰਨ ਨੂੰ ਲਾਗੂ ਕਰਕੇ ਭਾਰਤ ਦੇ ਸੰਵਿਧਾਨਕ ਅਤੇ ਸਮਾਜਿਕ ਤਾਣੇ ਬਾਣੇ ਨੂੰ ਬਿਖੇਰਨ ਦੀ ਕੋਸ਼ਿਸ਼ ਕਰ ਰਹੀ ਹੈ।

 

ਵਿਧਾਨ ਸਭਾ ਦੇ ਬਾਹਰ ਗ਼ੈਰ ਰਸਮੀ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇੱਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੀ.ਏ.ਏ., ਐਨ.ਆਰ.ਸੀ. ਅਤੇ ਐਨ.ਪੀ.ਆਰ. ਨੂੰ ਲਾਗੂ ਕਰਨ ਦੀਆਂ ਆਪਣੀਆਂ ਯੋਜਨਾਵਾਂ ਸਬੰਧੀ ਲੋਕਾਂ ਦੀ ਸੰਭਾਵਿਤ ਪ੍ਰਤੀਕਿਰਿਆਵਾਂ ਦਾ ਅੰਦਾਜ਼ਾ ਲਗਾਉਣ ਵਿੱਚ ਅਸਫ਼ਲ ਰਹੀ ਹੈ।


ਉਨ੍ਹਾਂ ਕਿਹਾ ਕਿ ਸਮਾਜਵਾਦ ਅਤੇ ਧਰਮ ਨਿਰਪੱਖਤਾ ਵਾਲੇ ਦੇਸ਼ ਦੇ ਜਮਹੂਰੀ ਆਦਰਸ਼ਾਂ ਨੂੰ ਕੁਚਲਣ ਦੀ ਕੇਂਦਰ ਦੀ ਕੋਸ਼ਿਸ਼ 'ਤੇ ਪ੍ਰਤੀਕਿਰਿਆ ਹੋਣਾ ਲਾਜ਼ਮੀ ਸੀ। ਉਨ੍ਹਾਂ ਕਿਹਾ ਕਿ  ਜਦੋਂ ਤੱਕ ਕੇਂਦਰ ਸਰਕਾਰ ਆਪਣੀ ਗ਼ਲਤੀ ਦਾ ਅਹਿਸਾਸ ਨਹੀਂ ਕਰਦੀ ਅਤੇ ਇਸ ਕਾਨੂੰਨ ਨੂੰ ਹਟਾ ਨਹੀਂ ਦਿੰਦੀ ਉਦੋਂ ਤੱਕ ਲੋਕਾਂ ਦਾ ਗੁੱਸਾ ਖ਼ਤਮ ਨਹੀਂ ਹੋਵੇਗਾ ਬਲਕਿ ਹੋਰ ਵੱਧਦਾ ਜਾਵੇਗਾ।

 

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭਾਰਤ ਦੌਰੇ 'ਤੇ ਆਏ ਅਮਰੀਕੀ ਰਾਸ਼ਟਰਪਤੀ ਦੀ ਮੇਜ਼ਬਾਨੀ ਵਿੱਚ ਰੱਖੇ ਰਾਤਰੀ ਭੋਜ ਮੌਕੇ ਨਾ ਸੱਦਣ ਸਬੰਧੀ ਕੇਂਦਰ ਦੇ ਫ਼ੈਸਲੇ ਬਾਰੇ ਪੁੱਛੇ ਜਾਣ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਮੰਦਭਾਗਾ ਦੱਸਿਆ ਅਤੇ ਕਿਹਾ ਕਿ ਕਾਂਗਰਸ ਸਰਕਾਰ ਸਮੇਂ ਅਜਿਹਾ ਕਦੇ ਨਹੀਂ ਹੋਇਆ।

 

ਇਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਪ੍ਰਥਮ ਅਮਰੀਕੀ ਮਹਿਲਾ ਦੇ ਦਿੱਲੀ ਵਿਚਲੇ ਸਕੂਲਾਂ ਦੇ ਦੌਰੇ ਸਮੇਂ ਦਿੱਲੀ ਦੇ ਮੁੱਖ ਮੰਤਰੀ ਨੂੰ ਸੱਦਿਆ ਜਾਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਹਾਲਾਂਕਿ ਉਹ 'ਆਪ' ਦੀਆਂ ਨੀਤੀਆਂ ਦੇ ਸਮਰਥਕ ਨਹੀਂ ਹਨ, ਪਰ ਜਦੋਂ ਇੱਕ ਵੀਆਈਪੀ, ਜਿਵੇਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤੀ ਦੌਰੇ 'ਤੇ ਹੈ ਅਤੇ ਉਨ੍ਹਾਂ ਦੀ ਪਤਨੀ ਕਿਸੇ ਸੂਬੇ ਦੇ ਸਕੂਲਾਂ ਦਾ ਦੌਰਾ ਕਰਨ ਜਾ ਰਹੀ ਹੈ ਤਾਂ ਅਜਿਹੇ ਮੌਕੇ ਉਸ ਸੂਬੇ ਦੇ ਮੁੱਖ ਮੰਤਰੀ ਨੂੰ ਸੱਦਣਾ ਦਸਤੂਰ ਬਣਦਾ ਹੈ।

 

ਐਸ.ਐਸ. ਬੋਰਡ ਦੇ ਸਾਬਕਾ ਮੈਂਬਰ ਅਤੇ ਅਕਾਲੀ ਨੇਤਾ ਅਨਵਰ ਮਸੀਹ ਖਿਲਾਫ ਨਸ਼ਿਆਂ ਦੇ ਦੋਸ਼ਾਂ ਦੀ ਜਾਂਚ ਬਾਰੇ ਪੁੱਛੇ ਜਾਣ 'ਤੇ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਸਬੰਧੀ ਜਾਂਚ ਜਾਰੀ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:CAPT AMARINDER SAYS PUBLIC ANGST AGAINST CAA NATURAL WILL GROW TILL CENTRE WITHDRAWS DRACONIAN LAW